ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਪੁਲਿਸ ਨੇ ਸਿਰਫ 79 ਦਿਨਾਂ ਵਿੱਚ 515 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੱਸਣਯੋਗ ਹੈ ਕਿ 1 ਮਾਰਚ, 2025 ਨੂੰ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਪੰਜਾਬ ਪੁਲਿਸ ਨੇ ਹੁਣ ਤੱਕ 7128 ਐਫਆਈਆਰ ਦਰਜ ਕੀਤੀਆਂ ਹਨ ਅਤੇ 11954 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਨਸ਼ਾ ਮੁਕਤ ਪੰਜਾਬ ਪ੍ਰਤੀ ਪੁਲਿਸ ਦੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ।
79ਵੇਂ ਦਿਨ ਦੇ ਨਤੀਜਿਆਂ ਦੇ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 147 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.7 ਕਿਲੋ ਹੈਰੋਇਨ, 84 ਕਿਲੋ ਭੁੱਕੀ, 73000 ਰੁਪਏ ਅਤੇ 1.22 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।
ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 92 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 505 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 109 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 692 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 49 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।