ਸੰਗਰੂਰ, 13 ਜਨਵਰੀ :
ਐਸਐਸਪੀ ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਟ੍ਰੈਫਿਕ ਪੁਲਿਸ ਵੱਲੋਂ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਸੰਗਰੂਰ-ਬਰਨਾਲਾ ਰੋਡ ਉੱਤੇ ਟ੍ਰੈਫਿਕ ਪੁਲਿਸ ਦੇ ਇੰਚਾਰਜ ਸਬ ਇੰਸਪੈਕਟਰ ਪਵਨ ਕੁਮਾਰ ਸ਼ਰਮਾ ਦੀ ਅਗਵਾਈ ਹੇਠਲੀ ਟੀਮ ਵੱਲੋਂ ਓਵਰ ਸਪੀਡ ਕੈਮਰੇ ਦੀ ਵਰਤੋਂ ਕਰਦਿਆਂ 40 ਦੇ ਕਰੀਬ ਅਜਿਹੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ ਜਿਹੜੇ ਨਿਰਧਾਰਿਤ ਰਫਤਾਰ ਨਾਲੋਂ ਜਿਆਦਾ ਤੇਜ ਵਾਹਨ ਚਲਾ ਕੇ ਆਪਣੀ ਅਤੇ ਹੋਰਨਾਂ ਦੀ ਜਾਨ ਨੂੰ ਖਤਰੇ ਵਿੱਚ ਪਾ ਰਹੇ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਵਨ ਕੁਮਾਰ ਨੇ ਦੱਸਿਆ ਕਿ ਟ੍ਰੈਫਿਕ ਪੁਲਿਸ ਵੱਲੋਂ ਲਗਾਤਾਰ ਜਾਗਰੂਕਤਾ ਮੁਹਿੰਮ ਚਲਾ ਕੇ ਵਾਹਨ ਚਾਲਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਪਰ ਇਸ ਦੇ ਬਾਵਜੂਦ ਵੀ ਕਈ ਲੋਕ ਇਹਨਾਂ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਜਾਂਦੇ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਹਨਾਂ ਕਿਹਾ ਕਿ ਇੰਨੀ ਦਿਨੀ ਧੁੰਦ ਪੈ ਰਹੀ ਹੈ ਅਤੇ ਵੱਧ ਰਹੇ ਸੜਕ ਹਾਦਸਿਆਂ ਨੂੰ ਰੋਕਣ ਲਈ ਟ੍ਰੈਫਿਕ ਪੁਲਿਸ ਦੀਆਂ ਟੀਮਾਂ ਨੈਸ਼ਨਲ ਹਾਈਵੇ, ਸਟੇਟ ਹਾਈਵੇ ਅਤੇ ਹੋਰ ਰਸਤਿਆਂ ਉੱਤੇ ਮੁਸਤੈਦ ਹਨ। ਦੱਸਿਆ ਕਿ ਬਰਨਾਲਾ ਰੋਡ ਉੱਤੇ ਸਥਿਤ ਕੁੰਨਰਾ ਪਿਕਟ ਸਮੇਤ ਹੋਰ ਥਾਵਾਂ ਉੱਤੇ ਓਵਰ ਸਪੀਡ ਕੈਮਰਾ ਲਗਾ ਕੇ ਵਾਹਨ ਚਲਾਉਣ ਵਾਲਿਆਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਕਿ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਹਨਾਂ ਦੱਸਿਆ ਕਿ ਇਹ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਵਾਹਨ ਚਲਾਉਂਦੇ ਸਮੇਂ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਣ।
ਇਸ ਮੌਕੇ ਉਹਨਾਂ ਨਾਲ ਏਐਸਆਈ ਬਲਵਿੰਦਰ ਸਿੰਘ ਏਐਸਆਈ ਸਰਵਨ ਸਿੰਘ, ਏਐਸਆਈ ਰਾਮ ਪ੍ਰਤਾਪ, ਹੈਡ ਕਾਂਸਟੇਬਲ ਪਰਗਟ ਸਿੰਘ ਅਤੇ ਪੀਐਚਸੀ ਮਨਜੀਤ ਸਿੰਘ ਵੀ ਮੌਜੂਦ ਸਨ।