ਚੰਡੀਗੜ੍ਹ: ਸੋਸ਼ਲ ਮੀਡੀਆ ਉੱਤੇ ਇੱਕ ਪੱਤਰ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਲਿਖਿਆ ਗਿਆ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਨੇ ਪੰਜਾਬ ਗਾਇਕ ਅਤੇ ਅਦਾਕਾਰ ਕਰਮਜੀਤ ਅਨਮੋਲ ਨੂੰ ਫਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ ਹੈ। ਇਸ ਪੱਤਰ ਦਾ ਆਮ ਆਦਮੀ ਪਾਰਟੀ ਦੇ ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਖੰਡਨ ਕੀਤਾ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਅਫ਼ਵਾਹਾਂ ਉੱਤੇ ਯਕੀਨ ਨਾ ਕਰਨ।
ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਜਾਣਕਾਰੀ ਕੀਤੀ ਸਾਂਝੀ
ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਇੱਕ ਵੀਡੀਓ ਜਾਰੀ ਕਰਦੇ ਹੋਏ ਕਿਹਾ ਕਿ “ਫਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਦੀ ਸੰਗਤ ਨੂੰ ਇੱਕ ਜਾਣਕਾਰੀ ਦੇਣਾ ਚਾਹੁੰਦਾ ਹਾਂ ਕਿ ਇੱਕ ਪੱਤਰ ਸੋਸ਼ਲ ਮੀਡੀਆ ਉੱਤੇ ਬਹੁਤ ਵਾਇਰਲ ਹੋ ਰਿਹਾ ਹੈ ਜੋ ਆਮ ਆਦਮੀ ਪਾਰਟੀ ਦੇ ਪੱਤਰਾਂ ਵਰਗਾ ਹੀ ਹੈ। ਪੱਤਰ ਵਿੱਚ ਲਿਖਿਆ ਗਿਆ ਹੈ ਕਿ ਅਦਾਕਾਰ ਕਰਮਜੀਤ ਅਨਮੋਲ ਨੂੰ ਫਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਹ ਖਬਰ ਅਤੇ ਪੱਤਰ ਬਿੱਲਕੁਲ ਝੂਠਾ ਹੈ। ਮੇਰੀ ਹਾਈਕਮਾਨ ਨਾਲ ਗੱਲ ਹੋਈ ਹੈ ਉਨ੍ਹਾਂ ਨੇ ਵੀ ਇਸ ਨੂੰ ਫਰਜ਼ੀ ਅਤੇ ਝੂਠਾ ਕਰਾਰ ਦਿੱਤਾ ਹੈ।”
ਵਿਧਾਇਕ ਨੇ ਲੋਕਾਂ ਨੂੰ ਕੀਤੀ ਅਪੀਲ
ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਕਿਹਾ “ਸਾਥੀਓ ਜਦੋਂ ਵੀ ਪਾਰਟੀ ਅਜਿਹੀ ਕੋਈ ਜਾਣਕਾਰੀ ਸਾਂਝੀ ਕਰਦੀ ਤਾਂ ਉਹ ਆਮ ਆਦਮੀ ਪਾਰਟੀ ਦੇ ਪੇਜ਼ ਉੱਤੇ ਹੀ ਸ਼ੇਅਰ ਹੁੰਦੀ ਹੈ। ਇਸ ਤਰ੍ਹਾਂ ਦੀਆਂ ਝੂਠੀਆਂ ਅਫ਼ਵਾਹਾਂ ਤੋਂ ਬਚਿਆ ਜਾਵੇ ਅਤੇ ਫਰਜ਼ੀ ਪੱਤਰਾਂ ਉੱਤੇ ਯਕੀਨ ਨਾਲ ਕੀਤਾ ਜਾਵੇ।”