1076 ’ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ : ਡਿਪਟੀ ਕਮਿਸ਼ਨਰ

ਬਠਿੰਡਾ, 31 ਜੁਲਾਈ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ ਹੈਲਪਲਾਈਨ 1076 ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ, ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਦਸੰਬਰ 2023 ਤੋਂ ਲੈ ਕੇ ਹੁਣ ਤੱਕ ਕਰੀਬ 1500 ਲਾਭਪਾਤਰੀ ਇਸ ਸਕੀਮ ਦਾ ਲਾਹਾ ਲੈ ਚੁੱਕੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਹਿਤ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਪੈਨਸ਼ਨ, ਆਮਦਨ ਸਰਟੀਫਿਕੇਟ, ਹਲਫੀਆਂ ਬਿਆਨ, ਭਾਰ ਰਹਿਤ ਸਰਟੀਫਿਕੇਟ, ਜ਼ਮ੍ਹਾਂਬੰਦੀ ਕਢਵਾਉਣ ਸਬੰਧੀ, ਜਮੀਨ ਦੀ ਨਿਸ਼ਾਨਦੇਹੀ, ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਐਸ.ਸੀ., ਬੀ.ਸੀ. ਸਰਟੀਫਿਕੇਟ ਆਦਿ ਵਰਗੀਆਂ ਕੁੱਲ 43 ਸੇਵਾਵਾਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਇਸ ਲਈ ਸੇਵਾ ਕੇਂਦਰ ਤੇ ਲੱਗਣ ਵਾਲੀ ਫੀਸ ਤੋਂ ਇਲਾਵਾ 120 ਰੁਪਏ ਦੀ ਪ੍ਰਤੀ ਸਰਵਿਸ ਵਿਜ਼ਿਟ ਫੀਸ ਅਲੱਗ ਤੋਂ ਲਾਗੂ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੁਵਿਧਾ ਨਾਲ ਆਮ ਲੋਕਾਂ ਦਾ ਦਫ਼ਤਰਾਂ ਵਿੱਚ ਆਉਣ-ਜਾਣ ਨਾਲ ਉਨ੍ਹਾਂ ਦੇ ਸਮੇਂ ਦੀ ਬੱਚਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਨੁਮਾਂਇੰਦੇ ਨਾਗਰਿਕ ਦੇ ਘਰ ਆ ਕੇ ਉਸ ਦੀ ਅਰਜ਼ੀ ਲੈਂਦਾ ਹੈ, ਫੋਟੋ ਤੇ ਹੋਰ ਦਸਤਾਵੇਜ਼ ਪ੍ਰਾਪਤ ਕਰਦਾ ਹੈ ਅਤੇ ਨਾਗਰਿਕ ਦਾ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਉਨ੍ਹਾਂ ਦੇ ਘਰ ਪਹੁੰਚਾਉਂਦਾ ਹੈ।

ਡਿਪਟੀ ਕਮਿਸ਼ਨਰ ਨੇ ਸਮੂਹ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਇਸ ਡੋਰ ਸਟੈੱਪ ਸਰਵਿਸ ਰਾਹੀਂ 1076 ’ਤੇ ਕਾਲ ਕਰਕੇ ਘਰ ਬੈਠੇ ਹੀ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ  ਲਾਹਾ ਲੈਣ ਅਤੇ ਆਪਣੇ ਕੀਮਤੀ ਸਮੇਂ ਦੀ ਬਚਤ ਕਰਨ।

Leave a Reply

Your email address will not be published. Required fields are marked *