ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫਾਜਿਲਕਾ 29 ਅਕਤੂਬਰ
ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਦਸੰਬਰ 2024 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜਿਲਕਾ ਵਿੱਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊਵੰਸ਼ ਦੀ ਢੋਆ ਢੁਆਈ ਤੇ ਪੂਰਨ ਪਾਬੰਦੀ ਲਗਾਈ ਹੈ। ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਜ਼ਿਨ੍ਹਾਂ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ ਉਹ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਜਰੂਰ ਕਰਵਾਉਣ।
ਜ਼ਿਲਾ ਮੈਜਿਸਟ੍ਰੇਟ ਦੇ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗ੍ਰਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ। ਜ਼ਿਲੇ ਦੇ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਦੀ ਹੱਦ ਵਿਚ ਇਹ ਹੁਕਮ ਲਾਗੂ ਰਹਿਣਗੇ। ਉਨਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਭਾਰਤੀ ਢੰਡ ਵਿਧਾਨ ਦੀ ਧਾਰਾ 188 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚਣ ਅਤੇ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਰਦ ਕੋਬਰਾ ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤੋਂ ਕਰਨ ਤੇ ਪਾਬੰਦੀ ਲਗਾਈ ਹੈ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪਾਬੰਦੀ ਲਗਾਈ ਹੈ। ਇਕ ਹੋਰ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ 50 ਮਾਈਕਰੋਨ ਤੋਂ ਘੱਟ ਮੋਟਾਈ 8*13 ਅਕਾਰ ਤੋਂ ਘੱਟ ਅਤੇ ਨਿਰਧਾਰਤ ਰੰਗ ਤੋਂ ਬਗੈਰ ਦੇ ਅਣਲੱਗ ਪਲਾਸਟਿਕ ਦੇ ਲਿਫਾਫਿਆਂ ਦੇ ਬਣਾਉਣ/ਵਰਤੋਂ ਕਰਨ ਤੇ ਪਾਬੰਦੀ ਲਗਾ ਦਿੱਤੀ ਹੈ।
ਜ਼ਿਲ੍ਹੇ ਅੰਦਰ ਕੌਮਾਂਤਰੀ ਸਰਹੱਦ ਨੇੜੇ ਉੱਚੀਆ ਵੱਧਣ ਵਾਲੀਆਂ ਫਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲਾ ਮੈਜਿਸਟ੍ਰੇਟ ਨੇ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਥਾਂ ‘ਤੇ ਉੱਚੀਆਂ ਫ਼ਸਲਾਂ ਜਿਵੇਂ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ ਅਜਿਹੀਆਂ ਹੋਰ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਬੀ.ਐਸ.ਐਫ. ਦੇ ਅਧਿਕਾਰੀਆਂ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਵਿਚਕਾਰ ਕੁਝ ਕਿਸਾਨ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ 4.5 ਫ਼ੁਟ ਤੋਂ  ਉੱਚੀਆਂ ਹੋਣ ਵਾਲੀਆਂ ਅਜਿਹੀਆਂ ਹੋਰ ਫ਼ਸਲਾਂ ਬੀਜ ਰਹੇ ਹਨ ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ।
ਹੁਕਮਾਂ ਵਿਚ ਜ਼ਿਲੇ ਦੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ/ ਕਰਮਚਾਰੀ/ਚੌਂਕੀਦਾਰ ਦੀ 24 ਘੰਟੇ ਲਈ ਡਿਊਟੀ ਲਗਾਉਣ, ਤਾਂ ਜੋ ਕਿਸੇ ਵੀ ਜਥੇਬੰਦੀ ਵੱਲੋਂ ਰੋਸ਼ ਪ੍ਰਦਰਸ਼ਨ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ।
ਹੁਕਮਾਂ ਵਿੱਚ ਕਿਹਾ ਕਿ ਅਕਸਰ ਹੀ ਵੇਖਣ ਵਿੱਚ ਆਉਂਦਾ ਹੈ ਕਿ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਅਣਅਧਿਕਾਰਤ ਤੌਰ ’ਤੇ ਵੱਖ-ਵੱਖ ਸਰਕਾਰੀ ਇਮਾਰਤਾਂ, ਜਿਸ ਵਿੱਚ ਪਾਣੀ ਦੀਆਂ ਟੈਂਕੀਆਂ ਵੀ ਸ਼ਾਮਲ ਹਨ ਤੇ ਚੱੜ ਕੇ ਆਤਮਦਾਹ ਦੀ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਇਨਾਂ ਹਾਲਾਤਾਂ ਨੂੰ ਨਜਿੱਠਣ ਲਈ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਇਨਾਂ ਇਮਾਰਤਾਂ/ਬਿਲਡਿੰਗਾਂ/ਟੈਂਕੀਆਂ ’ਤੇ ਚੜਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਕੀਤੇ ਜਾਣ ਵਾਲੇ ਰੋਸ਼ ਪ੍ਰਦਰਸ਼ਨ ਨੂੰ ਰੋਕਿਆ ਜਾਣਾ ਜ਼ਰੂਰੀ ਹੈ। ਇਨਾਂ ਹੁਕਮਾਂ ਦੀ ਉਲਘੰਨਾ ਕਰਨ ਦੀ ਸੂਰਤ ਵਿੱਚ ਸਬੰਧਤ ਵਿਭਾਗ ਦੇ ਜ਼ਿਲ੍ਹਾ ਮੁੱਖੀ ਦੀ ਜਿਮੇਵਾਰੀ ਫਿਕਸ ਕੀਤੀ ਜਾਵੇਗੀ।

Leave a Reply

Your email address will not be published. Required fields are marked *