ਤਿੰਨ ਰੋਜ਼ਾ ਮੁਹਿੰਮ ਤਹਿਤ 72341 ਬੱਚਿਆਂ ਨੂੰ ਪਿਲਾਈਆਂ ਪੋਲਿਓ ਰੋਕੂ ਬੂੰਦਾਂ-ਸਿਵਲ ਸਰਜਨ

ਮਾਨਸਾ 10 ਦਸੰਬਰ  :
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ ਸਿਹਤ ਵਿਭਾਗ ਮਾਨਸਾ ਵੱਲੋਂ 8 ਦਸੰਬਰ ਤੋਂ 10 ਦਸਬੰਰ 2024 ਤੱਕ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਦੀ ਮੁਹਿੰਮ ਦੇ ਤੀਜੇ ਦਿਨ 12842 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਗਈਆਂ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ 72274 ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਸੀ, ਜਿਸ ਲਈ ਪਹਿਲੇ ਦਿਨ 36548 ਬੱਚਿਆਂ, ਦੂਜੇ ਦਿਨ 22951 ਅਤੇ ਤੀਜੇ ਦਿਨ 12842 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾ ਪਿਲਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਕਾਰਜ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ 376 ਰੈਗੂਲਰ ਟੀਮਾਂ, 13 ਟਰਾਂਜਿਟ ਟੀਮਾਂ, 18 ਮੋਬਾਇਲ ਟੀਮਾਂ ਅਤੇ ਸਮੁੱਚੇ ਪ੍ਰੋਗਰਾਮ ਲਈ 73 ਸੁਪਰਵਾਇਜ਼ਰ ਲਗਾਏ ਗਏ ਸਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਪੱਧਰ ਤੋਂ ਪਲਸ ਪੋਲਿਓ ਦੇ ਪ੍ਰੋਗਰਾਮ ਲਈ ਗਠਿਤ ਕੀਤੀਆਂ ਗਈਆਂ ਟੀਮਾਂ ਦੀ ਮੋਨੀਟਰਿੰਗ ਡਾ. ਨਵੇਦਿਤਾ ਵਾਸੂਦੇਵ ਸਰਵੇਲੈਂਸ ਮੈਡੀਕਲ ਅਫਸਰ ਡਬਲਯੂ.ਐਚ.ਓ. ਵੱਲੋਂ ਕੀਤੀ ਗਈ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਮਾਨਸਾ ਡਾ. ਕੰਵਲਪ੍ਰੀਤ ਕੌਰ ਬਰਾੜ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੰਤਵ ਭਾਰਤ ਨੂੰ ਪੋਲੀਓ ਮੁਕਤ ਬਣਾਈ ਰੱਖਣਾ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਗਠਿਤ ਟੀਮਾਂ ਨੂੰ ਹਦਾਇਤਾਂ ਕੀਤੀਆਂ ਗਈਆਂ ਸਨ ਕਿ ਉਹ ਪੂਰੀ ਲਗਨ ਅਤੇ ਤਨਦੇਹੀ ਨਾਲ ਇਸ ਨੂੰ ਨੇਪਰੇ ਚਾੜ੍ਹਨ ਅਤੇ ਕੋਈ ਵੀ ਯੋਗ ਬੱਚਾ ਇਸ ਪੋਲਿਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।

Leave a Reply

Your email address will not be published. Required fields are marked *