ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਜਾਰੀ

ਲੁਧਿਆਣਾ, 23 ਦਸੰਬਰ (000) – ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਅੱਜ ਪਿੰਡ ਪਵਾਤ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਕਰਵਾਇਆ ਗਿਆ।
ਇਸ ਦੌਰਾਨ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਪੰਜਾਬ ਦੀ ਜਵਾਨੀ ਨੂੰ ਖਤਮ ਕਰ ਰਹੇ ਹਨ, ਇਹਨਾਂ ਤੋਂ ਬਚਣ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਲੋੜ ਹੈ ਕਿਉਂਕਿ ਨਸ਼ਿਆਂ ਵਿੱਚ ਗ੍ਰਸਤ ਹੋਈ ਨੌਜਵਾਨੀ ਗਲਤ ਰਸਤੇ ਅਪਣਾ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਭਵਿੱਖ ਖਰਾਬ ਕਰ ਰਹੀ ਹੈ ਜਿਸਦਾ ਖਮਿਆਜ਼ਾ ਪੂਰੇ ਸਮਾਜ ਨੂੰ ਵੀ ਭੁਗਤਣਾ ਪੈਂਦਾ ਹੈ।
ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ ਰਾਹੀਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ।
ਇਸ ਸੈਮੀਨਾਰ ਵਿੱਚ ਡਾ. ਗੁਰਪ੍ਰੀਤ ਸਿੰਘ, ਸਿਵਲ ਹਸਪਤਾਲ ਮਾਛੀਵਾੜਾ ਨੇ ਵੀ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਕਿਸ ਤਰ੍ਹਾਂ ਅੱਜ ਦਾ ਨੌਜਵਾਨ ਨਸ਼ਿਆਂ ਦੀ ਜਕੜ ਵਿੱਚ ਆਉਂਦਾ ਹੈ ਅਤੇ ਇਹਨਾਂ ਮਾਰੂ ਨਸ਼ਿਆਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ।ਉਹਨਾਂ ਇਹ ਵੀ ਦੱਸਿਆ ਕਿ ਜਿਹੜੇ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ, ਉਹ ਨਸ਼ਾ ਛੁਡਾਉ ਕੇਂਦਰਾਂ ਵਿੱਚ ਜਾ ਕੇ ਨਸ਼ਾ ਛੁਡਵਾ ਸਕਦੇ ਹਨ।
ਇੰਦਰਜੀਤ ਸਿੰਘ, ਟ੍ਰੈਫਿਕ ਇੰਚਾਰਜ, ਮਾਛੀਵਾੜਾ ਨੇ ਵੀ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਾਰੀ ਸਾਂਝੀ ਕਰਦਿਆਂ ਦੱਸਿਆ ਕਿ ਨਸ਼ਾ ਕਰਕੇ ਵਾਹਨ ਚਲਾਉਣ ਵਾਲੇ ਆਪਣੀ ਜਾਨ ਦੇ ਨਾਲ ਨਾਲ ਦੂਸਰਿਆਂ ਦੀ ਜ਼ਿੰਦਗੀ ਨਾਲ ਵੀ ਖਿਲਵਾੜ ਕਰਦੇ ਹਨ।
ਸੈਮੀਨਾਰ ਦੇ ਅੰਤ ਵਿੱਚ ਨਸ਼ਿਆਂ ਦੇ ਮਾਰੂ ਅਸਰ ਦਿਖਾਉਂਦਾ ਇੱਕ ਨੁੱਕੜ ਨਾਟਕ ਵੀ ਖੇਡਿਆ ਗਿਆ। ਦਿਲਬਾਗ ਸਿੰਘ ਨੇ ਨਸ਼ਿਆਂ ਦੇ ਬੁਰੇ ਨਤੀਜਿਆਂ ਬਾਰੇ ਗੀਤ ਸੁਣਾਇਆ। ਅੰਤ ਵਿੱਚ ਸੰਦੀਪ  ਸਿੰਘ, ਪ੍ਰਧਾਨ ਯੁਵਕ ਸੇਵਾਵਾਂ ਕਲੱਬ, ਪਵਾਤ ਵੱਲੋਂ ਆਏ ਹੋਏ ਯੁਵਕ ਸੇਵਾਵਾਂ ਵਿਭਾਗ ਦੀ ਸਾਰੀ ਟੀਮ ਅਤੇ ਪਿੰਡ ਦੇ ਸਰਪੰਚ, ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ।ਇਸ ਸੈਮੀਨਾਰ ਦੌਰਾਨ ਮਨਜੀਤ ਸਿੰਘ, ਸਤਵਿੰਦਰ ਸਿੰਘ ਸਮਾਜ ਸੇਵੀ ਅਤੇ ਯੁਵਕ ਸੇਵਾਵਾਂ ਕਲੱਬ ਪਵਾਤ ਦੇ ਮੈਂਬਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *