ਘਰ-ਘਰ ਮੁਫ਼ਤ ਰਾਸ਼ਨ’ਪਹਿਲਕਦਮੀ ਤਹਿਤ ਅਧਿਕਾਰੀ ਰਾਸ਼ਨ ਦੀ ਨਿਰਵਿਘਨ ਵੰਡ ਯਕੀਨੀ ਬਣਾਉਣ: ਡਿਪਟੀ ਕਮਿਸ਼ਨਰ

ਫਾਜ਼ਿਲਕਾ 19 ਫਰਵਰੀ 2024

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸੋਮਵਾਰ ਨੂੰ ‘ਘਰ ਘਰ ਮੁਫਤ ਰਾਸ਼ਨ’ਪਹਿਲਕਦਮੀ (ਸਕੀਮ) ਅਧੀਨ ਰਜਿਸਟਰਡ ਹਰੇਕ ਲਾਭਪਾਤਰੀ ਤੱਕ ਰਾਸ਼ਨ ਪਹੁੰਚਾਉਣ ਲਈ ਸਾਰੇ ਸਬੰਧਤ ਵਿਭਾਗਾਂ ਦੀ ਬੈਠਕ ਕੀਤੀ। ਹਰੇਕ ਯੋਗ ਘਰ ਤੱਕ ਰਾਸ਼ਨ ਦੀ ਨਿਰਵਿਘਨ ਪਹੁੰਚ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਨਾਲ ਵੀਡੀਓ ਕਾਨਫਰੰਸਿੰਗ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਬੈਠਕ ਵਿੱਚ ਹਾਜ਼ਰ ਅਧਿਕਾਰੀਆਂ ਨੂੰ ‘ਘਰ ਘਰ ਮੁਫਤ ਰਾਸ਼ਨ’ਤਹਿਤ ਰਾਸ਼ਨ ਦੀ ਵੰਡ ਲਈ ਪੁਖਤਾ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਪੰਜਾਬ ਸਰਕਾਰ ਵੱਲੋਂ ਜੋ ਟੀਚਾ ਨਿਸ਼ਚਿਤ ਕੀਤਾ ਗਿਆ ਹੈ ਉਸ ਨੂੰ ਜ਼ਿਲ੍ਹੇ ਵਿਚ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ!

ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਇਸ ਸਕੀਮ ਅਧੀਨ 1,73,943 ਰਾਸ਼ਨ ਕਾਰਡ ਹਨ ਤੇ ਇਹਨਾਂ ਰਾਸ਼ਨ ਕਾਰਡਾਂ ਵਿੱਚ 6,66,065 ਲਾਭਪਾਤਰੀ ਕਵਰ ਹਨ!  ਉਨ੍ਹਾ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਕੀਮ ਅਧੀਨ ਰਜਿਸਟਰਡ ਸਾਰੇ ਲਾਭਪਾਤਰੀਆਂ ਨੂੰ ਰਾਸ਼ਨ ਮਿਲੇ। ਉਨ੍ਹਾਂ ਇਸ ਸਕੀਮ ਨਾਲ ਜੁੜੇ ਸਾਰੇ ਵਿਭਾਗਾਂ ਨੂੰ ਰੋਜ਼ਾਨਾ ਪ੍ਰਗਤੀ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਘਰ-ਘਰ ਮੁਫਤ ਰਾਸ਼ਨ ਦੇ ਪ੍ਰਬੰਧ ਕੀਤੇ ਜਾਣ ਤੋਂ ਬਾਅਦ ਲਾਭਪਾਤਰੀਆਂ ਨੂੰ ਡਿਪੂਆਂ ‘ਤੇ ਜਾਣ ਦੀ ਲੋੜ ਨਹੀਂ ਹੈ। ਉਨ੍ਹਾਂ ਡੀ ਐਫ ਐਸ ਸੀ ਹਿਮਾਂਸ਼ੂ ਕੁੱਕੜ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਸਕੀਮ ਨੂੰ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਲਾਗੂ ਕੀਤਾ ਜਾਵੇ ਅਤੇ ਕਿਸੇ ਨੂੰ ਵੀ ਪਹਿਲਾਂ ਵਾਂਗ ਰਾਸ਼ਨ ਲੈਣ ਲਈ ਡਿਪੂਆਂ ਤੱਕ ਨਾ ਜਾਣਾ ਪਵੇ।

ਉਨ੍ਹਾਂ ਜ਼ਿਲ੍ਹਾ ਖੁਰਾਕ ਸਪਲਾਈ ਅਤੇ ਕੰਟਰੋਲਰ ਅਤੇ ਜ਼ਿਲ੍ਹਾ ਮੈਨੇਜਰ ਮਾਰਕਫੈੱਡ ਨੂੰ ਵੰਡ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਸਾਰੇ ਲਾਭਪਾਤਰੀਆਂ ਨੂੰ ਸਮੇਂ ਸਿਰ ਰਾਸ਼ਨ ਮਿਲ ਸਕੇ। ਉਨ੍ਹਾਂ ਖੇਤਰੀ ਟਰਾਂਸਪੋਰਟ ਅਫ਼ਸਰ ਨੂੰ ਵਾਧੂ ਵਾਹਨ ਉਪਲਬਧ ਕਰਵਾਉਣ ਲਈ ਤਾਂ ਜੋ ਟੀਮਾਂ ਵੰਡ ਦੀ ਸਮਾਂ-ਸੀਮਾ ਨੂੰ ਖੁੰਝੇ ਬਿਨਾਂ ਪੂਰੇ ਜ਼ਿਲ੍ਹੇ ਨੂੰ ਕਵਰ ਕਰ ਸਕਣ।

ਇਸ ਮੌਕੇ ਜ਼ਿਲ੍ਹਾ ਮੈਨੇਜਰ ਮਾਰਕਫੈਡ ਸ੍ਰੀ ਵਿਪਨ ਸਿੰਘਲਾ, ਜੀਐਸ ਫੂਡ ਫਰੀਦਕੋਟ ਤੋਂ ਗਰੀਸ਼ ਕੁਮਾਰ ਸਮੇਤ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ!

Leave a Reply

Your email address will not be published. Required fields are marked *