Tuesday, March 10
Shadow

ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਪ੍ਰਚਾਰ ਲਈ ਭੈਂਣੀ ਗੰਢੂਆਂ ਵਿਖੇ ਕੈਂਪ ਦਾ ਆਯੋਜਨ

ਸੰਗਰੂਰ, 22 ਜੂਨ (000) –
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਕੈਂਪਾਂ ਦੀ ਲੜੀ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਚੱਲਤ ਕਰਨ ਸਬੰਧੀ ਪਿੰਡ ਭੈਂਣੀ ਗੰਢੂਆਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਖੋਖਰ ਖੁਰਦ ਪਿੰਡ ਦੇ ਕਿਸਾਨਾਂ ਨੇ ਵੀ ਭਾਗ ਲਿਆ।

ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਡਾ. ਅਸ਼ੋਕ ਕੁਮਾਰ, ਜਿਲ੍ਹਾ ਪਸਾਰ ਵਿਗਿਆਨੀ, ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਵਰਤੀਆਂ ਜਾਂਦੀਆਂ ਮਸ਼ੀਨਾਂ, ਘੱਟ ਅਤੇ ਦਰਮਿਆਨੇ ਸਮੇਂ ਦੀਆਂ ਕਿਸਮਾਂ ਦੀ ਚੋਣ, ਬਿਜਾਈ ਦਾ ਸਮਾਂ, ਖਾਦਾਂ ਦੀ ਵਰਤੋਂ, ਨਦੀਨ ਪ੍ਰਬੰਧਨ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਸਿੱਧੀ ਬਿਜਾਈ ਵਾਲੇ ਝੋਨੇ ਵਿੱਚ ਪਾਣੀ ਦੀ ਬੱਚਤ, ਨਦੀਨਾਂ ਦੀ ਘੱਟ ਸਮੱਸਿਆ, ਜੜ੍ਹਾਂ ਡੂੰਘੀਆਂ ਜਾਣ ਕਰਕੇ ਖੁਰਾਕੀ ਤੱਤਾਂ ਦੀ ਘਾਟ ਦਾ ਬਹੁਤ ਘੱਟ ਆਉਣਾ ਅਤੇ ਅਗਲੀ ਫਸਲ ਭਾਵ ਕਣਕ ਦਾ ਵੱਧ ਝਾੜ ਆਉਂਦਾ ਹੈ। ਨਦੀਨਾਂ ਦੀ ਸਮੱਸਿਆ ਬਾਰੇ ਵਿਸਥਾਰਪੂਰਵਕ ਚਰਚਾ ਕਰਦਿਆਂ ਉਹਨਾਂ ਕਿਹਾ ਕਿ ਬਿਜਾਈ ਤੋਂ ਤੁਰੰਤ ਬਾਅਦ ਸਿਫਾਰਸ਼ ਨਦੀਨ-ਨਾਸ਼ਕਾਂ ਦੀ ਵਰਤੋਂ ਨਾਲ ਘਾਹ ਵਾਲੇ ਮੌਸਮੀ ਨਦੀਨ ਜਿਵੇਂ ਕਿ ਸਵਾਂਕ, ਗੁੜਤ ਮਧਾਣਾ ਅਤੇ ਕੁਝ ਚੌੜੇ ਪੱਤੇ ਵਾਲੇ ਨਦੀਨਾਂ ਦੀ ਚੰਗੀ ਰੋਕਥਾਮ ਕੀਤੀ ਜਾ ਸਕਦੀ ਹੈ। ਝੋਨੇ ਦੀ ਖੜੀ ਫਸਲ ਵਿੱਚ ਸਿਫਾਰਸ਼ ਕੀਤੇ ਨਦੀਨ ਨਾਸ਼ਕ ਜਿਵੇਂ ਕਿ ਨੌਮਨੀ ਗੋਲਡ (10 ਐਸ ਸੀ), ਰਾਈਸ ਸਟਾਰ (6.7 ਈ ਸੀ), ਨੌਵਲੈੱਕਟ (12 ਈ ਸੀ) ਆਦਿ ਨੂੰ ਨਦੀਨਾਂ ਦੀ ਕਿਸਮ ਦੇ ਅਧਾਰ ਤੇ ਬਿਜਾਈ ਤੋਂ 15-25 ਦਿਨ ਬਾਅਦ ਜਦੋਂ ਨਦੀਨ 2-4 ਪੱਤਿਆਂ ਦੀ ਅਵਸਥਾ ਵਿੱਚ ਹੋਣ, 150 ਲੀਟਰ ਪਾਣੀ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਸਾਨਾਂ ਨੂੰ ਸਿੱਧੇ ਬੀਜੇ ਝੋਨੇ ਨੂੰ 130 ਕਿਲੋ ਯੂਰੀਆ ਪ੍ਰਤੀ ਏਕੜ ਤਿੰਨ ਬਰਾਬਰ ਹਿੱਸਿਆਂ ਵਿੱਚ ਵੰਡ ਕੇ ਬਿਜਾਈ ਤੋਂ 4, 6 ਅਤੇ 9 ਹਫਤਿਆਂ ਬਾਅਦ ਛੱਟੇ ਨਾਲ ਪਾਉਣ ਲਈ ਕਿਹਾ। ਇਸੇ ਤਰ੍ਹਾਂ ਬਾਸਮਤੀ ਦੀ ਸਿੱਧੀ ਬਿਜਾਈ ਜੂਨ ਦੇ ਦੂਜੇ ਪੰਦਰਵਾੜੇ ਵਿੱਚ ਕਰਨ ਸਮੇਂ ਕੇਵਲ 54 ਕਿਲੋ ਯੂਰੀਆ ਪ੍ਰਤੀ ਏਕੜ ਬਿਜਾਈ ਤੋਂ 3, 6 ਅਤੇ 9 ਹਫਤਿਆਂ ਬਾਅਦ ਪਾਉਣਾ ਚਾਹੀਦਾ ਹੈ।

ਕੈਂਪ ਵਿੱਚ ਕਿਸਾਨਾਂ ਵੱਲੋਂ ਉਠਾਏ ਗਏ ਸਵਾਲ ਜਿਵੇਂ ਕਿ ਜ਼ਿੰਕ ਦਾ ਛਿੜਕਾਅ, ਲੋਹੇ ਦੀ ਘਾਟ ਅਤੇ ਰੋਕਥਾਮ, ਪੋਟਾਸ਼ ਤੱਤ ਦੀ ਘਾਟ ਦੇ ਇਲਾਜ, ਮਿੱਟੀ ਅਤੇ ਪਾਣੀ ਪਰਖ ਲਈ ਨਮੂਨੇ ਲੈਣ ਦੇ ਢੰਗ ਆਦਿ ਦੇ ਤਸੱਲੀਬਖਸ਼ ਜਵਾਬ ਦਿੱਤੇ ਗਏ। ਕਿਸਾਨਾਂ ਨੂੰ ਪਸ਼ੂਆਂ ਦੀ ਸਿਹਤ ਸੁਧਾਰ ਲਈ ਧਾਤਾਂ ਦਾ ਚੂਰਾ, ਬਾਈਪਾਸ ਫੈਟ ਅਤੇ ਪਸ਼ੂ ਚਾਟ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਅਖੀਰ ਵਿੱਚ ਸ. ਅਮਰੀਕ ਸਿੰਘ ਦੇ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ ਵੀ ਕੀਤਾ ਗਿਆ। ਕੈਂਪ ਨੂੰ ਉਲੀਕਣ ਅਤੇ ਸਫਲਤਾਪੂਰਵਕ ਨੇਪਰੇ ਚਾੜਨ ਵਿੱਚ ਸ. ਭਗਵਾਨ ਸਿੰਘ ਨੇ ਪੂਰਾ ਸਾਥ ਦਿੱਤਾ। ਕੈਂਪ ਦੀ ਸਮਾਪਤੀ ਤੇ ਝੋਨੇ ਦੀ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ ਹੌਂਸਲਾ ਦੇਣ ਲਈ ਨੌਮਨੀ ਗੋਲਡ ਅਤੇ ਨੌਵਲੈੱਕਟ ਨਦੀਨ ਨਾਸ਼ਕ ਪ੍ਰਦਰਸ਼ਨੀ ਦੇ ਤੌਰ ਤੇ ਵੀ ਦਿੱਤੇ ਗਏ। ਸ. ਭਗਵਾਨ ਸਿੰਘ ਨੇ ਸਾਰੇ ਕਿਸਾਨਾਂ ਦਾ ਅਤੇ ਡਾ. ਅਸ਼ੋਕ ਕੁਮਾਰ ਦਾ ਬਹੁਤ ਧੰਨਵਾਦ ਕੀਤਾ।

Leave a Reply

Your email address will not be published. Required fields are marked *