ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਮਿਲਣ ਲੱਗੀਆਂ ਅਤਿ ਆਧੁਨਿਕ ਸਹੂਲਤਾਂ : ਕੁਲਵੰਤ ਸਿੰਘ ਬਾਜ਼ੀਗਰ

ਸ਼ੁਤਰਾਣਾ/ਪਟਿਆਲਾ, 23 ਅਪ੍ਰੈਲ:
ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਮਕਸਦ ਨਾਲ ਸੂਬੇ ਦੇ 17 ਹਜ਼ਾਰ ਸਕੂਲਾਂ ਨੂੰ ਵਾਈ-ਫਾਈ ਕੀਤਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਨਾਲ ਸਿੱਖਿਅਤ ਕੀਤਾ ਜਾ ਸਕੇ। ਇਹ ਪ੍ਰਗਟਾਵਾਂ ਉਨ੍ਹਾਂ ਹਲਕੇ ਦੇ ਛੇ ਸਕੂਲਾਂ ‘ਚ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।
ਸ. ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ 20 ਹਜ਼ਾਰ ਨਵੇਂ ਅਧਿਆਪਕਾਂ ਦੀ ਭਰਤੀ ਕਰਨ ਸਮੇਤ 12 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਦੇਣ ਦੇ ਮਕਸਦ ਨਾਲ ਅਧਿਆਪਕਾਂ ਨੂੰ ਫਿਨਲੈਂਡ ਤੇ ਸਿੰਗਾਪੁਰ ਵਰਗੇ ਦੇਸ਼ਾਂ ਵਿੱਚ ਟਰੇਨਿੰਗ ਲਈ ਭੇਜਿਆ ਜਾ ਰਿਹਾ ਹੈ ਤਾਂ ਜੋ ਅਧਿਆਪਕ ਉੱਥੋਂ ਨਵੀਨਤਮ ਤਕਨੀਕਾਂ ਸਿੱਖ ਕੇ ਆਪਣੇ ਵਿਦਿਆਰਥੀਆਂ ਨੂੰ ਉਨ੍ਹਾਂ ਤਕਨੀਕਾਂ ਨਾਲ ਸਿੱਖਿਆ ਪ੍ਰਦਾਨ ਕਰ ਸਕਣ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਿਛਲੇ ਤਿੰਨ ਸਾਲਾਂ ‘ਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ, ਉਸੇ ਤਰ੍ਹਾਂ ਅੱਗੇ ਵੀ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਹੁੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਬੱਚੇ ਚੰਗੀ ਸਿੱਖਿਆ ਪ੍ਰਾਪਤ ਕਰਨਗੇ ਤਾਂ ਉਹ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਾਪਤ ਕਰ ਸਕਦੇ ਹਨ।
ਅੱਜ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਭੂਤਗੜ੍ਹ, ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਹਰਿਆਊ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਹਰਿਆਊ ਖੁਰਦ ਤੇ ਸਰਕਾਰੀ ਮਿਡਲ ਸਕੂਲ ਦਿਓਗੜ ਵਿਖੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਸਕੂਲਾਂ ‘ਚ ਨਵੇਂ ਬਣੇ ਕਮਰੇ ਤੇ ਬੁਨਿਆਦੀ ਢਾਂਚੇ ‘ਚ ਹੋਏ ਵਿਕਾਸ ਦਾ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਵੱਡਾ ਲਾਭ ਹੋਵੇਗਾ।

Leave a Reply

Your email address will not be published. Required fields are marked *