ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਕਰਨਗੇ ਸਮਰਪਿਤ

ਚੰਡੀਗੜ੍ਹ, 28 ਫਰਵਰੀ:
ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼, ਐਸ.ਏ.ਐਸ.ਨਗਰ ਲੋਕਾਂ ਨੂੰ ਸਮਰਪਿਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਜ਼ਿਕਰਯੋਗ ਹੈ ਕਿ ਸਰਕਾਰ ਨੇ ਬਜਟ ਸੈਸ਼ਨ- 2022 ਵਿੱਚ ਇਸ ਸਬੰਧੀ ਐਲਾਨ ਕੀਤਾ ਸੀ।
ਐਸ.ਏ.ਐਸ.ਨਗਰ ਦੇ ਫੇਜ਼ 3ਬੀ-1 ਵਿਖੇ ਸਥਾਪਿਤ ਇਹ ਸੰਸਥਾ ਹੈਪੇਟੋਲੋਜੀ ਦੇ ਖੇਤਰ ਵਿੱਚ ਸੁਪਰ-ਸਪੈਸ਼ਲਿਟੀ ਕੇਅਰ, ਸਿਖਲਾਈ ਅਤੇ ਖੋਜ ਸਬੰਧੀ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੈ। ਇਸ ਇੰਸਟੀਚਿਊਟ ਦੀ ਸਥਾਪਨਾ 40 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕੀਤੀ ਗਈ ਹੈ ਅਤੇ ਇਸ ਵਿੱਚ 80 ਡਾਕਟਰ, 150 ਸਟਾਫ ਨਰਸਾਂ ਅਤੇ 200 ਗਰੁੱਪ-ਡੀ ਕਰਮਚਾਰੀਆਂ ਸਮੇਤ 450 ਦੇ ਕਰੀਬ ਸਟਾਫ਼ ਹੋਵੇਗਾ। ਪ੍ਰੋਫੈਸਰ ਵਰਿੰਦਰ ਸਿੰਘ, ਜੋ ਕਿ ਹੈਪੇਟੋਲੋਜੀ ਪੀਜੀਆਈ, ਚੰਡੀਗੜ੍ਹ ਦੇ ਸਾਬਕਾ ਪ੍ਰੋਫੈਸਰ ਅਤੇ ਮੁਖੀ ਹਨ, ਨੂੰ ਸੰਸਥਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਵੱਕਾਰੀ ਸੰਸਥਾ ਦੇ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਨਵੀਂ ਦਿੱਲੀ ਤੋਂ ਬਾਅਦ ਪੰਜਾਬ ਦੇਸ਼ ਦਾ ਅਜਿਹਾ ਦੂਜਾ ਸੂਬਾ ਹੋਵੇਗਾ ਜਿੱਥੇ ਲਿਵਰ ਅਤੇ ਬਿਲੀਅਰੀ ਰੋਗ ਦੇ ਮਰੀਜ਼ਾਂ ਲਈ ਵਿਸ਼ੇਸ਼ ਤੌਰ ‘ਤੇ ਇੰਸਟੀਚਿਊਟ ਹੋਵੇਗਾ। ਦੱਸਣਯੋਗ ਹੈ ਕਿ ਇਸ ਇੰਸਟੀਚਿਊਟ ਦੀ ਸਥਾਪਨਾ ਦਿ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਆਈ.ਐਲ.ਬੀ.ਐਸ.), ਨਵੀਂ ਦਿੱਲੀ ਦੀ ਤਰਜ਼ ‘ਤੇ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਇਹ ਸੰਸਥਾ ਪਿਛਲੇ 8 ਮਹੀਨਿਆਂ ਤੋਂ ਓ.ਪੀ.