ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਫਾਜਿਲਕਾ, 4 ਅਕਤੂਬਰ

ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਪਰਾਲੀ ਨੂੰ ਅੱਗ ਲਗਣ ਤੋਂ ਰੋਕਣ ਲਈ ਕਿਸਾਨਾਂ ਨਾਲ ਰਾਬਤਾ ਕਾਇਮ ਕਰਦਿਆਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪ੍ਰੇਰਿਤ ਕਰਨ ਲਈ ਤਿਆਰ ਕੀਤੀ ਗਈ ਜਾਗਰੂਕਤਾ ਵੈਨ ਨੂੰ ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਜਾਗਰੂਕਤਾ ਵੈਨ ਲੜੀਵਾਰ ਜ਼ਿਲ੍ਹੇ ਦੇ ਸਮੂਹ ਬਲਾਕਾਂ ਵਿਚ ਜਾ ਕੇ ਪਿੰਡ-ਪਿੰਡ ਪ੍ਰਚਾਰ ਕਰੇਗੀ ਅਤੇ ਪਰਾਲੀ ਸਾੜਨ ਦੇ ਰੁਝਾਨ ਨੂੰ ਖਤਮ ਕਰਨ ਲਈ ਕਿਸਾਨਾਂ ਅੰਦਰ ਜਾਗਰੂਕਤਾ ਪੈਦਾ ਕਰੇਗੀ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਾਗਰੂਕਤਾ ਵੈਨ ਚਲਾਉਣ ਦਾ ਮਕਸਦ ਕਿਸਾਨ ਅੰਦਰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਹੈ ਤਾਂ ਜ਼ੋ ਕਿਸਾਨ ਵੀਰ ਪਰਾਲੀ ਨੂੰ ਅੱਗ ਨਾ ਲਗਾ ਕੇ ਜਮੀਨ ਵਿਚ ਹੀ ਜਜਬ ਕਰਨ ਅਤੇ ਵਾਤਾਵਰਣ ਨੂੰ ਬਚਾਉਣ ਵਿਚ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਜਾਗਰੂਕਤਾ ਵੈਨ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਆਡੀਓ ਸੰਦੇਸ਼ ਤਿਆਰ ਕੀਤਾ ਗਿਆ ਜ਼ੋ ਕਿ ਚੱਲਦਾ ਰਹੇਗਾ ਅਤੇ ਵੈਨ ਚਲਦੇ ਹੋਏ ਇਹ ਸੰਦੇਸ਼ ਕਿਸਾਨਾਂ ਤੱਕ ਪਹੁੰਚਾਏਗੀ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਨੋਡਲ ਅਧਿਕਾਰੀ ਤੇ ਕਲਸਟਰ ਅਧਿਕਾਰੀ ਲਗਾਤਾਰ ਕਿਸਾਨਾਂ ਨਾਲ ਤਾਲਮੇਲ ਕਾਇਮ ਕਰ ਰਹੇ ਹਨ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾ *ਤੇ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਦੀ ਸੰਭਾਲ ਕੀਤੀ ਜਾਵੇ ਅਤੇ ਵਿਭਾਗ ਵੱਲੋਂ ਮੁਹੱਈਆ ਕਰਵਾਏ ਜਾ ਰਹੇ ਖੇਤੀਬਾੜੀ ਸੰਦਾ ਰਾਹੀਂ ਇਸਨੂੰ ਜਮੀਨ ਵਿਚ ਵਹਾਇਆ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅਗ ਲਗਾਉਣ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ ਤੇ ਧੂੰਆਂ ਹੋਣ ਨਾਲ ਜਿਥੇ ਬਿਮਾਰੀਆਂ ਪੈਦਾ ਹੁੰਦੀਆਂ ਹਨ ਉਥੇ ਕਈ ਵਾਰ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਦੀ ਵਰਤੋਂ ਜਮੀਨ ਲਈ ਖਾਦ ਦਾ ਕੰਮ ਕਰਦੀ ਹੈ ਤੇ ਪਰਾਲੀ ਨੂੰ ਜਮੀਨ ਵਿਚ ਮਿਲਾਉਣ ਨਾਲ ਅਗਲੇਰੀ ਫਸਲ ਦਾ ਝਾੜ ਵੀ ਵੱਧ ਪ੍ਰਾਪਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜਮੀਨ ਦੇ ਜ਼ਰੂਰੀ ਤੱਤ ਮਰ ਜਾਂਦੇ ਹਨ ਜ਼ੋ ਕਿ ਜਮੀਨ ਲਈ ਜਰੂਰੀ ਹੁੰਦੇ ਹਨ। ਉਨ੍ਹਾਂ ਕਿਸਾਨਾਂ ਨੂੰ ਪੇ੍ਰਰਿਤ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਪ੍ਰੇਮੀ ਬਣਨ ਤੇ ਆਪਣੀ ਆਉਣ ਵਾਲੀ ਪੀੜੀ ਲਈ ਸ਼ੁੱਧ ਵਾਤਾਵਰਣ ਮੁਹੱਈਆ ਕਰਵਾਉਣ।

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ, ਮੈਡਮ ਮਮਤਾ ਤੋਂ ਇਲਾਵਾ ਖੇਤੀਬਾੜੀ ਵਿਭਾਗ ਦਾ ਸਟਾਫ ਮੌਜੂਦ ਸੀ।

Leave a Reply

Your email address will not be published. Required fields are marked *