Monday, March 9
Shadow

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿੱਚ 05.47 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਸੁਨਾਮ, 08 ਮਾਰਚ :

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਸ਼ਹਿਰਾਂ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸੁਨਾਮ ਸ਼ਹਿਰ ਵਿੱਚ ਕੁੱਲ 05 ਕਰੋੜ 47 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ।

ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 03 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਰੇਲਵੇ ਫਾਟਕ ਬਾਬਾ ਭਾਈ ਮੂਲ ਚੰਦ ਸਾਹਿਬ ਨੇੜੇ ਮਾਇਆ ਗਾਰਡਨ ਤੋਂ ਨਹਿਰ ਤਕ ਨਵੀਂ ਸੜਕ ਦੀ ਉਸਾਰੀ ਕੀਤੀ ਜਾਵੇਗੀ। ਇਸ ਦੇ ਨਾਲ-ਨਾਲ ਜਾਖਲ ਰੋਡ ਅਤੇ ਇਲਾਕੇ ਦੀਆਂ ਹੋਰ ਅੰਦਰੂਨੀ ਸੜਕਾਂ ਦੀ ਵੀ ਕਾਇਆ ਕਲਪ ਕੀਤੀ ਜਾਵੇਗੀ ਤਾਂ ਜੋ ਇਲਾਕੇ ਦੇ ਵਸਨੀਕਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ 01 ਕਰੋੜ 87 ਲੱਖ ਰੁਪਏ ਦੀ ਲਾਗਤ ਨਾਲ ਸੁਨਾਮ-ਨੀਲੋਵਾਲ ਰੋਡ ਤੋਂ ਰੇਲਵੇ ਲਾਈਨ ਤਕ ਨਵੀਂ ਸੜਕ ਬਣਾਈ ਜਾਵੇਗੀ ਅਤੇ ਸਰਾਭਾ ਨਗਰ ਸਮੇਤ ਇਲਾਕੇ ਦੀਆਂ ਹੋਰ ਸੜਕਾਂ ਦੀ ਉਸਾਰੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਨਾ ਸਿਰਫ਼ ਆਵਾਜਾਈ ਹੋਰ ਸੁਖਾਲੀ ਹੋਵੇਗੀ ਸਗੋਂ ਸਥਾਨਕ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ ਅਤੇ ਸ਼ਹਿਰ ਦੇ ਵਿਕਾਸ ਨੂੰ ਵੀ ਗਤੀ ਮਿਲੇਗੀ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਖੇਤਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਅਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

ਉਨ੍ਹਾਂ ਭਰੋਸਾ ਦਿਵਾਇਆ ਕਿ ਸ਼ਹਿਰ ਅਤੇ ਇਲਾਕੇ ਦੀਆਂ ਹੋਰ ਵਿਕਾਸੀ ਲੋੜਾਂ ਨੂੰ ਵੀ ਜਲਦੀ ਪੂਰਾ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਲੋਕ-ਹਿਤੈਸ਼ੀ ਪ੍ਰੋਜੈਕਟ ਲਾਗੂ ਕੀਤੇ ਜਾਣਗੇ।

ਇਸ ਮੌਕੇ ਮਾਇਆ ਗਾਰਡਨ ਵਾਸੀਆਂ, ਗਊਸ਼ਾਲਾ ਕਮੇਟੀ ਅਤੇ ਮੈਂਬਰਾਂ ਵੱਲੋਂ ਇਹਨਾਂ ਪ੍ਰੋਜੈਕਟਾਂ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਗਿਆ ਕਿਉੰਕਿ ਇਹਨਾਂ ਲੋੜਾਂ ਵੱਲ ਪਹਿਲੀ ਵਾਰ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਵੱਲੋਂ ਹੀ ਧਿਆਨ ਦਿੱਤਾ ਗਿਆ ਹੈ, ਪਹਿਲਾਂ ਕਿਸੇ ਵੀ ਸਰਕਾਰ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ ਸੀ।

ਇਸ ਮੌਕੇ ਸਥਾਨਕ ਆਗੂ, ਵਰਕਰ, ਵੱਖ ਵੱਖ ਅਹੁਦੇਦਾਰ, ਨਗਰ ਕੌਂਸਲ ਦੇ ਨੁਮਾਇੰਦੇ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਮੌਜੂਦ ਸਨ।

Leave a Reply

Your email address will not be published. Required fields are marked *