
ਸੰਗਰੂਰ, 12 ਜੂਨ:-ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਅੱਜ ਵਿਸ਼ੇਸ਼ ਜਾਗਰੂਕਤਾ ਗੱਡੀਆਂ ਨੂੰ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਸ ਲੜਾਈ ਵਿੱਚ ਲੋਕਾਂ ਦੀ ਸਿੱਧੀ ਭਾਗੀਦਾਰੀ ਬਹੁਤ ਜ਼ਰੂਰੀ ਹੈ, ਕਿਉਂਕਿ ਸਮਾਜ ਅਤੇ ਸਰਕਾਰ ਦੇ ਸਾਂਝੇ ਯਤਨਾਂ ਨਾਲ ਹੀ ਨਸ਼ਿਆਂ ਦੀ ਸਮੱਸਿਆ ਦਾ ਮੁਕੰਮਲ ਖਾਤਮਾ ਸੰਭਵ ਹੈ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ੇ ਦੇ ਗੈਰ-ਕਾਨੂੰਨੀ ਕਾਰੋਬਾਰ ਖ਼ਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨਾਲ ਜੁੜੇ ਗੈਰ-ਕਾਨੂੰਨੀ ਨੈੱਟਵਰਕ ਨੂੰ ਤੋੜਨ ਲਈ ਪੁਲਿਸ ਅਤੇ ਹੋਰ ਸਬੰਧਤ ਵਿਭਾਗਾਂ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਵਿੱਚ ਇਹ ਵਿਸ਼ਵਾਸ ਪੈਦਾ ਹੋਇਆ ਹੈ ਕਿ ਸਰਕਾਰ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਦ੍ਰਿੜ੍ਹ ਇਰਾਦੇ ਨਾਲ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਭਾਵੇਂ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਦੇਣ ਲਈ ਪਹਿਲਾਂ ਵੀ ਕਈ ਮਾਧਿਅਮ ਉਪਲਬਧ ਹਨ, ਪਰ ਕਈ ਵਾਰ ਲੋਕ ਆਪਣੀ ਪਛਾਣ ਜਨਤਕ ਹੋਣ ਦੇ ਡਰ ਕਾਰਨ ਜਾਣਕਾਰੀ ਸਾਂਝੀ ਕਰਨ ਤੋਂ ਹਿਚਕਚਾਉਂਦੇ ਹਨ। ਇਸੇ ਲਈ ਪਹਿਲੇ ਪੜਾਅ ਤਹਿਤ ਹਰ ਹਲਕੇ ਵਿੱਚ ਤਿੰਨ-ਤਿੰਨ ਜਾਗਰੂਕਤਾ ਵਾਹਨ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵਿਸ਼ੇਸ਼ ਸ਼ਿਕਾਇਤ ਬਾਕਸ ਲਗਾਏ ਗਏ ਹਨ। ਲੋਕ ਬਿਨਾਂ ਆਪਣਾ ਨਾਮ ਜਾਂ ਸੰਪਰਕ ਵੇਰਵਾ ਦੱਸੇ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਇਨ੍ਹਾਂ ਬਾਕਸਾਂ ਵਿੱਚ ਪਾ ਸਕਣਗੇ।
ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਣ ਵਾਲੀ ਹਰ ਸੂਚਨਾ ਦੀ ਜਾਂਚ ਲਈ ਨੋਡਲ ਅਧਿਕਾਰੀ ਨਿਯੁਕਤ ਕੀਤੇ ਗਏ ਹਨ ਅਤੇ ਲੋੜ ਅਨੁਸਾਰ ਪੁਲਿਸ, ਸਿਹਤ ਵਿਭਾਗ ਅਤੇ ਹੋਰ ਸਬੰਧਤ ਏਜੰਸੀਆਂ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਨਸ਼ੇ ਦੀ ਲਤ ਨਾਲ ਪੀੜਤ ਵਿਅਕਤੀਆਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਵੀ ਸਰਕਾਰ ਵੱਲੋਂ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਸਿਰਫ਼ ਸ਼ੁਰੂਆਤ ਹੈ ਅਤੇ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਤੱਕ ਇਹ ਯੁੱਧ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਸਮਾਜ ਵਿੱਚ ਫੈਲਣ ਵਿੱਚ ਕਈ ਸਾਲ ਲੱਗੇ ਹਨ, ਇਸ ਲਈ ਇਸ ਨੂੰ ਜੜ੍ਹੋਂ ਖਤਮ ਕਰਨ ਲਈ ਵੀ ਸਮਾਂ ਲੱਗ ਸਕਦਾ ਹੈ, ਪਰ ਸਰਕਾਰ ਦੀਆਂ ਕੋਸ਼ਿਸ਼ਾਂ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਮੁਹਿੰਮ ਦਾ ਇੱਕ ਮਕਸਦ ਉਨ੍ਹਾਂ ਪਰਿਵਾਰਾਂ, ਖ਼ਾਸ ਕਰਕੇ ਮਾਵਾਂ, ਭੈਣਾਂ ਅਤੇ ਮਹਿਲਾਵਾਂ ਤੱਕ ਪਹੁੰਚਣਾ ਵੀ ਹੈ ਜੋ ਆਪਣੇ ਪਰਿਵਾਰਕ ਮੈਂਬਰਾਂ ਦੀ ਨਸ਼ੇ ਦੀ ਸਮੱਸਿਆ ਕਾਰਨ ਪੀੜਤ ਹਨ ਪਰ ਕਿਸੇ ਕਾਰਨ ਦਫ਼ਤਰਾਂ ਤੱਕ ਪਹੁੰਚ ਨਹੀਂ ਕਰ ਸਕਦੀਆਂ। ਇਹ ਗੱਡੀਆਂ ਪਿੰਡ-ਪਿੰਡ ਅਤੇ ਵਾਰਡ-ਵਾਰਡ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਪ੍ਰਾਪਤ ਕਰਨਗੇ, ਜਿਸ ਨਾਲ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਹੋਰ ਮਦਦ ਮਿਲੇਗੀ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਨਸ਼ਿਆਂ ਖ਼ਿਲਾਫ਼ ਇਸ ਜਨ ਅੰਦੋਲਨ ਦਾ ਹਿੱਸਾ ਬਣਨ ਅਤੇ ਨਸ਼ਾ ਤਸਕਰੀ ਸਬੰਧੀ ਮਿਲਣ ਵਾਲੀ ਹਰ ਜਾਣਕਾਰੀ ਸਰਕਾਰ ਨਾਲ ਸਾਂਝੀ ਕਰਨ, ਤਾਂ ਜੋ ਪੰਜਾਬ ਦੀ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ।
ਇਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਿਲ੍ਹਾ ਕੋਆਰਡੀਨੇਟਰ ਸੰਦੀਪ ਸਿੰਘ ਦੁਗਾਂ ਨੇ ਕਿਹਾ ਕਿ ਲੋਕਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਵਾਸਤੇ ਪੰਜਾਬ ਸਰਕਾਰ ਕੋਈ ਕਮੀ ਨਹੀਂ ਛੱਡ ਰਹੀ ਤੇ ਇਸੇ ਦੀ ਕੜੀ ਵਿੱਚ ਸੈਮੀਨਾਰ ਕਰਵਾਏ ਜਾ ਰਹੇ ਹਨ, ਸਮੀਖਿਆ ਬੈਠਕਾਂ ਕਰਵਾਈਆਂ ਜਾ ਰਹੀਆਂ ਹਨ, ਨੌਜਵਾਨਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ ਤੇ ਨਸ਼ੇ ਦੇ ਸੌਦਾਗਰਾਂ ਦੀ ਨਿਸ਼ਾਨਦੇਹੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਿਲ੍ਹਾ ਸੰਗਰੂਰ ਵਿੱਚ ਨਸ਼ਿਆਂ ਵਿਰੁੱਧ ਇੱਕ ਪ੍ਰਭਾਵਸ਼ਾਲੀ ਮੁਹਿੰਮ ਚੱਲ ਰਹੀ ਹੈ ਜਿਸ ਦਾ ਤਕੜਾ ਹੁੰਗਾਰਾ ਚਾਰੇ ਪਾਸੋਂ ਮਿਲ ਰਿਹਾ ਹੈ ਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰੇਰਨਾ ਸਦਕਾ ਨੌਜਵਾਨ ਵਰਗ ਵੱਡੀ ਗਿਣਤੀ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਬਲ ਦੇ ਰਹੇ ਹਨ।
ਇਸ ਮੌਕੇ ਹਲਕਾ ਕੋਆਰਡੀਨੇਟਰ ਬੀਰਬਲ ਚੀਮਾ, ਹਲਕਾ ਵਾਇਸ ਕੋਆਰਡੀਨੇਟਰ ਮਨਪ੍ਰੀਤ ਸੇਰੋ, ਸੀਨੀਅਰ ਆਪ ਆਗੂ ਲਾਭ ਸਿੰਘ ਨੀਲੋਵਾਲ, ਸਰਪੰਚ ਬਡਰੁੱਖਾਂ ਰਣਦੀਪ ਸਿੰਘ ਮਿੰਟੂ, ਸਰਪੰਚ ਕਨੋਈ ਦੀਪ ਸਿੰਘ, ਸਰਪੰਚ ਜਸਵੰਤ ਸਿੰਘ, ਸਰਪੰਚ ਬਹਾਦਰਪੁਰ ਜਸਦੀਪ ਸਿੰਘ, ਸਰਪੰਚ ਸੁਖਵਿੰਦਰ ਸਿੰਘ ਅਤੇ ਸਾਰੇ ਬਲਾਕ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਸਨਾਮ ਮੌਜੂਦ ਸਨ।