Tuesday, October 20
Shadow

ਕੌਮਾਂ ਨੂੰ ਜਿਊਂਦਾ ਰੱਖਣ ਲਈ ਵਿਰਾਸਤ ਨੂੰ ਸੰਭਾਲਣਾ ਜ਼ਰੂਰੀ : ਜਗਰੂਪ ਸਿੰਘ ਗਿੱਲ

ਬਠਿੰਡਾ, 8 ਫ਼ਰਵਰੀ : ਕੌਮਾਂ ਨੂੰ ਜਿਊਂਦਾ ਰੱਖਣ ਲਈ ਵਿਰਾਸਤ ਨੂੰ ਸੰਭਾਲਣਾ ਬਹੁਤ ਜ਼ਰੂਰੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਸਿੰਘ ਭੱਲਾ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਪ੍ਰਧਾਨ ਸ. ਹਰਵਿੰਦਰ ਸਿੰਘ ਖਾਲਸਾ ਤੇ ਨੁਮਾਇੰਦਿਆਂ ਵਲੋਂ ਇੱਥੇ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 9, 10 ਅਤੇ 11 ਫਰਵਰੀ 2024 ਨੂੰ ਕਰਵਾਏ ਜਾ ਰਹੇ 17ਵੇਂ ਵਿਰਾਸਤੀ ਮੇਲੇ ਦਾ ਪੋਸਟਰ ਵੀ ਜਾਰੀ ਕੀਤਾ ਗਿਆ।

ਇਸ ਮੌਕੇ ਵਿਧਾਇਕ ਸ. ਗਿੱਲ ਨੇ ਮੀਡੀਆ ਨਾਲ ਗੱਲਬਾਤ ਕਰਦਿਆ ਕਿਹਾ ਕਿ ਸਾਡਾ ਸਭ ਦਾ ਫ਼ਰਜ ਬਣਦਾ ਹੈ ਕਿ ਪੰਜਾਬੀ ਮਾਂ ਬੋਲੀ ਦਾ ਵੱਧ ਤੋਂ ਵੱਧ ਸਤਿਕਾਰ ਕਰੀਏ ਅਤੇ ਇਸ ਨੂੰ ਵੱਧ ਤੋਂ ਵੱਧ ਵਰਤੋਂ ਵਿੱਚ ਲਿਆਈਏ। ਉਨ੍ਹਾਂ ਇਹ ਵੀ ਕਿਹਾ ਕਿ ਉਹ ਕੌਮਾਂ ਹੀ ਹਮੇਸ਼ਾ ਜਿਊਂਦਾ ਰਹਿੰਦੀਆਂ ਹਨ ਜੋ ਆਪਣੀ ਵਿਰਾਸਤ ਅਤੇ ਆਪਣੀ ਮਾਤ ਭਾਸ਼ਾ ਨੂੰ ਸੰਭਾਲ ਕੇ ਰੱਖਦੀਆਂ ਹਨ।

            ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਤੇ ਪੰਜਾਬੀਅਤ ਦੇ ਪੁਰਾਣੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੀ ਵਿਰਾਸਤ ਦੀ ਸਾਂਭ-ਸੰਭਾਲ ਨੂੰ ਸਮਰਪਿਤ ਹਰ ਸੰਭਵ ਯਤਨ ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਹੀ ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵਲੋਂ ਇਹ ਵਿਰਾਸਤੀ ਮੇਲਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਤੇ ਵਿਰਾਸਤ ਸਬੰਧੀ ਜਾਣਕਾਰੀ ਦੇਣ ਲਈ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਇਹ ਮੇਲਾ ਨਵੀਂ ਪੀੜ੍ਹੀ ਨੂੰ ਵਿਰਾਸਤ ਤੋਂ ਜਾਣੂ ਕਰਵਾਉਣ ਚ ਸਹਾਈ ਸਿੱਧ ਵੀ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਮੇਲਾ ਭਵਿੱਖ ਵਿੱਚ ਵੀ ਹਰ ਸਾਲ ਦੀ ਤਰ੍ਹਾਂ ਦੀ ਕਰਵਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਇਸ ਮੇਲੇ ਦੀ ਸ਼ੁਰੂਆਤ 9 ਫਰਵਰੀ ਨੂੰ ਸਵੇਰੇ 11:30 ਵਜੇ ਸਥਾਨਕ ਗੁਰੂਦੁਆਰਾ ਹਾਜੀ ਰਤਨ ਵਿਖੇ ਅਰਦਾਸ ਕਰਵਾਉਣ ਉਪਰੰਤ ਦਰਗਾਹ ਤੇ ਚਾਦਰ ਚੜ੍ਹਾਉਣ ਨਾਲ ਹੋਵੇਗੀ। ਇਸ ਮੌਕੇ ਇੱਥੋ ਹੀ ਵਿਰਾਸਤੀ ਕਾਫ਼ਲਾ ਕੱਢਿਆ ਜਾਵੇਗਾ, ਜਿਸ ਚ ਪੰਜਾਬ ਦੇ ਮਾਣਮੱਤੇ ਇਤਿਹਾਸ ਅਤੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਇਸ ਕਾਫ਼ਲੇ ਦਾ ਸਿੰਗਾਰ ਬਨਣਗੀਆਂ।