ਡੀ. ਸੇਵਾਵਾਂ ਦੇ ਰਹੀ ਹੈ ਅਤੇ ਵੀਰਵਾਰ ਤੋਂ ਇੰਸਟੀਚਿਊਟ ਵਿੱਚ ਇੰਨਡੋਰ, ਇੰਟੈਂਸਿਵ ਕੇਅਰ ਅਤੇ ਐਮਰਜੈਂਸੀ ਸੇਵਾਵਾਂ ਸ਼ੁਰੂ ਹੋ ਜਾਣਗੀਆਂ। ਇਸ ਸੰਸਥਾ ਤੋਂ ਗੰਭੀਰ ਅਤੇ ਪੁਰਾਣੀ ਹੈਪੇਟਾਈਟਸ, ਸਿਰੋਸਿਸ, ਲਿਵਰ ਕੈਂਸਰ, ਅਲਕੋਹਲਿਕ ਲਿਵਰ ਡਿਜੀਜ਼, ਐਸਾਈਟਸ, ਵੱਖ-ਵੱਖ ਪੈਨਕ੍ਰੀਆਟਿਕ ਬਿਮਾਰੀਆਂ ਅਤੇ ਪਿੱਤੇ ਸਬੰਧੀ ਬਿਮਾਰੀਆਂ ਅਤੇ ਵੱਖ-ਵੱਖ ਕਿਸਮਾਂ ਦੀਆਂ ਬਿਲੀਅਰੀ ਡਿਜੀਜ਼ ਵਾਲੇ ਮਰੀਜ਼ ਇਸ ਸੰਸਥਾ ਤੋਂ ਇਲਾਜ ਕਰਵਾ ਸਕਦੇ ਹਨ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸੂਬੇ ਦਾ ਪਹਿਲਾ ਸਰਕਾਰੀ ਹਸਪਤਾਲ ਹੋਵੇਗਾ ਜਿੱਥੇ ਯੂ.ਜੀ.ਆਈ. ਐਂਡੋਸਕੋਪੀ, ਫਾਈਬਰੋਸਕੈਨ, ਐਂਡੋਸਕੋਪਿਕ ਅਲਟਰਾਸਾਊਂਡ ਅਤੇ ਈ.ਆਰ.ਸੀ.ਪੀ. ਵਰਗੀਆਂ ਬੀਮਾਰੀਆਂ ਦਾ ਇਲਾਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੰਸਥਾ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਤੱਕ ਪਹੁੰਚ ਲਈ ਟੈਲੀਮੈਡੀਸਨ ਸੇਵਾਵਾਂ ਵੀ ਸ਼ੁਰੂ ਕਰੇਗੀ।
ਉਨ੍ਹਾਂ ਦੱਸਿਆ ਕਿ ਇਸ ਸੰਸਥਾ ਵਿੱਚ ਜਲਦੀ ਹੀ ਲਿਵਰ ਟਰਾਂਸਪਲਾਂਟ ਦੀ ਸਹੂਲਤ ਵੀ ਸ਼ੁਰੂ ਹੋਣ ਦੀ ਉਮੀਦ ਹੈ।
ਦੱਸਣਯੋਗ ਹੈ ਕਿ ਇਸ ਮੌਕੇ ਮੁੱਖ ਮੰਤਰੀ, ਪੰਜਾਬ ਵੱਲੋਂ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ, ਪੰਜਾਬ ਦੇ ਨਵੇਂ ਸਥਾਪਿਤ ਰਾਜ ਅਤੇ ਜ਼ੋਨਲ ਦਫ਼ਤਰਾਂ ਦਾ ਉਦਘਾਟਨ ਵੀ ਕੀਤਾ ਜਾਵੇਗਾ। ਇਹਨਾਂ ਦਫਤਰਾਂ ਵਿੱਚ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ, ਪੰਜਾਬ ਦਾ ਸਟੇਟ ਹੈੱਡਕੁਆਰਟਰ ਵੀ ਸ਼ਾਮਲ ਹੈ- ਜਿਸਦਾ ਨਾਮ ਬਦਲ ਕੇ ਕਮਿਸ਼ਨਰੇਟ, ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਰੱਖਿਆ ਗਿਆ ਹੈ ਅਤੇ ਇਹ 2.63 ਕਰੋੜ ਰੁਪਏ ਦੀ ਲਾਗਤ ਨਾਲ ਫੇਜ਼ 9 ਵਿਖੇ ਸਥਾਪਿਤ ਕੀਤਾ ਗਿਆ ਹੈ, ਜਦੋਂ ਕਿ 278.01 ਲੱਖ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ, ਜਲੰਧਰ, ਬਠਿੰਡਾ ਅਤੇ ਫਿਰੋਜ਼ਪੁਰ ਸਮੇਤ ਚਾਰ ਜ਼ੋਨਲ ਦਫ਼ਤਰ ਸਥਾਪਿਤ ਕੀਤੇ ਗਏ ਹਨ।

Leave a Reply

Your email address will not be published. Required fields are marked *