ਕੀਰਤਪੁਰ ਸਾਹਿਬ 16 ਅਪ੍ਰੈਲ ()
ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਅਤੇ ਇਸਦੇ ਅਧੀਨ ਆਉਂਦੇ ਵੱਖ-ਵੱਖ ਆਯੂਸ਼ਮਾਨ ਅਰੋਗਿਆ ਕੇਂਦਰਾਂ ‘ਤੇ ਅੱਜ ਮਮਤਾ ਦਿਵਸ ਮੌਕੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਗਿਆ ਅਤੇ ਉਹਨਾਂ ਨੂੰ ਪੌਸ਼ਟਿਕ ਤੱਤਾਂ ਨਾਲ ਭਰਪੂਰ ਖ਼ੁਰਾਕ ਲੈਣ ਲਈ ਪ੍ਰੇਰਿਤ ਕੀਤਾ ਗਿਆ।
ਡਾ. ਦਲਜੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ ਨੇ ਕਿਹਾ ਕਿ ਗਰਭਵਤੀ ਔਰਤ ਦੀ ਸਿਹਤ, ਆਉਣ ਵਾਲੀ ਪੀੜ੍ਹੀ ਦੀ ਬੁਨਿਆਦ ਹੁੰਦੀ ਹੈ, ਇਸ ਲਈ ਸੰਤੁਲਿਤ ਖ਼ੁਰਾਕ ਨਾ ਸਿਰਫ਼ ਮਾਂ ਲਈ ਸਗੋਂ ਬੱਚੇ ਲਈ ਵੀ ਜ਼ਰੂਰੀ ਹੈ। ਉਹਨਾਂ ਦੱਸਿਆ ਕਿ ਮਮਤਾ ਦਿਵਸ ਮੌਕੇ ਲਾਏ ਗਏ ਕੈਂਪ ਵਿੱਚ ਗਰਭਵਤੀ ਔਰਤਾਂ ਨੂੰ ਆਇਰਨ, ਕੈਲਸ਼ੀਅਮ ਅਤੇ ਫੋਲਿਕ ਐਸਿਡ ਦੀਆਂ ਗੋਲੀਆਂ ਮੁਫ਼ਤ ਵੰਡੀਆਂ ਗਈਆਂ। ਇਸ ਤੋਂ ਇਲਾਵਾ ਉਨ੍ਹਾਂ ਨੂੰ ਦੁੱਧ, ਹਰੀ ਸਬਜ਼ੀਆਂ, ਫਲ਼ ਅਤੇ ਦਾਲਾਂ ਆਪਣੀ ਖ਼ੁਰਾਕ ਵਿੱਚ ਸ਼ਾਮਿਲ ਕਰਨ ਦੀ ਸਲਾਹ ਦਿੱਤੀ ਗਈ।
ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਯਕੀਨੀ ਬਣਾਉਣ ਲਈ ਹਰ ਬੁੱਧਵਾਰ “ਮਮਤਾ ਦਿਵਸ” ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਮਮਤਾ ਦਿਵਸ ਮਨਾਉਣ ਦਾ ਮੁੱਖ ਉਦੇਸ਼ ਬੱਚਿਆਂ ਨੂੰ ਪੋਲੀਓ, ਕਾਲੀ ਖਾਂਸੀ, ਟੀ.ਬੀ, ਨਮੂਨੀਆ, ਖਸਰਾ, ਰੁਬੇਲਾ, ਅੰਧਰਾਤਾ, ਹੈਪੇਟਾਈਟਸ ਬੀ, ਦਿਮਾਗੀ ਬੁਖਾਰ ,ਗਲਘੋਟੂ ਅਤੇ ਟੈਟਨਸ ਵਰਗੇ ਮਾਰੂ ਰੋਗਾਂ ਤੋਂ ਬਚਾਉਣਾ ਅਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਖੁਰਾਕ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ।
