ਹਾੜੀ ਦੀਆਂ ਫ਼ਸਲਾਂ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 20 ਫਰਵਰੀ:

          ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪਿੰਡ ਬੋਦੀਵਾਲਾ ਖੜਕ ਸਿੰਘ ਵਾਲਾ ਵਿਖੇ ਹਾੜੀ ਰੁੱਤ ਦੀਆਂ ਫ਼ਸਲਾਂ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਿੰਡ ਦੇ ਲਗਭਗ 60 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ। ਇਸ ਕੈਂਪ ਦੀ ਪ੍ਰਧਾਨਗੀ ਡਾ. ਕਰਮਜੀਤ ਸ਼ਰਮਾ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕੇ.ਵੀ.ਕੇ., ਸ਼੍ਰੀ ਮੁਕਤਸਰ ਸਾਹਿਬ ਨੇ ਕੀਤੀ।

ਇਸ ਕੈਂਪ ਦੌਰਾਨ ਡਾ. ਕਰਮਜੀਤ ਸ਼ਰਮਾ ਨੇ ਘਰੇਲੂ ਬਗੀਚੀ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵੱਖ-ਵੱਖ ਫ਼ਸਲਾਂ ਲਈ ਉਤਪਾਦਨ ਤਕਨੀਕਾਂ ਵਿਕਸਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਨੂੰ ਅਪਣਾ ਕੇ ਕਿਸਾਨ ਵੀਰ ਆਪਣਾ ਮੁਨਾਫਾ ਵਧਾਉਣ ਦੇ ਨਾਲ-ਨਾਲ ਵਾਤਾਵਰਨ ਸੰਭਾਲ ਵਿੱਚ ਵੀ ਯੋਗਦਾਨ ਪਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕੇ.ਵੀ.ਕੇ. ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਦੱਸਿਆ ਅਤੇ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਖੇਤੀ ਸਹਾਇਕ ਧੰਦੇ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ।

ਇਸ ਕੈਂਪ ਦੌਰਾਨ ਡਾ. ਗੁਰਮੇਲ ਸਿੰਘ ਸੰਧੂ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਣਕ ਅਤੇ ਸਰੋਂ ਦੇ ਕੀੜੇ ਮਕੌੜੇ ਅਤੇ ਬਿਮਾਰੀਆਂ ਦੀ ਪਹਿਚਾਣ ਅਤੇ ਰੋਕਥਾਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਅਨੁਸਾਰ ਹੀ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਛਿੜਕਾਅ ਕੀਤੇ ਜਾਣ।

ਇਕ ਮੌਕੇ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਦੱਸਿਆ ਕਿ ਕਣਕ ਦੀ ਗੋਭ ਦੀ ਅਵਸਥਾ ’ਤੇ 2.0% ਦੇ ਹਿਸਾਬ ਨਾਲ ਪੋਟਾਸ਼ੀਅਮ ਨਾਈਟ੍ਰੇਟ (13-0-45) ਦਾ ਛਿੜਕਾਅ ਕਰਨਾ ਚਾਹੀਦਾ ਹੈ ਤਾਂ ਜੋ ਗਰਮੀ ਦੇ ਪ੍ਰਭਾਵ ਨੂੰ ਘਟਾਇਆ ਜਾ ਸਕੇ। ਇਸੇ ਤਰ੍ਹਾਂ ਉਨ੍ਹਾਂ ਨੇ ਕਨੋਲਾ ਸਰੋਂ ਦੀ ਕਾਸ਼ਤ ਬਾਰੇ ਵੀ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ।

          ਕੈਂਪ ਦੇ ਅਖੀਰ ਵਿੱਚ ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਨੇ ਫ਼ਲਾਂ ਅਤੇ ਸਬਜੀਆਂ ਦੀ ਪੌਸ਼ਟਿਕ ਮਹੱਤਤਾ ਸਮਝਾਉਂਦੇ ਹੋਏ ਕਿਸਾਨ ਵੀਰਾਂ ਨੂੰ ਘਰੇਲੂ ਬਗੀਚੀ ਲਗਾਉਣ ਦੀ ਸਲਾਹ ਦਿੱਤੀ ਅਤੇ ਕੈਂਪ ਵਿੱਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ। ਕਿਸਾਨ ਵੀਰਾਂ ਵੱਲੋਂ ਵੱਖ-ਵੱਖ ਖੇਤੀ ਮਸਲਿਆਂ ਸਬੰਧੀ ਸਵਾਲ ਕੀਤੇ ਗਏ ਅਤੇ ਮਾਹਿਰਾਂ ਵੱਲੋਂ ਮੌਕੇ ਤੇ ਜਵਾਬ ਦਿੱਤੇ ਗਏ।

Leave a Reply

Your email address will not be published. Required fields are marked *