ਤਰਨ ਤਾਰਨ, 27 ਅਪ੍ਰੈਲ
:
ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ’ਚ 27 ਅਪ੍ਰੈਲ ਤੱਕ 6,19,824 ਮੀਟਿਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 6,01,796 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਵਲੋ ਖਰੀਦ ਕੀਤੀ ਜਾ ਚੁੱਕੀ ਹੈ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 1245 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਬਣਦੀ ਅਦਾਇਗੀ 48 ਘੰਟੇ ਦੇ ਅੰਦਰ-ਅੰਦਰ ਆਨਲਾਈਨ ਤਰੀਕੇ ਨਾਲ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਉਹਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 27 ਅਪ੍ਰੈਲ ਤੱਕ ਪਨਗਰੇਨ ਏਜੰਸੀ ਵੱਲੋਂ 1,93,940 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,48,189 ਮੀਟ੍ਰਿਕ ਟਨ, ਪਨਸਪ ਵੱਲੋਂ 1,41,171 ਮੀਟ੍ਰਿਕ ਟਨ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 77,061 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 30,714 ਕਣਕ ਦੀ ਖਰੀਦ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਅਤੇ ਵੱਖ ਵੱਖ ਅਤੇ ਸਾਰੀਆਂ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਮੰਡੀਆਂ ਵਿਚੋ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ 48 ਘੰਟਿਆਂ ਵਿਚ ਕਰਨੀ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ।