ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਗਿਆਨ ਜੋਤੀ ਇੰਸਟੀਚਿਊਟ ਮੈਨੇਜਮੈਂਟ ਅਤੇ ਤਕਨਾਲੌਜੀ, ਫੇਜ਼-2 ਵਿਖੇ ਜਿਨਸੀ ਪ੍ਰੇਸ਼ਾਨੀ ਦੀ ਰੋਕਥਾਮ ਸਬੰਧੀ ਸੈਮੀਨਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਸਤੰਬਰ:
ਜ਼ਿਲ੍ਹਾ ਸਿੱਖਿਆ ਵਿਭਾਗ, ਐਸ.ਏ.ਐਸ. ਨਗਰ ਵਲੋਂ ਮਹਿਲਾ ਵਰਕਰਾਂ ਨੂੰ ਉਨ੍ਹਾਂ ਦੇ ਕੰਮ ਵਾਲੇ ਸਥਾਨਾਂ ਤੇ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਅਤੇ ਕੰਮ ਵਾਲੀ ਥਾਂ ਤੇ ਜਿਨਸੀ ਪ੍ਰੇਸ਼ਾਨੀ ਦੀ ਰੋਕਥਾਮ, ਵਿਸ਼ੇ ਤੇ ਗਿਆਨ ਜੋਤੀ ਇੰਸਟੀਚਿਊਟ ਮੈਨੇਜਮੈਂਟ ਅਤੇ ਤਕਨਾਲੌਜੀ, ਫੇਜ਼-2, ਐਸ.ਏ.ਐਸ. ਨਗਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ।
ਸ਼੍ਰੀਮਤੀ ਸੁਰਭੀ ਪਰਾਸ਼ਰ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ/ਮੁੱਖ ਅਧਿਆਪਕ ਅਤੇ ਗਿਆਨ ਜੋਤੀ ਇੰਸਟੀਚਿਊਟ ਦੇ ਫੈਕਲਟੀ ਮੈਂਬਰਾਂ ਨੂੰ ਪ੍ਰੀਵੈਨਸ਼ਨ ਆਫ਼ ਸੈਕਸੁਅਲ ਹਰਾਸਮੈਂਟ ਐਕਟ ਦੇ ਉਪਬੰਧਾਂ ਬਾਰੇ ਜਾਣੂ ਕਰਵਾਇਆ ਅਤੇ ‘ਵਿਸ਼ਾਖਾ ਅਤੇ ਹੋਰ ਬਨਾਮ ਰਾਜਸਥਾਨ ਰਾਜ’ ਦੇ ਕੇਸ ਵਿੱਚ ਮਾਨਯੋਗ ਸੁਪਰੀਮ ਕੋਰਟ ਦੁਆਰਾ ਦਿੱਤੇ ਦਿਸ਼ਾ ਨਿਰਦੇਸ਼ਾਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ‘ਔਰੇਲੀਆਨੋ ਫਰਨਾਂਡਿਸ ਬਨਾਮ ਗੋਆ ਰਾਜ ਅਤੇ ਹੋਰ’ ਦੇ ਮਾਮਲੇ ਵਿੱਚ ਮਹੱਤਵਪੂਰਨ ਫੈਸਲੇ ਦੀ ਚਰਚਾ ਕੀਤੀ, ਜਿਸ ਵਿੱਚ ਮਾਣਯੋਗ ਸੁਪਰੀਮ ਕੋਰਟ ਨੇ ਕੰਮ ਵਾਲੀ ਥਾਂ ਤੇ ਔਰਤਾਂ ਦੇ ਜਿਨਸੀ ਸ਼ੋਸ਼ਣ (ਰੋਕਥਾਮ, ਮਨਾਹੀ, ਅਤੇ ਨਿਵਾਰਣ) ਨੂੰ ਲਾਗੂ ਕਰਨ ਵਿੱਚ ਕਈ ਕਮੀਆਂ ਅਤੇ ਪਾੜੇ ਨੂੰ ਉਜਾਗਰ ਕੀਤਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਵਲੋਂ ਜਾਣਕਾਰੀ ਦਿੱਤੀ ਗਈ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਮਿਤੀ 14.09.2024 ਨੂੰ ਸਾਲ 2024 ਦੀ ਤੀਸਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ-ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜ਼ਿਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ। ਇਸ ਲੋਕ ਅਦਾਲਤ ਵਿਚ ਟ੍ਰੈਫਿਕ ਚਲਾਨਾਂ ਦਾ ਵੀ ਨਿਪਟਾਰਾ ਕੀਤਾ ਜਾਵੇਗਾ। ਜੇਕਰ ਕੋਈ ਵਿਅਕਤੀ ਆਪਣਾ ਚਲਾਣ ਲੋਕ ਅਦਾਲਤ ਵਿਚ ਭੁਗਤਾਉਣਾ ਚਾਹੁੰਦਾ ਹੈ ਤਾਂ ਉਹ ਇਸ ਸਬੰਧੀ ਚੀਫ਼ ਜੁਡੀਸ਼ੀਅਲ ਮੈਜਿਸਟੇ੍ਟ ਦੀ ਕੋਰਟ ਵਿਚ ਮਿਤੀ 14.09.2024 ਤੱਕ ਦਰਖਾਸਤ ਦੇ ਸਕਦਾ ਹੈ।

Leave a Reply

Your email address will not be published. Required fields are marked *