ਡਿਪਟੀ ਕਮਿਸ਼ਨਰ ਵੱਲੋਂ ਨਾਗਰਿਕਾਂ ਨੂੰ ਸੰਜਮ ਨਾਲ ਖ਼ਰੀਦਦਾਰੀ ਕਰਨ ਦੀ ਅਪੀਲ

ਜਲੰਧਰ, 8 ਮਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਾਗਰਿਕਾਂ ਨੂੰ ਸੰਜਮ ਨਾਲ ਅਤੇ ਸੋਚ-ਵਿਚਾਰ ਕੇ ਖ਼ਰੀਦਦਾਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਘਬਰਾਹਟ ਵਿੱਚ ਆ ਕੇ ਧੜਾਧੜ ਖ਼ਰੀਦਦਾਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਕਿਸੇ ਵੀ ਤਰ੍ਹਾਂ ਦੇ ਐਮਰਜੈਂਸੀ ਹਾਲਾਤ ਦਾ ਸਾਹਮਣਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਨਾਲ ਖੜ੍ਹਾ ਹੈ।

ਡਾ. ਅਗਰਵਾਲ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਹਾਲਾਤ ਦੌਰਾਨ ਪੰਜਾਬ ਸਰਕਾਰ ਵੱਲੋਂ ਜਨਤਾ ਨੂੰ ਹਰ ਪ੍ਰਕਾਰ ਦੀ ਸਹਾਇਤਾ ਤੇ ਸਹਿਯੋਗ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦੇ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਜ਼ਰੂਰੀ ਵਸਤਾਂ ਸਮੇਤ ਕਿਸੇ ਵੀ ਚੀਜ਼ ਦੀ ਜਮ੍ਹਾਖੋਰੀ ਬਿਲਕੁੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਜਮ੍ਹਾਖੋਰੀ ਜਾਂ ਕਾਲਾਬਾਜ਼ਾਰੀ ਕਰਦਾ ਪਾਇਆ ਗਿਆ, ਤਾਂ ਉਸ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਡੀ.ਐਫ.ਐਸ.ਸੀ. ਨੂੰ ਜਮ੍ਹਾਖੋਰੀ ’ਤੇ ਸਖ਼ਤ ਨਿਗਰਾਨੀ ਰੱਖਣ ਅਤੇ ਗਲਤ ਇਰਾਦੇ ਨਾਲ ਥੋਕ ਵਿੱਚ ਖ਼ਰੀਦਦਾਰੀ ਕਰਨ ਵਾਲਿਆਂ ਦੀ ਸੂਚੀ ਤਿਆਰ ਕਰਕੇ ਪ੍ਰਸ਼ਾਸਨ ਨਾਲ ਸਾਂਝੀ ਕਰਨ ਦੇ ਨਿਰਦੇਸ਼ ਵੀ ਦਿੱਤੇ।

ਇਸਦੇ ਨਾਲ ਹੀ, ਡਿਪਟੀ ਕਮਿਸ਼ਨਰ ਨੇ ਨਾਗਰਿਕਾਂ ਨੂੰ ਭਵਿੱਖ ਵਿੱਚ ਹੋਣ ਵਾਲੀ ਮੌਕ ਡਰਿੱਲ ਦੀ ਪੂਰੀ ਗੰਭੀਰਤਾ ਨਾਲ ਪਾਲਣਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਮੌਕ ਡਰਿੱਲ ਘੱਟ ਸਮੇਂ ਲਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਲੈਕ ਆਊਟ ਡਰਿੱਲ ਦੌਰਾਨ ਲਾਈਟ ਬੰਦ ਕਰ ਦਿੱਤੀ ਜਾਵੇਗੀ ਅਤੇ ਟ੍ਰੈਫਿਕ ਲਾਈਟਾਂ ਵੀ ਬੰਦ ਰਹਿਣਗੀਆਂ। ਉਨ੍ਹਾਂ ਅਪੀਲ ਕੀਤੀ ਕਿ ਇਸ ਦੌਰਾਨ ਆਪਣੇ ਘਰਾਂ ਵਿੱਚ ਇਨਵਰਟਰ ਜਾਂ ਜਨਰੇਟਰ ਬੰਦ ਰੱਖੇ ਜਾਣ। ਜੇਕਰ ਕਿਸੇ ਵਜ੍ਹਾ ਕਾਰਨ ਇਹ ਚਲਾਉਣੇ ਵੀ ਹਨ ਤਾਂ ਇਸ ਤਰ੍ਹਾਂ ਚਲਾਏ ਜਾਣ ਕਿ ਰੌਸ਼ਨੀ ਖਿੜਕੀਆਂ ਦਰਵਾਜ਼ਿਆਂ ਵਿੱਚੋਂ ਬਾਹਰ ਨਾ ਜਾਵੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਵਾਹਨਾਂ ’ਤੇ ਗੈਰ-ਜ਼ਰੂਰੀ ਸਫ਼ਰ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜੇਕਰ ਕੋਈ ਵਾਹਨ ਸੜਕ ’ਤੇ ਜਾ ਰਿਹਾ ਹੈ ਤਾਂ ਉਸਦੀਆਂ ਲਾਈਟਾਂ ਬੰਦ ਕਰਕੇ ਉਸ ਨੂੰ ਸੜਕ ਦੇ ਕਿਨਾਰੇ ਰੋਕ ਲਿਆ ਜਾਵੇ।