ਇਸ ਤੋਂ ਇਲਾਵਾ ਇਸ ਕਾਫ਼ਲੇ ਚ ਪੁਰਾਤਨ ਤੇ ਵਿਰਾਸਤੀ ਵਸਤਾਂ ਅਤੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਨੂੰ ਦਰਸਾਉਂਦੀਆਂ ਹੋਈਆਂ ਪ੍ਰਦਰਸ਼ਨੀਆਂ ਸਮੇਤ ਇਹ ਕਾਫ਼ਲਾ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਪਹੁੰਚੇਗਾ। ਇਸ ਉਪਰੰਤ ਇੱਥੇ ਵਿਰਾਸਤੀ ਮੇਲਾ ਸ਼ੁਰੂ ਹੋਵੇਗਾ ਜੋ ਲਗਾਤਾਰ 11 ਫ਼ਰਵਰੀ ਤੱਕ ਚੱਲੇਗਾ। ਇਸ ਵਿਰਾਸਤੀ ਮੇਲੇ ਦੌਰਾਨ ਵੱਖ-ਵੱਖ ਰਾਜਾਂ ਨਾਲ ਸਬੰਧਤ ਸੱਭਿਆਚਾਰਕ ਵੰਨਗੀਆਂ, ਨਾਟਕਾਂ, ਕਵੀਸ਼ਰੀ, ਮਲਵਈ ਗਿੱਧਾ, ਭੰਗੜਾ, ਸਮੀ, ਲੁੱਡੀ ਅਤੇ ਭੰਡਾ ਦੇ ਹਾਸਰਸ ਰੰਗਾਂ ਤੋਂ ਇਲਾਵਾ ਪ੍ਰਸਿੱਧ ਸੂਫ਼ੀ ਗਾਇਕ ਕੰਵਰ ਗਰੇਵਾਲ ਸਮੇਤ ਹੋਰ ਗਾਇਕਾਂ ਵਲੋਂ ਆਪਣੀ ਕਲਾਂ ਦਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬੀ ਮਾਂ ਬੋਲੀ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਹਰ ਬੋਰਡ, ਸਾਇਨ ਬੋਰਡ ਪੰਜਾਬੀ ਵਿੱਚ ਲਿਖੇ ਜਾਣਗੇ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਲਗਾਏ ਜਾ ਕੈਂਪ ਆਮ ਲੋਕਾਂ ਲਈ ਬਹੁਤ ਹੀ ਸਹਾਈ ਸਿੱਧ ਹੋ ਰਹੇ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਪੰਕਜ, ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵਲੋਂ ਸ੍ਰੀ ਚਮਕੌਰ ਮਾਨ, ਸ਼੍ਰੀ ਇੰਦਰਜੀਤ ਸਿੰਘ, ਸ਼੍ਰੀ ਗੁਰਅਵਤਾਰ ਸਿੰਘ ਗੋਗੀ, ਸ਼੍ਰੀ ਰਾਮ ਪ੍ਰਕਾਸ਼ ਜਿੰਦਲ, ਸ਼੍ਰੀ ਗੁਰਮੀਤ ਸਿੰਘ ਸਿੱਧੂ ਆਦਿ ਨੁਮਾਇੰਦੇ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *