ਸੜ੍ਹਕੀ ਹਾਦਸਿਆਂ ਨੂੰ ਰੋਕਣ ਲਈ ਵਿੱਢੀ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਕਰਵਾਇਆ ਜਾਣੂ

ਮਾਨਸਾ, 22 ਜਨਵਰੀ :
ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੜ੍ਹਕਾਂ ’ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਸਿਵਲ ਪ੍ਰਸਾਸ਼ਨ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਏ.ਐਸ.ਆਈ. ਸ਼੍ਰੀ ਸੁਰੇਸ਼ ਕੁਮਾਰ ਦੀ ਅਗਵਾਈ ਵਿੱਚ ਵੱਖ-ਵੱਖ ਥਾਵਾਂ ’ਤੇ ਕੈਂਪ ਲਗਾ ਕੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਟੈ੍ਰਫ਼ਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਗੁਰੂਕੁਲ ਅਕੈਡਮੀ ਕਾਹਨਗੜ੍ਹ ਵਿਖੇ ਲਗਾਏ ਸੈਮੀਨਾਰ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਸੜ੍ਹਕੀ ਹਾਦਸਿਆਂ ਨੂੰ ਰੋਕਣ ਲਈ ਆਵਾਜਾਈ ਦੇ ਨਿਯਮਾਂ ਦੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ ਅਤੇ ਇੰਨ੍ਹਾਂ ਨਿਯਮਾਂ ਦੀ ਪਾਲਣਾ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਬਣਦਾ ਹੈ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਟੈ੍ਰਫ਼ਿਕ ਨਿਯਮਾਂ ਤੋਂ ਜਾਣੂ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਕਈ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਵਾਹਨ ਚਾਲਕਾਂ ਨੂੰ ਹੈਲਮੇਟ ਅਤੇ ਸੀਟ ਬੈਲਟ ਦੇ ਫਾਇਦਿਆਂ ਬਾਰੇ ਚਾਨਣਾ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਸਾਨੂੰ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੇਟ ਅਤੇ ਚਾਰ ਪਹੀਆ ਵਾਹਨ ਚਲਾਉਣ ਸਮੇਂ ਸੀਟ ਬੈਲਟ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਦੌਰਾਨ 40 ਫੀਸਦੀ ਮੌਤਾਂ ਬਿਨ੍ਹਾਂ ਹੈਲਮੇਟ ਕਾਰਨ ਹੋ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਹੈਲਮੇਟ ਅਤੇ ਸੀਟ ਬੈਲਟ ਦੀ ਵਰਤੋਂ ਕਰਨ ਨਾਲ 70 ਫੀਸਦੀ ਸੁਰੱਖਿਆ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸੜਕੀ ਸੁਰੱਖਿਆ ਇੱਕ ਅਹਿਮ ਮੁੱਦਾ ਹੈ ਅਤੇ ਸਾਨੂੰ ਸਭ ਨੂੰ ਇਸ ਸਬੰਧੀ ਸੁਚੇਤ ਹੋ ਕੇ ਰਹਿਣ ਦੀ ਜ਼ਰੂਰਤ ਹੈ।
ਸ਼੍ਰੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਫੇਥ ਆਈਲੈਟਸ ਸੈਂਟਰ ਵਿਖੇ ਵੀ ਵਿਦਿਆਰਥੀਆਂ ਨੂੰ ਸੜ੍ਹਕਾਂ ’ਤੇ ਲਗਾਈਆਂ ਲਾਈਨਾਂ, ਹੈਲਮੇਟ ਅਤੇ ਸੀਟ ਬੈਲਟ ਲਗਾਉਣ ਦੀ ਅਹਿਮੀਅਤ ਬਾਰੇ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਵਾਹਨਾਂ ਪਿੱਛੇ ਰਿਫਲੈਕਟਰ ਲਗਾਏ ਗਏ, ਤਾਂ ਜੋ ਧੁੰਦ ਜਾਂ ਰਾਤ ਸਮੇਂ ਇਨ੍ਹਾਂ ਰਿਫ਼ਲੈਕਟਰਾਂ ਦੀ ਚਮਕ ਨਾਲ ਵਾਹਨ ਦਾ ਪਤਾ ਲੱਗ ਸਕੇ ਅਤੇ ਕਿਸੇ ਵੀ ਅਣਸੁਖਾਵੀਂ ਦੁਰਘਟਨਾ ਨੂੰ ਰੋਕਿਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

Leave a Reply

Your email address will not be published. Required fields are marked *