ਡਾ. ਅਗਰਵਾਲ ਨੇ ਕਿਹਾ ਕਿ ਜੇਕਰ ਬਿਨਾਂ ਮੌਕ ਡਰਿੱਲ ਦੀ ਅਨਾਊਂਸਮੈਂਟ ਤੋਂ ਵੀ ਸਾਇਰਨ ਦੀ ਆਵਾਜ਼ ਸੁਣਾਈ ਦਿੰਦੀ ਹੈ ਤਾਂ ਤੁਰੰਤ ਮੌਕ ਡਰਿੱਲ ਦੌਰਾਨ ਕੀਤੇ ਅਭਿਆਸ ਨੂੰ ਅਮਲ ਵਿੱਚ ਲਿਆਂਦਾ ਜਾਵੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਸਲਾਹ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਲੋਕ ਹਿੱਤ ਵਿੱਚ ਜਾਰੀ ਐਡਵਾਈਜ਼ਰੀ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਸ਼ਰਾਰਤੀ ਅਨਸਰ ਅਫ਼ਵਾਹ ਫੈਲਾਉਂਦਾ ਪਾਇਆ ਗਿਆ, ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਓਧਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਡੀ.ਐਫ.ਐਸ.ਸੀ. ਨਰਿੰਦਰ ਸਿੰਘ ਵੱਲੋਂ ਡੀ. ਮਾਰਟ ਸਮੇਤ ਵੱਖ-ਵੱਖ ਸਟੋਰਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਪ੍ਰਬੰਧਕਾਂ ਨੂੰ ਵਿਅਕਤੀਗਤ ਲੋਕਾਂ ਨੂੰ ਥੋਕ ਵਿੱਚ ਸਾਮਾਨ ਨਾ ਵੇਚਣ ਅਤੇ ਗਾਹਕਾਂ ਨੂੰ ਵੀ ਬਿਨਾਂ ਲੋੜ ਤੋਂ ਥੋਕ ਵਿੱਚ ਖ਼ਰੀਦਦਾਰੀ ਨਾ ਕਰਨ ਲਈ ਪ੍ਰੇਰਿਤ ਕਰਨ ਲਈ ਕਿਹਾ। ਡੀ.ਐਫ.ਐਸ.ਸੀ. ਨੇ ਦੱਸਿਆ ਕਿ ਸਟੋਰ ਵਿੱਚ ਨਿਯਮਿਤ ਤੌਰ ’ਤੇ ਘੋਸ਼ਣਾਵਾਂ ਵੀ ਕਰਵਾਈਆਂ ਜਾ ਰਹੀਆਂ ਹਨ ਕਿ ਨਿਯਮਿਤ ਲੋੜ ਮੁਤਾਬਕ ਹੀ ਸਾਮਾਨ ਖਰੀਦਿਆ ਜਾਵੇ।

Leave a Reply

Your email address will not be published. Required fields are marked *