ਫਰੀਦਕੋਟ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 300 ਅਤੇ ਰਾਜ ਵਿੱਚ ਪੰਜ ਹਜ਼ਾਰ ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਜਾਵੇਗਾ-ਡਾ. ਬਲਬੀਰ ਸਿੰਘ

ਫਰੀਦਕੋਟ, 20 ਅਪ੍ਰੈਲ:   ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ “ਮੁਹਿੰਮ ਤਹਿਤ ਪੂਰੇ ਰਾਜ ਵਿੱਚ ਜਿੱਥੇ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਵੱਡੇ ਪੱਧਰ ਤੇ ਨਸ਼ਿਆਂ ਦੀ ਬਰਾਮਦਗੀ ਕੀਤੀ ਗਈ ਹੈ ਉਥੇ ਹੀ ਰਾਜ ਸਰਕਾਰ ਵੱਲੋਂ ਨਸ਼ਿਆਂ ਤੋਂ ਪੀੜਤ ਲੋਕਾਂ ਦੇ ਇਲਾਜ ਲਈ ਨਸ਼ਾ ਛਡਾਊ ਕੇਂਦਰਾਂ ਵਿੱਚ ਵੱਡੇ ਪੱਧਰ ਤੇ ਪ੍ਰਬੰਧ ਕੀਤੇ ਗਏ ਹਨ ।ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਡੀ.ਸੀ ਦਫਤਰ ਫਰੀਦਕੋਟ ਵਿਖੇ ਜਿਲ੍ਹਾ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ  ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਂਖੋਂ, ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ,ਡਾ. ਪ੍ਰਗਿਆ ਜੈਨ ਐਸ ਐਸ ਪੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

          ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਜਿੱਥੇ ਪੂਰੇ ਸੂਬੇ ਵਿੱਚ ਨਸ਼ਾ ਛੁਡਾਊ ਕੇਂਦਰਾਂ ਵਿੱਚ 5 ਹਜ਼ਾਰ ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ ਉਥੇ ਹੀ ਜ਼ਿਲ੍ਹਾ  ਫਰੀਦਕੋਟ ਦੇ ਨਸ਼ਾ ਛਡਾਊ ਕੇਂਦਰਾਂ ਵਿੱਚ 300 ਹੋਰ ਵਾਧੂ ਬਿਸਤਰਿਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।ਇਸ ਨਾਲ ਨਸ਼ਿਆ ਤੋ ਪੀੜਤ ਲੋਕਾਂ ਨੂੰ ਇਲਾਜ ਲਈ ਵੱਡੀ ਸਹੂਲਤ ਮਿਲੇਗੀ।

          ਸਿਹਤ ਮੰਤਰੀ ਨੇ ਦੱਸਿਆ ਕਿ ਨਸ਼ੇ ਛੱਡਣ ਵਾਲੇ ਵਿਅਕਤੀਆਂ ਨੂੰ ਮੁੜ ਤੋਂ ਮੁੱਖ ਧਾਰਾ ਵਿੱਚ ਸ਼ਾਮਲ ਕਰਕੇ ਬਿਹਤਰ ਜਿੰਦਗੀ ਜਿਉਣ ਦਾ ਮੌਕਾ ਪ੍ਰਦਾਨ ਕਰਨ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਸਕਿੱਲ ਡਿਵੈਲਪਮੈਂਟ ਕੋਰਸ ਵੀ ਸ਼ੁਰੂ ਕਰਵਾਏ ਜਾ ਰਹੇ ਹਨ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਮਰੀਜਾਂ ਲਈ ਯੋਗਾ ਕਲਾਸਾਂ ਤੋਂ ਇਲਾਵਾ ਖੇਡ ਗਤੀਵਿਧੀਆਂ  ਵੀ ਕਰਵਾਈਆਂ ਜਾਣਗੀਆਂ । ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਜ ਵਿੱਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ ਲਈ ਸਕੂਲਾਂ ਦੇ ਪੱਧਰ ਤੋਂ ਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਗਤੀਵਿਧੀਆਂ ਹੋਰ ਤੇਜ਼  ਕੀਤੀਆਂ ਜਾਣ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਮੈਦਾਨ, ਜਿੰਮ ਤੇ ਪਾਰਕ ਬਣਾਏ ਜਾ ਰਹੇ ਹਨ।

