ਫ਼ਿਰੋਜ਼ਪੁਰ, 8 ਮਈ 2025:
ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਕਾਰਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਲੋਕਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਤਣਾਅ ਦੀ ਇਸ ਸਥਿਤੀ ਵਿੱਚ ਉਹ ਆਪਣੇ ਲੋਕਾਂ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਮੁਸਤੈਦ ਹਨ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ।
ਉਨ੍ਹਾਂ ਕਿਹਾ ਕਿ ਅੱਤਵਾਦ ਖਿਲਾਫ਼ ਭਾਰਤ ਦੀ ਇਸ ਲੜਾਈ ਵਿੱਚ ਅਸੀਂ ਸਾਰੇ ਦੇਸ਼ ਅਤੇ ਆਪਣੀਆਂ ਸੈਨਾਵਾਂ ਦੇ ਨਾਲ ਹਾਂ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਇਕ ਸਰਹੱਦੀ ਖੇਤਰ ਹੈ ਅਤੇ ਇਸ ਖੇਤਰ ਦੇ ਲੋਕ ਜੁਝਾਰੂ ਹਨ ਜੋ ਹਮੇਸ਼ਾ ਤੋਂ ਹੀ ਅਜਿਹੀਆਂ ਸਥਿਤੀਆਂ ਵਿਚ ਆਪਣੀ ਭਾਰਤੀ ਫੌਜ ਨਾਲ ਖੜ੍ਹੇ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਫੌਜ ਦੇ ਜਵਾਨਾਂ ਉੱਤੇ ਮਾਣ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ’ਤੇ ਝੂਠੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਅਜਿਹੀ ਕੋਈ ਵੀ ਅਫ਼ਵਾਹ ਨਾ ਫੈਲਾਈ ਜਾਵੇ ਜਿਸ ਨਾਲ ਲੋਕਾਂ ਵਿੱਚ ਘਬਰਾਹਟ ਦਾ ਮਾਹੌਲ ਪੈਦਾ ਹੋਵੇ ।
ਭਾਰਤ-ਪਾਕਿ ਤਣਾਅ ਦੀ ਸਥਿਤੀ ਵਿੱਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ – ਵਿਧਾਇਕ ਦਹੀਯਾ

