ਚੰਡੀਗੜ੍ਹ 6 ਮਾਰਚ,
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਦੀ ਹਾਜ਼ਰੀ ਵਿੱਚ ਮਿਉਂਸਪਲ ਭਵਨ ਵਿਖੇ ਸਫਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਬੜੀ ਗੰਭੀਰਤਾ ਦੇ ਨਾਲ ਸੁਣਿਆ ਅਤੇ ਸਾਰੀਆਂ ਜਾਇਜ਼ ਮੰਗਾਂ ਨੂੰ ਹਲ ਕਰਨ ਦਾ ਆਸ਼ਵਾਸਨ ਦਿੱਤਾ।
ਡਾ: ਰਵਜੋਤ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।
ਮੀਟਿੰਗ ਸਦਭਾਵਨਾ ਅਤੇ ਸਕਾਰਾਤਮਕ ਮਾਹੌਲ ਵਿੱਚ ਹੋਈ। ਗੱਲਬਾਤ ਦੌਰਾਨ ਮੰਤਰੀ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਿਭਾਗ ਦੀ ਰੀੜ੍ਹ ਦੀ ਹੱਡੀ ਦੱਸਿਆ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਦੇ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣ ਦੇ ਸੰਕਲਪ ਨੂੰ ਦੁਹਰਾਇਆ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਵੱਲੋਂ ਪਾਏ ਜਾਂਦੇ ਯੋਗਦਾਨ ਦੀ ਸ਼ਲਾਘਾ ਕੀਤੀ।
ਇਸ ਦੌਰਾਨ ਯੂਨੀਅਨ ਵੱਲੋਂ ਸੀਵਰੇਜ ਮੈਨ ਅਤੇ ਸਫਾਈ ਸੇਵਕਾਂ ਦੀ ਆਪਣੇ ਸਮਾਜ ਵਿੱਚੋਂ ਰੈਗੂਲਰ ਭਰਤੀ ਕਰਨ, ਸਰਕਾਰੀ ਛੁੱਟੀਆਂ ਦੇ ਦੌਰਾਨ ਸੀਵਰੇਜਮੈਨ ਅਤੇ ਸਫਾਈ ਸੇਵਕਾਂ ਵੱਲੋਂ ਕੰਮ ਕਰਨ ਦੇ ਬਦਲੇ ਬਣਦੀ ਦਿਹਾੜੀ ਦੇਣ, ਸਫਾਈ ਕਰਮਚਾਰੀਆਂ ਤੇ 200 ਰੁਪਏ ਸਰਵਿਸ ਟੈਕਸ ਨਾ ਕੱਟਣ ਸੰਬੰਧੀ, ਪੇ ਕਮਿਸ਼ਨ ਦਾ ਬਣਦਾ ਬਕਾਇਆ ਜਲਦੀ ਦੇਣ, 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਓਲਡ ਪੈਨਸ਼ਨ ਸਕੀਮ ਦੇਣ, ਸੀਵਰੇਜਮੈਨ ਅਤੇ ਸਫਾਈ ਸੇਵਕਾਂ ਨੂੰ ਮਿਲਣ ਵਾਲੇ ਵਰਦੀ ਭੱਤੇ ਨੂੰ ਵਧਾਉਣ, ਗਰੁੱਪ ਡੀ ਦੇ ਮੁਲਾਜ਼ਮਾਂ ਲਈ ਇੰਸ਼ੋਰੈਂਸ ਦੀ ਕਿਸ਼ਤ ਵਿੱਚ ਸਰਕਾਰੀ ਪੱਧਰ ਤੇ ਸਹਿਯੋਗ ਕਰਨ ਅਤੇ ਤਰੱਕੀਆਂ ਕਰਨ ਸਮੇਤ ਹੋਰ ਵੀ ਮੁੱਦਿਆਂ ਤੇ ਯੂਨੀਅਨ ਵੱਲੋਂ ਮੰਗਾਂ ਰੱਖੀਆਂ ਗਈਆਂ, ਜਿਸ ਦੇ ਮੰਤਰੀ ਸਾਹਿਬ ਵੱਲੋਂ ਕਿਹਾ ਗਿਆ ਕਿ ਇਹਨਾਂ ਵਿੱਚੋਂ ਬਹੁਤ ਸਾਰੀਆਂ ਮੰਗਾਂ ਜੋ ਕਿ ਕਮੇਟੀ/ਕਾਰਪੋਰੇਸ਼ਨ ਜਾਂ ਵਿਭਾਗ ਪੱਧਰ ‘ਤੇ ਹੱਲ ਕੀਤੀਆਂ ਜਾ ਸਕਦੀਆਂ ਹਨ ਨੂੰ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੀਆਂ ਮੰਗਾਂ ਸੂਬਾ ਸਰਕਾਰ ਜਾਂ ਹੋਰ ਵਿਭਾਗਾਂ ਨਾਲ ਸਬੰਧਿਤ ਹਨ, ਉਨ੍ਹਾਂ ਦੇ ਹੱਲ ਲਈ ਵੀ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੌਕੇ ਤੇ ਹੁਸ਼ਿਆਰਪੁਰ, ਲੁਧਿਆਣਾ, ਅੰਮ੍ਰਿਤਸਰ ਅਤੇ ਮਾਨਸਾ ਦੇ ਨਗਰ ਨਿਗਮ ਕਮਿਸ਼ਨਰਾਂ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਯੂਨੀਅਨ ਦੇ ਆਗੂ ਵੀ ਮੌਜੂਦ ਸਨ।