-ਡੀ.ਸੀ. ਤੇ ਐਸ.ਐਸ.ਪੀ. ਦੀ ਅਗਵਾਈ ਹੇਠ 1000 ਦੇ ਕਰੀਬ ਵਿਦਿਆਰਥੀਆਂ ਅਤੇ ਵਿਭਾਗੀ ਮੁਲਾਜ਼ਮਾਂ ਨੇ ਨਸ਼ਿਆਂ ਵਿਰੁੱਧ ਬਣਾਈ ਹਿਊਮਨ ਚੇਨ
ਮਾਨਸਾ, 23 ਅਪ੍ਰੈਲ:
ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਸਾਂਝੇ ਤੌਰ ਤੇ ਹੰਭਲਾ ਮਾਰਨ ਦੀ ਲੋੜ ਹੈ, ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਅਤੇ ਨਸ਼ਾ ਮੁਕਤ ਪੰਜਾਬ ਬਣਾਇਆ ਜਾ ਸਕੇ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਆਕਾਸ਼ ਬਾਂਸਲ ਅਤੇ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਜਿੱਥੇ ਹਰੇਕ ਵਿਅਕਤੀ ਨੂੰ ਖ਼ੁਦ ਨਸ਼ਿਆਂ ਤੋਂ ਬਚਣਾ ਚਾਹੀਦਾ ਹੈ, ਉਥੇ ਹੀ ਆਪਣੇ ਆਲੇ-ਦੁਆਲੇ ਅਤੇ ਰਿਸ਼ਤੇਦਾਰੀ ਵਿੱਚ ਲੋਕਾਂ ਨੂੰ ਵੀ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ, ਤਾਂ ਜੋ ਨਸ਼ਿਆਂ ਖਿਲਾਫ਼ ਇੱਕ ਜਾਗਰੂਕ ਚੈਨ ਬਣਕੇ ਸਮਾਜ ਵਿੱਚ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਦਾ ਸੁਨੇਹਾ ਦੇਵੇ।ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲਾ ਵਿਅਕਤੀ ਮਾਨਸਿਕ ਅਤੇ ਸਰੀਰਕ ਤੌਰ ਤੇ ਕਮਜ਼ੋਰ ਹੋ ਜਾਂਦਾ ਹੈ। ਇਸ ਲਈ ਅਜਿਹੇ ਵਿਅਕਤੀ ਨੂੰ ਨਫ਼ਰਤ ਨਾਲ ਨਹੀਂ ਬਲਕਿ ਹਮਦਰਦੀ ਅਤੇ ਪਿਆਰ ਨਾਲ ਉਸਦਾ ਇਲਾਜ਼ ਕਰਵਾਉਣ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੰਤਵ ਹੈ ਕਿ ਸੂਬੇ ਦੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਪੜ੍ਹਾਈ, ਖੇਡਾਂ ਅਤੇ ਆਪਣੇ ਉਜੱਵਲ ਭਵਿੱਖ ਵੱਲ ਧਿਆਨ ਦੇਣ, ਤਾਂ ਜੋ ਨਰੋਏ ਸਮਾਜ ਦੀ ਸਿਰਜਣਾ ਹੋ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡ ਮੈਦਾਨਾਂ ਅਤੇ ਲਾਇਬ੍ਰੇਰੀਆਂ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਸਿੱਖਿਆ ਦਾ ਰਾਹ ਅਪਣਾਉਂਦੇ ਹੋਏ, ਦੂਜਿਆਂ ਲਈ ਰਾਹ ਦਸੇਰਾ ਬਣਨ ਅਤੇ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ।
ਅੱਜ ਦੇ ਸਮਾਗਮ ਦੌਰਾਨ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਮੌਜੂਦਾ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਅਤੇ ਦੱਸਿਆ ਕਿ ਨਸ਼ਾ ਕਿਸ ਤਰ੍ਹਾਂ ਨਸ਼ਾ ਵਿਅਕਤੀ ਨੂੰ ਅੰਦਰ ਹੀ ਅੰਦਰ ਖੋਖਲਾ ਕਰਦਾ ਹੈ ਕਰਦਾ ਹੈ।
ਸਮਾਗਮ ਦੌਰਾਨ ਮਸਤਾਨੇ ਥਿਏਟਰ ਗਰੁੱਪ ਵੱਲੋਂ ਸੋਨੀ ਢਿੱਲੋਂ ਦੇ ਨਿਰਦੇਸ਼ਨ ਹੇਠ ਤਿਆਰ ਨੁੱਕੜ ਨਾਟਕ ਦਿਖਾਇਆ ਗਿਆ, ਜਿਸ ਵਿੱਚ ਦਿਖਾਇਆ ਗਿਆ ਕਿ ਕਿਸ ਤਰ੍ਹਾਂ ਨਸ਼ੇ ਪਰਿਵਾਰਾਂ ਨੂੰ ਉਜਾੜ ਦਿੰਦੇ ਹਨ ਅਤੇ ਸਾਨੂੰ ਨਸ਼ਿਆਂ ਨੂੰ ਤਿਆਗਣਾ ਚਾਹੀਦਾ ਹੈ। ਇਸ ਉਪਰੰਤ ਸੀ.ਐਮ. ਦੀ ਯੋਗਸ਼ਾਲਾ ਦੇ ਇੰਸਟਰਕਟਰਾਂ ਵੱਲੋਂ ਮੌਜੂਦਾ ਨੂੰ ਯੋਗਾ ਦੇ ਆਸਨ ਸਿਖਾਏ। ਇਸ ਉਪਰੰਤ 1000 ਤੋਂ ਵਧੇਰੇ ਵਿਦਿਆਰਥੀਆਂ, ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਇੱਕ ਹਿਊਮਨ ਚੇਨ ਤਿਆਰ ਕਰਕੇ ਨਸ਼ਿਆਂ ਖਿਲਾਫ਼ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਲਈ ਸਹੁੰ ਚੁੱਕੀ ਗਈ।
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਭੀਖੀ ਵਰਿੰਦਰ ਸੋਨੀ, ਐਸ.ਪੀ. ਮਨਮੋਹਨ ਸਿੰਘ, ਡੀ.ਐਸ.ਪੀ. ਪ੍ਰਿਤਪਾਲ ਸਿੰਘ, ਡੀ.ਐਸ.ਪੀ. ਪੁਸ਼ਪਿੰਦਰ ਸਿੰਘ ਗਿੱਲ, ਡੀ.ਐਸ.ਪੀ. ਮਨਜੀਤ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ. ਮਲਕੀਤ ਸਿੰਘ ਮਾਨ, ਜ਼ਿਲ੍ਹਾ ਆਯੁਰਵੈਦਿਕ ਅਤੇ ਯੁਨਾਨੀ ਅਫ਼ਸਰ ਡਾ. ਨਮਿਤਾ ਗਰਗ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ ਭੋਗਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਦਨ ਲਾਲ ਕਟਾਰੀਆ, ਰਾਜਿੰਦਰ ਸਿੰਘ ਜਾਫ਼ਰੀ, ਰਾਜ ਕੁਮਾਰ ਸਿੰਗਲਾ, ਸਪੋਰਟਸ ਕੋਆਰਡੀਨੇਟਰ ਅੰਮ੍ਰਿਤਪਾਲ ਸਿੰਘ ਅਤੇ ਥਾਣਾ ਮੁਖੀ ਬਲਵੀਰ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।