ਐੱਸ.ਏ.ਐੱਸ. ਨਗਰ, 24 ਜਨਵਰੀ
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ- ਨਿਰਦੇਸ਼ਾਂ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਰਕਾਰੀ ਹਾਈ ਸਕੂਲ ਫੇਜ਼-5, ਮੋਹਾਲੀ ਵਿਖੇ ਪੇਵਰ ਬਲਾਕ ਲਾਉਣ ਦੀ ਸ਼ੁਰੂਆਤ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਨ ਸ਼੍ਰੀਮਤੀ ਪ੍ਰਭਜੋਤ ਕੌਰ ਨੇ ਕਰਵਾਈ, ਜਿਸ ਲਈ ਉਹਨਾਂ ਨੇ ਡੀ.ਪੀ. ਸੀ. ਫੰਡ ਵਿਚੋਂ 04.5 ਲੱਖ ਰੁਪਏ ਦਿੱਤੇ ਹਨ। ਇਸ ਮੌਕੇ ਸ਼੍ਰੀਮਤੀ ਪ੍ਰਭਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਸਕੂਲ ਦੇ ਮੁੱਖ ਗੇਟ ਤੋਂ ਲੈ ਕੇ ਕਲਾਸ ਰੂਮਜ਼ ਤੱਕ ਦੀ ਥਾਂ ਕੱਚੀ ਹੋਣ ਕਾਰਨ ਬਰਸਾਤਾਂ ਵਿੱਚ ਵਿਦਿਆਰਥੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਦੇ ਮੱਦੇਨਜ਼ਰ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਨ ਨੇ ਦੱਸਿਆ ਕਿ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਕਰਨ ਦੇ ਲਈ ਦੇਸ਼ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਵਿਖੇ ਪੜ੍ਹਾਈ ਦਾ ਮਿਆਰ ਅਤੇ ਢੰਗ ਤਰੀਕਿਆਂ ਬਾਰੇ ਜਾਣਕਾਰੀ ਹਾਸਿਲ ਕਰਨ ਦੇ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭੇਜਿਆ ਗਿਆ, ਤਾਂ ਜੋ ਪੰਜਾਬ ਦੇ ਵਿਦਿਆਰਥੀਆਂ ਦੇ ਆਤਮ -ਵਿਸ਼ਵਾਸ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਉਹ ਸਫਲਤਾ ਹਾਸਿਲ ਕਰ ਸਕਣ। ਸ਼੍ਰੀਮਤੀ ਪ੍ਰਭਜੋਤ ਕੌਰ ਨੇ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਤਬਦੀਲੀਆਂ ਲਿਆਉਣ ਵਾਸਤੇ ਯਤਨਸ਼ੀਲ ਹੈ, ਜਿਸ ਵਿੱਚ ਸਕੂਲਾਂ ਦੀਆਂ ਇਮਾਰਤਾਂ ਦੇ ਸੁੰਦਰੀਕਰਨ ਦੇ ਨਾਲ-ਨਾਲ ਸਿੱਖਿਆ ਦੀ ਗੁਣਵੱਤਾ ਦੇ ਸੁਧਾਰ ਵਾਸਤੇ ਵੀ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਪ੍ਰਿੰਸੀਪਲ ਭਾਰਤ ਭੂਸ਼ਨ ਬੇਰੀ, ਯੂਥ ਪ੍ਰਧਾਨ ਅਨੂ ਬੱਬਰ, ਪ੍ਰਭਜੋਤ ਕੌਰ ਜੋਤੀ, ਜਸਪਾਲ ਕਾਉਣੀ, ਰਣਜੀਤਪਾਲ ਸਿੰਘ, ਸੁਰਿੰਦਰ ਸਿੰਘ, ਨਿਰਪਜੀਤ ਸਿੰਘ, ਬਲਬੀਰ ਸਿੰਘ ਆਦਿ ਹਾਜ਼ਰ ਸਨ।