ਕੈਬਨਿਟ ਮੰਤਰੀ ਡਾ: ਬਲਬੀਰ ਸਿੰਘ ਨੇ ਸਥਾਨਕ ਸਰਕਾਰਾਂ ਵਿਭਾਗ, ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੱਛਰਾਂ ਤੇ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਤੁਰੰਤ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਦੀ ਨਿਰੰਤਰ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਡੇਂਗੂ, ਚਿਕਨਗੁਣੀਆਂ ਤੇ ਮਲੇਰੀਆ ਦੀ ਰੋਕਥਾਮ ਲਈ ਤੋਂ ਵਿਆਪਕ ਪੱਧਰ ਤੇ ਫੌਗਿੰਗ ਸ਼ੁਰੂ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਸਿਹਤ ਵਿਭਾਗ ਨੂੰ ਕਿਹਾ ਕਿ ਪਿੰਡਾਂ ਦੇ ਛੱਪੜਾਂ ਵਿੱਚ ਗੰਬੂਜੀਆ ਮੱਛੀਆਂ ਛੱਡਣ ਸਬੰਧੀ ਫੌਰੀ ਕਾਰਵਾਈ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਰੋਕਥਾਮ ਲਈ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਤੇ ਪੀਲੀਏ ਦੀ ਰੋਕਥਾਮ ਲਈ ਸ਼ਹਿਰਾਂ-ਪਿੰਡਾਂ ਵਿੱਚ ਵੱਧ ਤੋਂ ਵੱਧ ਪਾਣੀ ਦੇ ਸੈਂਪਲ ਲਏ ਜਾਣ।

ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ  ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਸਰਕਾਰ ਹੈ ਜਿਸ ਨੇ ਸਾਰੇ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦੇਣ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਕਾਰਡ ਬਣਾਉਣ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਇਸ ਯੋਜਨਾਂ ਨੂੰ ਬਹੁਤ ਜਲਦੀ ਅਮਲੀ ਜਾਮਾਂ ਪਹਿਨਾ ਰਹੀ ਹੈ। ਉਨ੍ਹਾਂ ਫਰੀਦਕੋਟ ਪ੍ਰਸ਼ਾਸਨ /ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਫਲਤਾ  ਲਈ ਪਾਏ ਜਾ ਰਹੇ ਯੋਗਦਾਨ ਦੀ ਪ੍ਰਸ਼ੰਸਾ ਵੀ ਕੀਤੀ।

ਸਿਹਤ ਮੰਤਰੀ ਨੇ ਇਹ ਵੀ ਦੱਸਿਆ ਕਿ ਨਸ਼ਾ ਛਡਾਊ ਕੇਂਦਰਾਂ ਬਾਰੇ ਜਾਣਕਾਰੀ , ਇਲਾਜ ਤੇ ਨਸ਼ਾਂ ਪੀੜਤਾਂ ਦੀ ਮੱਦਦ ਲਈ ਜਲਦ ਹੀ ਰਾਜ ਰਾਜ ਪੱਧਰੀ ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ ਜਾਵੇਗਾ।

ਇਸ ਮੌਕੇ ਸੁਖਜੀਤ ਸਿੰਘ ਢਿਲਵਾਂ ਚੇਅਰਮੈਨ ਜਿਲ੍ਹਾ ਪਲੈਨਿੰਗ ਬੋਰਡ  ,ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਨਗਰ ਸੁਧਾਰ ਟਰੱਸਟ, ਚੇਅਰਮੈਨ ਅਮਨਦੀਪ ਸਿੰਘ ਬਾਬਾ ,ਗੁਰਤੇਜ ਸਿੰਘ ਖੋਸਾ ਜਿਲ੍ਹਾ ਪ੍ਰਧਾਨ ਆਪ, ਮੇਜ਼ਰ ਵਰੁਣ ਐੱਸਡੀਐਮ ਫਰੀਦਕੋਟ, ਵਰਿੰਦਰ ਸਿੰਘ ਐੱਸਡੀਐਮ ਕੋਟਕਪੂਰਾ, , ਜੀ.ਜੀ.ਐਸ. ਹਸਪਤਾਲ ਦੀ ਮੈਡੀਕਲ ਸੁਪਰਡੈਂਟ ਡਾ. ਨੀਤੂ ਕੁੱਕੜ, ਪ੍ਰਿੰਸੀਪਲ ਡਾ.ਸੰਜੇ ਗੁਪਤਾ, ਡਾ. ਪਰਮਜੀਤ ਸਿੰਘ ਬਰਾੜ ਐਸ.ਐਮ.ਓ , ਡਾ. ਵਿਸ਼ਵਦੀਪ ਸਿੰਘ ਗੋਇਲ ਡਿਪਟੀ ਮੈਡੀਕਲ ਅਫਸਰ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *