ਪੈਸਟ ਸਰਵੇਖਣ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ’ਚ ਖੇਤਾਂ ਦਾ ਦੌਰਾ

ਮਾਨਸਾ, 20 ਨਵੰਬਰ :
ਜ਼ਿਲ੍ਹੇ ਅੰਦਰ ਕਣਕ ਦੀ ਫਸਲ ਵਿੱਚ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਰਿਪੋਰਟਾਂ ਪ੍ਰਾਪਤ ਹੋਣ ਉਪਰੰਤ ਤੁਰੰਤ ਕਾਰਵਾਈ ਕਰਦਿਆਂ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤਪਾਲ ਕੌਰ ਵੱਲੋਂ ਜ਼ਿਲ੍ਹਾ ਅਤੇ ਬਲਾਕ ਪੱਧਰੀ ਪੈਸਟ ਸਰਵੇਖਣ ਟੀਮਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਤੁਰੰਤ ਇਸ ਸਬੰਧੀ ਜਿਲ੍ਹੇ ਅੰਦਰ ਪੈਸਟ ਸਰਵੇਖਣ ਲਈ ਕਿਸਾਨਾਂ ਦੇ ਖੇਤਾਂ ਦਾ ਹਰ ਰੋਜ਼ ਦੌਰਾ ਯਕੀਨੀ ਬਣਾਉਣ। ਜਿਸ ਦੇ ਮੱਦੇਨਜਰ ਟੀਮਾਂ ਵੱਲੋਂ ਕਣਕ ਦੀ ਫਸਲ ਵਿੱਚ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਲਗਾਤਾਰ ਖੇਤਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ।
ਇਸ ਮੁਹਿੰਮ ਤਹਿਤ ਖੇਤੀਬਾੜੀ ਵਿਕਾਸ ਅਫ਼ਸਰ ਭੀਖੀ ਸ਼੍ਰੀ ਅਮਨਦੀਪ ਸਿੰਘ ਵੱਲੋਂ ਪਿੰਡ ਫਫੜੇ ਭਾਈ ਕੇ, ਹੀਰੋ ਕਲਾਂ, ਬੀਰ ਖੁਰਦ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਸਰਦੂਲਗੜ੍ਹ ਸ਼੍ਰੀ ਸੁਲੇਖ ਅਮਨ ਕੁਮਾਰ ਮਹਿਲਾ ਵੱਲੋਂ ਪਿੰਡ ਝੰਡੂਕੇ, ਖੈਰਾ ਖੁਰਦ, ਮੀਰਪੁਰ ਕਲਾਂ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ। ਇਨ੍ਹਾਂ ਪਿੰਡਾਂ ਵਿੱਚ ਸਰਵੇਖਣ ਦੌਰਾਨ ਕੁਝ ਖੇਤਾਂ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਵੇਖਿਆ ਗਿਆ।
ਉਨ੍ਹਾਂ ਦੱਸਿਆ ਗਿਆ ਕਿ ਤਣੇ ਦੀ ਗੁਲਾਬੀ ਸੁੰਡੀ ਦੀਆਂ ਸੁੰਡੀਆਂ ਛੋਟੇ ਬੂਟੇ ਦੇ ਤਣਿਆਂ ਵਿੱਚ ਮੋਰੀਆਂ ਕਰਕੇ ਅੰਦਰ ਚਲੀਆਂ ਜਾਂਦੀਆਂ ਹਨ ਅਤੇ ਅੰਦਰਲਾ ਮਾਦਾ ਖਾਂਦੀਆਂ ਹਨ, ਜਿਸ ਨਾਲ ਬੂਟੇ ਪੀਲੇ ਪੈ ਜਾਂਦੇ ਹਨ, ਸੁੱਕ ਜਾਂਦੇ ਹਨ ਅਤੇ ਅਖੀਰ ਵਿੱਚ ਮਰ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਪਿਛਲੇ ਝੋਨੇ ਦੀ ਫਸਲ ਵਿੱਚ ਤਣੇ ਦੀ ਗੁਲਾਬੀ ਸੁੰਡੀ ਦਾ ਹਮਲਾ ਜ਼ਿਆਦਾ ਹੋਵੇ, ਤਾਂ ਅਕਤੂਬਰ ਵਿੱਚ ਕਣਕ ਦੀ ਬਿਜਾਈ ਕਰਨ ਤੋਂ ਗੁਰੇਜ਼ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਦਿਨ ਸਮੇਂ ਪਾਣੀ ਲਗਾਉਣ ਨੂੰ ਤਰਜੀਹ ਦਿੱਤੀ ਜਾਵੇ, ਤਾਂ ਜੋ ਪੰਛੀ ਵੱਧ ਤੋਂ ਵੱਧ ਸੁੰਡੀਆਂ ਦਾ ਸ਼ਿਕਾਰ ਕਰ ਸਕਣ। ਉਨ੍ਹਾਂ ਦੱਸਿਆ ਕਿ ਜ਼ਿਆਦਾ ਹਮਲੇ ਵਾਲੇ ਖੇਤਾਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸ਼ਿਫਾਰਿਸ਼ ਮੁਤਾਬਿਕ ਕੀਟਨਾਸ਼ਕ 7 ਕਿਲੋ ਮੋਰਟੈਲ/ ਰੀਜੈਂਟ 0.3ਜੀ (ਫਿਪਰੋਨਿਲ) ਜਾਂ 1 ਲੀਟਰ ਡਰਸਬਾਨ 20 ਈ.ਸੀ. (ਕਲੋਰਪਾਈਰੀਫਾਸ) ਨੂੰ 20 ਕਿਲੋ ਸਲਾਬੀ ਮਿੱਟੀ ਨਾਲ ਰਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਣੀ ਲਗਾਉਣ ਤੋਂ ਪਹਿਲਾਂ ਛੱਟਾ ਦੇਣਾ ਚਾਹੀਦਾ ਹੈ। ਇਸ ਦੇ ਬਦਲ ਵਿੱਚ 50 ਮਿਲੀਲਿਟਰ ਪ੍ਰਤੀ ਏਕੜ ਕੋਰਾਜਨ 18.5 ਐਸੀ ਸੀ (ਕਲੋਰਐਂਟਰਾਨਿਲੀਪਰੋਲ) ਨੂੰ 80-100 ਲੀਟਰ ਪਾਣੀ ਵਿੱਚ ਘੋਲ ਕੇ ਨੈਪਸੈਕ ਪੰਪ ਨਾਲ ਛਿੜਕਾਅ ਕਰਨਾ ਚਾਹੀਦਾ ਹੈ।

Leave a Reply

Your email address will not be published. Required fields are marked *