ਪੰਜਾਬ ਸਰਕਾਰ ਸਿੱਖਿਆ ਦੇ ਢਾਂਚੇ ਨੂੰ ਮੁੜ ਤੋਂ ਲੀਹਾਂ ਤੇ ਲਿਆਉਣ ਲਈ ਵਚਨਬੱਧ – ਵਿਧਾਇਕ ਘੁੰਮਣ

ਦਸੂਹਾ/ਹੁਸ਼ਿਆਰਪੁਰ, 19 ਅਪ੍ਰੈਲ:  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਮੁੱਖ ਮੰਤਵ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸਕੂਲਾਂ ਨੂੰ ਹਰ ਪੱਖੋਂ ਉਚ ਪੱਧਰੀ ਸੁਵਿਧਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਕੇ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਨੇ ਵਿਧਾਨ ਸਭਾ ਹਲਕਾ ਦਸੂਹਾ ਦੇ 5 ਸਰਕਾਰੀ ਸਕੂਲਾਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਇਨ੍ਹਾਂ ਸਕੂਲਾਂ ਵਿਚ ਚਾਰਦੀਵਾਰੀ, ਮੁਰੰਮਤ ਅਤੇ ਹੋਰ ਵਿਕਾਸ ਕਾਰਜ ਕਰਵਾਏ ਗਏ ਸਨ।

ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਬਦਤਰ ਹਾਲ ਵਿੱਚ ਪਹੁੰਚੇ ਸਰਕਾਰੀ ਸਕੂਲਾਂ ਤੇ ਸਿਹਤ ਸੰਸਥਾਵਾਂ ਨੂੰ ਤਰਜੀਹੀ ਖੇਤਰ ਮੰਨਦੇ ਹੋਏ ਰਿਕਾਰਡ ਵਿਕਾਸ ਕਰਵਾਇਆ, ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰੇਕ ਖੇਤਰ ਵਿੱਚ ਉੱਚੀਆਂ ਮੱਲ੍ਹਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਸਾਡੇ ਸੂਬੇ ਦੀ ਤਰੱਕੀ ਦਾ ਅਧਾਰ ਬਣੇਗੀ ਅਤੇ ਸਰਕਾਰੀ ਸਕੂਲਾਂ ਵਿਚੋਂ ਪੜ੍ਹ ਕੇ ਆਮ ਘਰਾਂ ਦੇ ਬੱਚੇ ਵੱਡੀਆਂ ਉਚਾਈਆਂ ਨੂੰ ਛੂਹਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਹੋਣ ਨਾਲ ਸਕੂਲਾਂ ਦੀ ਕਾਇਆ ਕਲਪ ਹੋ ਗਈ ਹੈ।

ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 54 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਕੀਰਤੀਮਾਨ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਹੁਨਰ ਨੂੰ ਤਰਾਸ਼ ਕੇ ਦਿਲਚਸਪੀ ਮੁਤਾਬਿਕ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਤਾਂ ਜੋ ਉਹ ਬਾਰ੍ਹਵੀਂ ਪਾਸ ਕਰਨ ਮਗਰੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਹਿੱਸਾ ਲੈਣ ਦੇ ਯੋਗ ਬਣਨ ਅਤੇ ਮਨ ਪਸੰਦ ਦੇ ਅਹੁਦਿਆਂ ਉੱਤੇ ਸੇਵਾਵਾਂ ਨਿਭਾਉਣ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਵਿਭਾਗਾਂ ਨੂੰ ਮੁਕੰਮਲ ਤੌਰ ਤੇ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਮੁਹਿੰਮ ਵੀ ਸਾਰਥਿਕ ਨਤੀਜੇ ਸਾਹਮਣੇ ਲਿਆ ਰਹੀ ਹੈ। ਉਨ੍ਹਾਂ ਇਸ ਮੌਕੇ ਉਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ।

Leave a Reply

Your email address will not be published. Required fields are marked *