ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ, ਵੋਟਰਾਂ ਦੀ ਕੁੱਲ ਗਿਣਤੀ ਹੋਈ 7,55,753

ਮੋਗਾ, 22 ਜਨਵਰੀ-
ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ, 2024 ਦੇ ਅਧਾਰ ਉੱਤੇ ਜ਼ਿਲ੍ਹਾ ਮੋਗਾ ਦੇ ਸਮੂਹ 4 ਵਿਧਾਨ ਸਭਾ ਹਲਕਿਆਂ ਵਿਚ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਰਾਹੀਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ। ਜ਼ਿਲ੍ਹਾ ਮੋਗਾ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਨੂੰ ਅੰਤਿਮ ਪ੍ਰਕਾਸ਼ਿਤ ਫੋਟੋ ਵੋਟਰ ਸੂਚੀਆਂ ਦਾ ਇੱਕ-ਇੱਕ ਸੈੱਟ (ਹਾਰਡ ਕਾਪੀ) ਅਤੇ ਇੱਕ-ਇੱਕ ਸੀ.ਡੀ. (ਸਾਫਟ ਕਾਪੀ ਬਿਨਾ ਫੋਟੋ ਵਾਲੀ ) ਦਿੱਤੀ ਗਈ ਹੈ।
ਇਸ ਸਬੰਧੀ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਵੋਟਰ ਸੂਚੀ ਅਨੁਸਾਰ ਹੁਣ ਜ਼ਿਲ੍ਹਾ ਮੋਗਾ ਵਿੱਚ ਕੁੱਲ 7,55,753 ਵੋਟਰ ਦਰਜ ਕੀਤੇ ਗਏ ਹਨ। ਇਹਨਾਂ ਵਿੱਚ 402618 ਮਰਦ, 353098 ਔਰਤ ਵੋਟਰ ਅਤੇ ਤੀਜੇ ਲਿੰਗ ਵਾਲੇ 37 ਵੋਟਰ ਸ਼ਾਮਿਲ ਹਨ। ਪੋਲਿੰਗ ਸਟੇਸ਼ਨਾਂ ਦੀ ਗਿਣਤੀ 804 ਹੀ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 2637 ਸਰਵਿਸ ਵੋਟਰ ਹਨ।
ਸ੍ਰ. ਕੁਲਵੰਤ ਸਿੰਘ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਉਹ ਵੋਟਰ ਸੂਚੀਆਂ ਦੀ ਫਾਈਨਲ ਪ੍ਰਕਾਸ਼ਨਾ ਤੋਂ ਬਾਅਦ ਪ੍ਰਾਪਤ ਵੋਟਰ ਸੂਚੀ ਵਿਚ ਸ਼ਾਮਿਲ ਨਾਵਾਂ ਦੀ ਚੈਕਿੰਗ ਆਪਣੇ ਪੱਧਰ ਉੱਤੇ ਕਰ ਲੈਣ ਤਾਂ ਜੋ ਕਿਸੇ ਸੰਭਾਵੀ ਉਮੀਦਵਾਰ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਿਲ ਹੋਣ ਤੋਂ ਨਾ ਰਹਿ ਗਿਆ ਹੋਵੇ। ਉਨ੍ਹਾਂ ਸਾਰੀਆਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਪਾਸੋਂ ਆਸ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਵਿੱਚ ਆਪਣਾ ਸਹਿਯੋਗ ਕਰਨਗੀਆਂ। ਉਨ੍ਹਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨੂੰ ਦੱਸਿਆ ਕਿ ਉਹ ਬੂਥ ਲੈਵਲ ਤੇ ਬੂਥ ਲੈਵਲ ਏਜੰਟਾਂ ਦੀ ਨਿਯੁਕਤ ਕਰਨ ਤਾਂ ਜੋ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਅਗਾਮੀ ਲੋਕ ਸਭਾ ਚੋਣਾਂ-2024 ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਉਹਨਾਂ ਕਿਹਾ ਕਿ ਜਿਹਨਾਂ ਨਾਗਰਿਕਾਂ ਦੀ ਉਮਰ ਮਿਤੀ 01 ਜਨਵਰੀ, 2024 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਨਾਂ ਦੀ ਵੋਟ ਨਹੀਂ ਬਣੀ, ਉਹ ਆਪਣੀ ਵੋਟ ਬਣਾਉਣ ਜਾਂ ਦਰੁਸਤੀ ਕਰਾਉਣ ਲਈ ਹਾਲੇ ਵੀ ਕੰਮ-ਕਾਜੇ ਵਾਲੇ ਦਿਨ ਆਪਣੇ ਸਬੰਧਤ ਬੀ ਐਲ ਓ ਕੋਲ ਜਾਂ ਐੱਸ ਡੀ ਐੱਮ ਦਫ਼ਤਰ ਵਿੱਚ ਜਾ ਕੇ ਫਾਰਮ ਭਰ ਕੇ ਦੇ ਸਕਦੇ ਹਨ। ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ ‘ਤੇ ਜਾ ਕੇ ਆਨਲਾਈਨ ਫਾਰਮ ਵੀ ਭਰਿਆ ਜਾ ਸਕਦਾ ਹੈ। ਅਗਰ ਫਿਰ ਵੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਆਉਂਦੀ ਹੈ ਤਾਂ 1950 ਟੋਲ ਫ੍ਰੀ ਨੰਬਰ ‘ਤੇ ਮੁਫ਼ਤ ਫੋਨ ਕਰਕੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਜੇਕਰ ਕਿਸੇ ਵੀ ਵੋਟਰ ਨੂੰ ਆਪਣੇ ਵੋਟਰ ਕਾਰਡ ਵਿੱਚ ਕੋਈ ਵੀ ਦਰੁਸਤੀ ਕਰਵਾਉਣੀ ਹੈ ਜਾਂ ਆਪਣੀ ਵੋਟ ਕਟਵਾਉਣੀ ਹੈ ਤਾਂ ਉਹ ਵੀ ਫਾਰਮ ਭਰ ਕੇ ਦੇ ਸਕਦੇ ਹਨ।
ਇਸ ਮੌਕੇ ਚੋਣ ਤਹਿਸੀਲਦਾਰ ਬਰਜਿੰਦਰ ਸਿੰਘ ਤੋਂ ਇਲਾਵਾ ਵੱਖ ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਜਿਵੇਂ ਕਿ ਸੀ.ਪੀ.ਆਈ (ਐਮ) ਪਾਰਟੀ ਤੋਂ ਸੁਰਜੀਤ ਸਿੰਘ ਗਗੜਾ ਤੇ ਪਰਵੀਨ ਧਵਨ, ਬੀ.ਜੇ.ਪੀ. ਪਾਰਟੀ ਤੋਂ ਹਿਮਾਂਤ ਸਿੰਘ, ਕਾਂਗਰਸ ਤੋਂ ਸੰਜੀਵ ਕੋਛੜ, ਬੀ.ਐਸ.ਪੀ. ਪਾਰਟੀ ਤੋਂ ਗੁਰਪ੍ਰੀਤ ਸਿੰਘ, ਆਮ ਆਦਮੀ ਪਾਰਟੀ ਤੋਂ ਅਮਿਤ ਪੁਰੀ, ਸ਼੍ਰੋਮਣੀ ਅਕਾਲੀ ਦਲ ਪਾਰਟੀ ਤੋਂ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *