ਮਾਲੇਰਕੋਟਲਾ 15 ਅਪ੍ਰੈਲ:
ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ ਨੇ ਜ਼ਿਲ੍ਹੇ ‘ਚ ਸੁਚਾਰੂ ਤੇ ਪਾਰਦਰਸ਼ੀ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੱਸਿਆ ਕਿ ਕਿ ਜ਼ਿਲ੍ਹੇ ਭਰ ਵਿੱਚ ਕਣਕ ਦੀ ਖਰੀਦ ਕਾਰਜ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ 46 ਮੰਡੀਆਂ ਸਥਾਪਿਤ ਕੀਤੀਆਂ ਗਈਆਂ ਹਨ । ਜਿਨ੍ਹਾਂ ਵਿੱਚੋਂ ਕਰੀਬ 07 ਮੰਡੀਆਂ ਵਿੱਚ ਜੀਨਸ ਦੀ ਆਮਦ ਸ਼ੁਰੂ ਹੋ ਚੁੱਕੀ ਹੈ । ਮਿਤੀ 14 ਅਪ੍ਰੈਲ 2025 ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 1110 ਮੀਟ੍ਰਿਕ ਟਨ ਕਣਕ ਪਹੁੰਚੀ ਹੈ, ਜਿਸ ਵਿੱਚੋਂ 920 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜੋ ਕਿ ਕਿਸਾਨਾਂ ਦੁਆਰਾ ਕਟਾਈ ਦੀ ਸਥਿਰ ਰਫ਼ਤਾਰ ਨੂੰ ਦਰਸਾਉਂਦੀ ਹੈ।
ਵਿਰਾਜ ਐਸ.ਤਿੜਕੇ ਨੇ ਖਰੀਦ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਰੀਦ 1110 ਮੀਟ੍ਰਿਕ ਟਨ ਤੱਕ ਪਹੁੰਚ ਗਈ ਹੈ, ਜਿਸ ਵਿੱਚੋਂ 770 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਦੁਆਰਾ ਅਤੇ 150 ਮੀਟ੍ਰਿਕ ਟਨ ਵਪਾਰੀਆਂ ਦੁਆਰਾ ਖਰੀਦੀ ਗਈ ਹੈ। ਕਿਸਾਨਾਂ ਦੀਆਂ ਅਦਾਇਗੀਆਂ ਦੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਮਾਣ ਨਾਲ ਦੱਸਿਆ ਕਿ ਕਿਸਾਨਾਂ ਨੂੰ 50 ਲੱਖ ਦੀ ਰਕਮ ਪਹਿਲਾਂ ਹੀ ਅਦਾ ਕੀਤੀ ਜਾ ਚੁੱਕੀ ਹੈ, ਜੋ ਕਿ ਕਿਸਾਨ ਭਲਾਈ ਲਈ ਇੱਕ ਸਰਗਰਮ ਅਤੇ ਤੁਰੰਤ ਵੰਡ ਵਿਧੀ ਨੂੰ ਦਰਸਾਉਂਦੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇੱਕ ਸੁਚਾਰੂ ਅਤੇ ਪਾਰਦਰਸ਼ੀ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਆਪਣੀ ਫਸਲ 12 ਫ਼ੀਸਦੀ ਦੀ ਨਮੀ ਸੀਮਾ ਦੇ ਅੰਦਰ ਲਿਆਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੁਖੱਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਜਿਥੇ ਕਿਸਾਨਾਂ ਦੇ ਬੈਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਆਰੀ ਪ੍ਰਬੰਧ ਕੀਤੇ ਗਏ ਹਨ ਉਥੇ ਹੀ ਪੀਣ ਲਈ ਸਾਫ਼ ਪਾਣੀ, ਰੋਸ਼ਨੀ, ਪਖਾਨਾ ਸੁਵਿਧਾ ਆਦਿ ਦਾ ਇੰਤਜ਼ਾਮ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲਿਆਂਦੀ ਜਾਣ ਵਾਲੀ ਕਣਕ ਨੂੰ ਮੀਂਹ ਆਦਿ ਤੋਂ ਬਚਾਉਣ ਲਈ ਜਿਥੇ ਸਮੂਹ ਮੰਡੀਆਂ ਵਿੱਚ ਲੋੜ ਮੁਤਾਬਕ ਤਰਪਾਲਾਂ ਦੇ ਪ੍ਰਬੰਧ ਕੀਤੇ ਗਏ ਹਨ ਉਥੇ ਹੀ ਕਣਕ ਦੀ ਸੁਚੱਜੀ ਲਿਫਟਿੰਗ ਅਤੇ ਸਰਕਾਰ ਵੱਲੋਂ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਮੁਤਾਬਕ ਅਦਾਇਗੀ ਦੇ ਆਦੇਸ਼ ਵੀ ਦਿੱਤੇ ਗਏ ਹਨ। ਕਿਸਾਨਾਂ ਦੀ ਫ਼ਸਲ ਦੀ ਖ੍ਰੀਦ ਅਤੇ ਇਸਦੀ ਢੋਆ ਢੋਆਈ ਲਈ ਯੋਗ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ 48 ਘੰਟਿਆਂ ਤੋਂ ਪਹਿਲਾਂ ਕਰਨ ਦੇ ਪਹਿਲਾਂ ਹੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੂਰੀ ਕੋਸ਼ਿਸ਼ ਹੈ ਕਿ ਖਰੀਦ ਪ੍ਰਕਿਰਿਆ ਸੁਚਾਰੂ ਤਰੀਕੇ ਨਾਲ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਮੰਡੀਆਂ ਵਿੱਚ ਪ੍ਰੇਸ਼ਾਨ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਚੱਲਦੇ ਮੌਸਮ ਨੂੰ ਦੇਖਦੇ ਹੋਏ ਸੰਭਾਵਨਾ ਹੈ ਕਿ ਮੰਡੀਆਂ ਵਿਚ ਨਵੀਂ ਕਣਕ ਦੀ ਆਮਦ ਵਿੱਚ ਜਲਦ ਹੀ ਤੇਜੀ ਦਰਜ ਕੀਤੀ ਜਾਵੇਗੀ । ਜਿਸ ਲਈ ਸਮੂਹ ਖਰੀਦ ਏਜੰਸੀਆਂ ਵਿਚਕਾਰ ਇਹਨਾਂ ਮੰਡੀਆਂ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ। ਸਮੂਹ ਖਰੀਦ ਏਜੰਸੀਆਂ ਕੋਲ ਲੋੜੀਂਦੀ ਮਾਤਰਾ ਵਿੱਚ ਬਾਰਦਾਨਾ / ਗੱਠਾਂ ਉਪਲੱਬਧ ਹਨ। ਵਿਭਾਗ ਵੱਲੋਂ 2425 ਰੁਪਏ ਪ੍ਰਤੀ ਕੁਇੰਟਲ ਮੁੱਲ ਨਿਰਧਾਰਿਤ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਣਕ ਦੇ ਖਰੀਦ ਦੇ ਨਾਲ ਸੰਬੰਧਿਤ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਰਕਾਰੀ ਖਰੀਦ ਏਜੰਸੀਆਂ ਦੇ ਜਿਲਾ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਅਤੇ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਂਦਾ ਜਾਵੇ ਅਤੇ ਖਰੀਦ ਪ੍ਰੀਕਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸਤ ਨਹੀਂ ਕੀਤੀ ਜਾਵੇਗੀ।