ਲੁਧਿਆਣਾ– ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਡ ਮੈਦਾਨ ਵਿਖੇ ਨੈਸ਼ਨਲ ਖੇਡਾਂ ਦਾ ਉਦਘਾਟਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕਰਨ ਉਪਰੰਤ ਧੂਮ-ਧੜੱਕੇ ਨਾਲ ਸ਼ੁਰੂ ਹੋ ਗਈਆਂ।
ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਅਤੇ ਭਾਈਚਾਰਕ ਸਾਂਝ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਦਾ ਉਦੇਸ਼ ਇਮਾਨਦਾਰੀ ਨਾਲ ਖੇਡਣਾ ਅਤੇ ਜਿੱਤਣ ਲਈ ਜੂਝਣਾ ਹੁੰਦਾ ਹੈ ਅਤੇ ਖੇਡਾਂ ਖੇਡਣ ਨਾਲ਼ ਵਿਦਿਆਰਥੀ ਨਸ਼ਿਆਂ ਤੋਂ ਦੂਰ ਰਹਿੰਦੇ ਹਨ। ਇਸੇ ਕਰਕੇ ਸੂਬਾ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡ ਮੈਦਾਨ ਬਣਾ ਰਹੀ ਹੈ।
ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ ਗੋਗੀ, ਦਲਜੀਤ ਸਿੰਘ ਗਰੇਵਾਲ ਭੋਲਾ, ਕੁਲਵੰਤ ਸਿੰਘ ਸਿੱਧੂ ਉਚੇਚੇ ਤੌਰ ‘ਤੇ ਮੌਜੂਦ ਰਹੇ।
ਇਸ ਮੌਕੇ ਸਿੱਖਿਆ ਮੰਤਰੀ ਬੈਂਸ ਵੱਲੋਂ ਫੈਡਰੈਸ਼ਨ ਆਫ ਇੰਡਿਆ ਦਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਉਨ੍ਹਾਂ ਸ਼ਾਂਤੀ ਦੇ ਪ੍ਰਤੀਕ ਗੁਬਾਰੇ ਵੀ ਅਸਮਾਨ ਵੱਲ ਛੱਡੇ। ਵੱਖ-ਵੱਖ ਰਾਜਾਂ ਤੋਂ ਆਏ ਖਿਡਾਰੀਆਂ ਨੇ ਮਾਰਚ ਪਾਸਟ ਕੀਤਾ।
ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ, ਉਂਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਵਿਰਕ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਬਲਦੇਵ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨੋਜ ਕੁਮਾਰ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਕੁਲਵੀਰ ਸਿੰਘ ਵੱਲੋਂ ਕੈਬਨਿਟ ਮੰਤਰੀ ਸ੍ਰੀ ਬੈਂਸ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਇਸ ਉਪਰੰਤ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਕ੍ਰਾਂਤੀਕਾਰੀ ਦੌਰ ਵਿਚ ਪਹੁੰਚ ਚੁੱਕੀ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਬੱਚਿਆਂ ਨੂੰ ਆਈ ਏ ਐਸ, ਯੂ ਪੀ ਐਸ ਈ ਵਰਗੇ ਇਮਤਿਹਾਨਾਂ ਦੀ ਤਿਆਰੀ ਲਈ ਕੋਚਿੰਗ ਦੇਣੀ ਸ਼ੁਰੂ ਕੀਤੀ ਜਾ ਰਹੀ ਹੈ । ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜਰ ਬੱਚਿਆਂ ਦੇ ਇਮਤਿਹਾਨ ਫਰਵਰੀ ਮਹੀਨੇ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸਿੱਖਿਆ ਮੰਤਰੀ ਬੈਂਸ ਵਲੋਂ ਅੰਤਰ ਰਾਸ਼ਟਰੀ ਜੂਡੋ ਖਿਡਾਰਨ ਕੰਵਰਪ੍ਰੀਤ ਕੌਰ ਦਾ ਸਨਮਾਨ ਕੀਤਾ ਗਿਆ।
ਉਦਘਾਟਨੀ ਸਮਾਗਮ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਡਿਪਟੀ ਡਾਇਰੈਕਟਰ ਸੁਸ਼ੀਲ ਭਾਰਦਵਾਜ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਡੀ. ਈ. ਓ. (ਸੈ.ਸਿੱ) ਮੈਡਮ ਡਿੰਪਲ ਮਦਾਨ ਨੇ ਆਏ ਹੋਏ ਮੁੱਖ-ਮਹਿਮਾਨ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਮਤੀ ਸੁਰਭੀ ਮਲਿਕ, ਪੀਏਯੂ ਵਾਈਸ ਚਾਂਸਲਰ ਸਤਵੀਰ ਸਿੰਘ ਗੋਸਲ, ਡਿਪਟੀ ਡੀ. ਈ. ਓ. ਜਸਵਿੰਦਰ ਸਿੰਘ ਵਿਰਕ, ਡੀ. ਈ. ਓ. (ਐਲੀ.) ਬਲਦੇਵ ਸਿੰਘ, ਡਿਪਟੀ ਡੀ. ਈ. ਓ. ਸ੍ਰੀ ਮਨੋਜ ਕੁਮਾਰ, ਜ਼ਿਲ੍ਹਾ ਖੇਡ ਕੋਆਰਡੀਨੇਟਰ ਕੁਲਵੀਰ ਸਿੰਘ, ਖੇਡ ਕੋਚ ਅਜੀਤਪਾਲ ਸਿੰਘ, ਪ੍ਰੋ. ਨਿਰਮਲ ਜੌੜਾ ਹਾਜ਼ਰ ਸਨ। ਪ੍ਰਿੰਸੀਪਲ ਸੰਤੋਖ ਸਿੰਘ ਗਿੱਲ ਨੇ ਮੰਚ ਸੰਚਾਲਨ ਦੀ ਬਾਖੂਬੀ ਭੂਮਿਕਾ ਨਿਭਾਈ।