ਇਸ ਮੌਕੇ ਡਾਕਟਰ ਦਲਜੀਤ ਕੌਰ ਨੇ ਗਰਭਵਤੀ ਔਰਤਾਂ ਨੂੰ ਰੋਜ਼ਾਨਾ ਇੱਕੋ ਕਿਸਮ ਦੀ ਖ਼ੁਰਾਕ ਲੈਣ ਤੋਂ ਪਰਹੇਜ਼ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਖੁਰਾਕ ਵਿੱਚ ਵਿਭਿੰਨਤਾ ਵਿਅਕਤੀ ਦੇ ਸਮੁੱਚੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਜ਼ਰੂਰੀ ਹੈ।
ਸੀਨੀਅਰ ਮੈਡੀਕਲ ਅਫ਼ਸਰ ਨੇ ਬੱਚਿਆਂ ਲਈ ਮਾਂ ਦੇ ਦੁੱਧ ਦੀ ਅਹਿਮੀਅਤ ਦਾ ਜ਼ਿਕਰ ਕਰਦਿਆਂ ਬੱਚੇ ਨੂੰ ਪਹਿਲੇ 6 ਮਹੀਨੇ ਕੇਵਲ ਮਾਂ ਦਾ ਦੁੱਧ ਪਿਲਾਉਣ ਦੀ ਸਲਾਹ ਦਿੱਤੀ। ਉਹਨਾਂ ਕਿਹਾ ਕਿ ਮਾਂ ਦਾ ਦੁੱਧ ਬੱਚਿਆਂ ਦੇ ਸਰੀਰਿਕ ਤੇ ਮਾਨਸਿਕ ਵਿਕਾਸ ਲਈ ਜ਼ਰੂਰੀ ਹੈ ਅਤੇ ਕਈ ਰੋਗਾਂ ਨਾਲ ਲੜਨ ਦੀ ਸ਼ਕਤੀ ਪ੍ਰਦਾਨ ਕਰਦਾ ਹੈ ਜਦਕਿ ਓਪਰਾ ਦੁੱਧ ਪਿਲਾਉਣ ਨਾਲ ਬੱਚਿਆਂ ਨੂੰ ਡਾਇਰੀਆ ਵਰਗੀਆਂ ਬਿਮਾਰੀਆਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ।
ਡਾ.ਦਲਜੀਤ ਕੌਰ ਨੇ ਲੋਕਾਂ ਨੂੰ ਹਰ ਬੁੱਧਵਾਰ ਲੱਗਣ ਵਾਲੇ ਇਨ੍ਹਾਂ ਟੀਕਾਕਰਨ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਤਾਂ ਜੋ ਗਰਭਵਤੀ ਔਰਤਾਂ ਤੇ ਬੱਚਿਆਂ ਦਾ ਸੌ ਫ਼ੀਸਦੀ ਟੀਕਾਕਰਨ ਯਕੀਨੀ ਬਣਾਇਆ ਜਾ ਸਕੇ।
ਬਲਾਕ ਐਜੂਕੇਟਰ ਰਤਿਕਾ ਉਬਰਾਏ ਨੇ ਦੱਸਿਆ ਕਿ ਆਯੂਸ਼ਮਾਨ ਆਰੋਗਿਆ ਕੇਂਦਰਾਂ ‘ਤੇ ਹਰ ਬੁੱਧਵਾਰ ਨੂੰ “ਮਮਤਾ ਦਿਵਸ” ਮੌਕੇ ਸਿਹਤ ਵਿਭਾਗ ਵੱਲੋਂ ਲਗਾਏ ਜਾਣ ਵਾਲੇ ਕੈਂਪਾਂ ਦੌਰਾਨ ਗਰਭਵਤੀ ਔਰਤਾਂ ਦੀ ਰਜਿਸਟ੍ਰੇਸ਼ਨ ਤੋਂ ਲੈ ਕੇ ਜਣੇਪੇ ਦੌਰਾਨ ਨਿਯਮਿਤ ਜਾਂਚ, ਟੀਕਾਕਰਨ ਅਤੇ ਸੰਤੁਲਿਤ ਖੁਰਾਕ ਬਾਰੇ ਜਾਣਕਾਰੀ ਦੇਣ ਅਤੇ ਵਿਭਾਗ ਅਧੀਨ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਸਹੂਲਤਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ।