Shadow

ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ

ਜਲੰਧਰ; 13 ਜੂਨ: ਜਲੰਧਰ ਦੇ ਸਾਈਂ ਦਾਸ ਸਕੂਲ ਦੇ ਮੈਦਾਨ ਵਿੱਚ ਅੱਜ ਸ਼ਾਮ ਭਗਵਾਨ ਪਰਸ਼ੂਰਾਮ ਜੀ ਜੈਅੰਤੀ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਕਰਵਾਏ ਗਏ ਅਧਿਆਤਮਿਕ ਪ੍ਰੋਗਰਾਮ ‘ਇੱਕ ਸ਼ਾਮ ਸ਼ਿਵ ਦੇ ਨਾਮ’ ਵਿੱਚ ਪਹੁੰਚੇ ਹਜ਼ਾਰਾਂ ਸ਼ਰਧਾਲੂਆਂ ਦੇ ਨਾਲ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਸ਼ਿਰਕਤ ਕੀਤੀ।
ਇਸ ਪ੍ਰੋਗਰਾਮ ਵਿੱਚ ਸਮਾਜ ਦੇ ਹਰ ਵਰਗ ਦੇ ਲੋਕਾਂ ਨੇ ਸ਼ਿਰਕਤ ਕੀਤੀ, ਜੋ ਭਗਤੀ ਅਤੇ ਅਧਿਆਤਮਿਕਤਾ ਦੇ ਰੰਗ ਵਿੱਚ ਰੰਗੇ ਨਜ਼ਰ ਆਏ। ਮਸ਼ਹੂਰ ਗਾਇਕ ਹੰਸਰਾਜ ਰਘੂਵੰਸ਼ੀ ਨੇ ਭਗਵਾਨ ਸ਼ਿਵ ਤੇ ਭਗਵਾਨ ਪਰਸ਼ੂਰਾਮ ਜੀ ਨੂੰ ਸਮਰਪਿਤ ਭਜਨ ਗਾ ਕੇ ਸਰੋਤਿਆਂ ਨੂੰ ਮੰਤਰ-ਮੁਗਧ ਕੀਤਾ, ਜਦਕਿ ਕਈ ਪੂਜਨੀਕ ਸੰਤਾਂ ਨੇ ਵੀ ਇਸ ਮੌਕੇ ਆਪਣੀ ਹਾਜ਼ਰੀ ਲਵਾਈ।
ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, “ਭਗਵਾਨ ਪਰਸ਼ੂਰਾਮ ਜੀ ਜੈਅੰਤੀ ਦੇ ਇਸ ਰਾਜ ਪੱਧਰੀ ਸਮਾਗਮ ਦੌਰਾਨ ਲੋਕਾਂ ਨਾਲ ਹਾਜ਼ਰੀ ਭਰਨਾ ਮੇਰੇ ਲਈ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਮੈਂ ਧਾਰਮਿਕ ਉਤਸ਼ਾਹ, ਭਗਤੀ ਅਤੇ ਅਧਿਆਤਮਿਕ ਭਾਵਨਾ ਨਾਲ ਭਰੇ ਇਸ ਸਮਾਗਮ ਵਿੱਚ ਹਿੱਸਾ ਲੈ ਕੇ ਆਪਣੇ ਆਪ ਨੂੰ ਭਾਗਾਂ ਵਾਲਾ ਮਹਿਸੂਸ ਕਰ ਰਿਹਾ ਹਾਂ। ਮੈਂ ਇਸ ਸ਼ੁਭ ਦਿਹਾੜੇ ‘ਤੇ ਪੰਜਾਬ ਦੇ ਲੋਕਾਂ ਖਾਸ ਕਰਕੇ ਜਲੰਧਰ ਵਾਸੀਆਂ ਨੂੰ ਦਿਲੋਂ ਵਧਾਈ ਦਿੰਦਾ ਹਾਂ।”
ਸਮਾਗਮ ਦੇ ਸਥਾਨ ਦੀ ਮਹੱਤਤਾ ‘ਤੇ ਚਾਨਣਾ ਪਾਉਂਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, “ਪੰਜਾਬ ਸਰਕਾਰ ਨੇ ਇਸ ਮਹਾਨ ਸਮਾਗਮ ਲਈ ਬੜੀ ਸੋਚ-ਸਮਝ ਕੇ ਜਲੰਧਰ ਦੀ ਪਵਿੱਤਰ ਧਰਤੀ ਨੂੰ ਚੁਣਿਆ ਹੈ। ਜਲੰਧਰ ਦੀ ਧਰਤੀ ਆਪਣੀ ਅਮੀਰ ਵਿਰਾਸਤ, ਸੱਭਿਆਚਾਰ ਅਤੇ ਅਧਿਆਤਮਿਕਤਾ ਲਈ ਜਾਣੀ ਜਾਂਦੀ ਹੈ। ਇੱਥੇ ਇਸ ਪਵਿੱਤਰ ਦਿਹਾੜੇ ਨੂੰ ਮਨਾਉਣਾ ਸਾਡੀਆਂ ਸੱਭਿਆਚਾਰਕ ਅਤੇ ਧਾਰਮਿਕ ਜੜ੍ਹਾਂ ਪ੍ਰਤੀ ਸਾਡੇ ਡੂੰਘੇ ਸਤਿਕਾਰ ਨੂੰ ਦਰਸਾਉਂਦਾ ਹੈ।”
ਭਗਵਾਨ ਪਰਸ਼ੂਰਾਮ ਜੀ ਦੀਆਂ ਸਿੱਖਿਆਵਾਂ ਦਾ ਜ਼ਿਕਰ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, “ਭਗਵਾਨ ਪਰਸ਼ੂਰਾਮ ਜੀ ਸ਼ਸਤਰ ਅਤੇ ਸ਼ਾਸਤਰ ਦੇ ਸੰਪੂਰਨ ਸੁਮੇਲ ਦੇ ਪ੍ਰਤੀਕ ਹਨ। ਉਹ ਕਮਜ਼ੋਰਾਂ ਦੀ ਰੱਖਿਆ ਅਤੇ ਜ਼ੁਲਮ ਦਾ ਖਾਤਮਾ ਕਰਨ ਲਈ ਖੜ੍ਹੇ ਹੋਏ। ਉਨ੍ਹਾਂ ਦਾ ਜੀਵਨ ਅਤੇ ਸਿੱਖਿਆਵਾਂ ਸਾਨੂੰ ਬੇਇਨਸਾਫ਼ੀ, ਨਾਬਰਾਬਰੀ ਅਤੇ ਵਿਤਕਰੇ ਦਾ ਵਿਰੋਧ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਭਗਵਾਨ ਪਰਸ਼ੂਰਾਮ ਜੀ ਦਾ ਸੰਦੇਸ਼ ਕਿਸੇ ਇੱਕ ਭਾਈਚਾਰੇ ਤੱਕ ਸੀਮਤ ਨਹੀਂ ਹੈ ਬਲਕਿ ਸਮੁੱਚੀ ਮਨੁੱਖਤਾ ਲਈ ਹੈ।”
ਸਮਾਜਿਕ ਸਦਭਾਵਨਾ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ‘ਆਪ’ ਸੁਪਰੀਮੋ ਨੇ ਕਿਹਾ, “ਭਗਵੰਤ ਮਾਨ ਸਰਕਾਰ ਪੂਰੇ ਸੂਬੇ ਵਿੱਚ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ। ਅਸੀਂ ਮਹਾਨ ਗੁਰੂਆਂ, ਸੰਤਾਂ, ਮਹਾਪੁਰਸ਼ਾਂ ਅਤੇ ਪੀਰਾਂ-ਪੈਗੰਬਰਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੇ ਹਾਂ। ਜਿਸ ਤਰ੍ਹਾਂ ਭਗਵਾਨ ਪਰਸ਼ੂਰਾਮ ਜੀ ਗਿਆਨ ਦੇ ਮਾਹਰ ਸਨ, ਉਸੇ ਤਰ੍ਹਾਂ ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਅਤੇ ਹੁਨਰਮੰਦ ਬਣਾਉਣ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ ਤਾਂ ਜੋ ਉਹ ਰੌਸ਼ਨ ਭਵਿੱਖ ਦਾ ਨਿਰਮਾਣ ਕਰ ਸਕਣ।”
ਉਨ੍ਹਾਂ ਕਿਹਾ, “ਸਾਡੀ ਅਮੀਰ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਇਸ ਪ੍ਰੋਗਰਾਮ ਦਾ ਨਾਮ ‘ਇੱਕ ਸ਼ਾਮ ਸ਼ਿਵ ਦੇ ਨਾਮ’ ਰੱਖਿਆ ਗਿਆ ਹੈ। ਪੂਰੇ ਪੰਜਾਬ ਵਿੱਚੋਂ ਲਗਭਗ 25 ਪੂਜਨੀਕ ਮਹਾਂਮੰਡਲੇਸ਼ਵਰ ਸੰਤ ਇਸ ਸਮਾਗਮ ਵਿੱਚ ਹਿੱਸਾ ਲੈ ਰਹੇ ਹਨ। ਅਸੀਂ ਭਾਗਾਂ ਵਾਲੇ ਹਾਂ ਕਿ ਸਾਨੂੰ ਅਜਿਹੀਆਂ ਪਵਿੱਤਰ ਰੂਹਾਂ ਦਾ ਆਸ਼ੀਰਵਾਦ ਅਤੇ ਮਾਰਗਦਰਸ਼ਨ ਪ੍ਰਾਪਤ ਹੋ ਰਿਹਾ ਹੈ।”
ਸਰਕਾਰ ਵੱਲੋਂ ਹਾਲ ਹੀ ਵਿੱਚ ਕੀਤੇ ਗਏ ਉਪਰਾਲਿਆਂ ਨੂੰ ਯਾਦ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, “ਭਗਵੰਤ ਮਾਨ ਸਰਕਾਰ ਨੇ ਸਾਲ 2025 ਵਿੱਚ ਪਹਿਲੀ ਵਾਰ ਸੂਬਾ ਪੱਧਰ ‘ਤੇ ਭਗਵਾਨ ਪਰਸ਼ੂਰਾਮ ਜੀ ਜੈਅੰਤੀ ਮਨਾਈ ਸੀ। ਇਸੇ ਤਰ੍ਹਾਂ ਪਹਿਲੀ ਵਾਰ ਅਪ੍ਰੈਲ, 2026 ਵਿੱਚ ਪਠਾਨਕੋਟ ਵਿਖੇ ਰਾਜ ਪੱਧਰ ‘ਤੇ ਹਿੰਦੂ ਨਵ ਵਰਸ਼ (ਨਵਾਂ ਸਾਲ) ਮਨਾਇਆ ਗਿਆ। ਅੰਮ੍ਰਿਤਸਰ ਸਥਿਤ ਭਗਵਾਨ ਵਾਲਮੀਕਿ ਆਸ਼ਰਮ ਦੇ ਲੰਬਿਤ ਪਏ ਵਿਕਾਸ ਕਾਰਜਾਂ ਨੂੰ ਵੀ 25 ਕਰੋੜ ਰੁਪਏ ਤੋਂ ਵੱਧ ਖਰਚ ਕਰਕੇ ਪੂਰਾ ਕੀਤਾ ਹੈ।”
ਇਕੱਠ ਦੇ ਅਧਿਆਤਮਿਕ ਉਦੇਸ਼ ਦਾ ਵਰਣਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, “ਇਹ ਸ਼ਾਮ ਭਗਵਾਨ ਸ਼ਿਵ ਅਤੇ ਸਮਾਜ ਵਿੱਚ ਸਕਾਰਾਤਮਕਤਾ ਫੈਲਾਉਣ ਲਈ ਸਮਰਪਿਤ ਹੈ। ਇੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੂੰ ਸ਼ਰਧਾ ਅਤੇ ਵਿਸ਼ਵਾਸ ਨਾਲ ਇਕੱਠੇ ਹੋਏ ਦੇਖ ਕੇ ਬਹੁਤ ਖੁਸ਼ੀ ਹੋ ਰਹੀ ਹੈ।”
*ਪੰਜਾਬ ਦੀ ਉਪਜਾਊ ਧਰਤੀ ‘ਤੇ ਕੁਝ ਵੀ ਉੱਗ ਸਕਦਾ ਹੈ, ਪਰ ਨਫ਼ਰਤ ਦੇ ਬੀਜ ਇੱਥੇ ਕਦੇ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀ ਉਪਜਾਊ ਧਰਤੀ ‘ਤੇ ਕੁਝ ਵੀ ਵਧ-ਫੁੱਲ ਸਕਦਾ ਹੈ, ਪਰ ਇਸ ਪਵਿੱਤਰ ਧਰਤੀ ‘ਤੇ ਨਫ਼ਰਤ ਦੇ ਬੀਜ ਕਦੇ ਨਹੀਂ ਉੱਗ ਸਕਦੇ। ਸਾਡੇ ਮਹਾਨ ਗੁਰੂਆਂ ਨੇ ਸਾਨੂੰ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਸਿਖਾਈਆਂ ਹਨ। ਪੰਜਾਬੀ ਧਰਮ ਜਾਂ ਭਾਈਚਾਰੇ ਤੋਂ ਉੱਪਰ ਉੱਠ ਕੇ ਹਰ ਤਿਉਹਾਰ ਮਿਲ ਕੇ ਮਨਾਉਂਦੇ ਹਨ।”
ਭਗਵਾਨ ਸ਼ਿਵ ਦੀਆਂ ਸਿੱਖਿਆਵਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਗਵਾਨ ਸ਼ਿਵ ਦਇਆ ਅਤੇ ਕਰੁਣਾ ਦੇ ਪ੍ਰਤੀਕ ਹਨ। ਉਹ ਭਗਤਾਂ ਦੀ ਲੋਭ, ਮੋਹ ਅਤੇ ਕ੍ਰੋਧ ਵਰਗੀਆਂ ਬੁਰਾਈਆਂ ਤੋਂ ਰਾਖੀ ਕਰਦੇ ਹਨ ਅਤੇ ਆਪਣੇ ਸ਼ਰਧਾਲੂਆਂ ਨੂੰ ਬੁੱਧੀ, ਆਸ਼ੀਰਵਾਦ ਅਤੇ ਕਿਰਪਾ ਬਖਸ਼ਦੇ ਹਨ। ਅਜਿਹੇ ਅਧਿਆਤਮਿਕ ਸਮਾਗਮ ਸਮਾਜ ਵਿੱਚ ਖੁਸ਼ਹਾਲੀ ਅਤੇ ਤਰੱਕੀ ਲਿਆਉਣ ਦੇ ਨਾਲ-ਨਾਲ ਸਮਾਜਿਕ ਸਦਭਾਵਨਾ, ਹਮਦਰਦੀ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਦੇ ਹਨ।”
ਸਾਰੇ ਧਰਮਾਂ ਦਾ ਸਤਿਕਾਰ ਕਰਨ ਲਈ ਸਰਕਾਰ ਦੇ ਯਤਨਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਹਰ ਧਰਮ ਨੂੰ ਬਰਾਬਰ ਸਤਿਕਾਰ ਦਿੱਤਾ ਹੈ। ਇੱਕ ਧਰਮ-ਨਿਰਪੱਖ ਸਰਕਾਰ ਵਜੋਂ ਅਸੀਂ ਧਾਰਮਿਕ ਅਤੇ ਸੱਭਿਆਚਾਰਕ ਮੌਕਿਆਂ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ। ਅਸੀਂ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਲੜੀਵਾਰ ਪ੍ਰੋਗਰਾਮ ਸਫਲਤਾਪੂਰਵਕ ਕਰਵਾਏ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਢੰਗ ਨਾਲ ਮਨਾਉਣ ਲਈ ਪੁਖਤਾ ਪ੍ਰਬੰਧ ਕਰ ਰਹੀ ਹੈ। ਅਸੀਂ ਭਾਗਾਂ ਵਾਲੇ ਹਾਂ ਕਿ ਸਾਨੂੰ ਜ਼ਿੰਦਗੀ ਵਿੱਚ ਇਹ ਮੌਕਾ ਮਿਲਿਆ ਹੈ ਅਤੇ ਇਸ ਮੌਕੇ ਨੂੰ ਪੂਰੀ ਸ਼ਰਧਾ ਅਤੇ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।”
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਸ਼ਰਧਾਲੂਆਂ ਨੂੰ ਸ਼੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ, ਭਗਵਾਨ ਵਾਲਮੀਕਿ ਤੀਰਥ ਸਥਲ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਜੀ ਅਤੇ ਹੋਰ ਪਵਿੱਤਰ ਸਥਾਨਾਂ ਦੀ ਮੁਫ਼ਤ ਤੀਰਥ ਯਾਤਰਾ ਕਰਵਾਉਣ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸ਼ੁਰੂ ਕੀਤੀ ਹੈ।”
ਯੋਜਨਾ ਦੇ ਦਾਇਰੇ ਨੂੰ ਵਧਾਉਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਯੋਜਨਾ ਹੁਣ ਹਰਿਦੁਆਰ, ਸ਼੍ਰੀ ਖਾਟੂ ਸ਼ਿਆਮ ਜੀ ਮਹਾਰਾਜ, ਸਾਲਾਸਰ ਬਾਲਾਜੀ ਧਾਮ ਅਤੇ ਕਈ ਹੋਰ ਪੂਜਨੀਕ ਧਾਰਮਿਕ ਸਥਾਨਾਂ ਲਈ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕਰੇਗੀ। ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਕਿਸੇ ਵੀ ਆਮਦਨ ਵਾਲੇ ਵਰਗਾਂ ਦੇ ਲੋਕਾਂ ਲਈ ਖੁੱਲ੍ਹੀ ਹੈ। ਸ਼ਰਧਾਲੂਆਂ ਨੂੰ ਇਸ ਦਾ ਲਾਭ ਲੈਣ ਲਈ ਇੱਕ ਵੀ ਰੁਪਿਆ ਖਰਚ ਨਹੀਂ ਕਰਨਾ ਪਵੇਗਾ।”
ਸਰਕਾਰ ਦੇ ਇੱਕ ਹੋਰ ਵੱਡੇ ਫੈਸਲੇ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਰੇ ਧਰਮਾਂ ਦੇ ਪਵਿੱਤਰ ਧਾਰਮਿਕ ਗ੍ਰੰਥਾਂ ਨੂੰ ਬਣਦਾ ਸਤਿਕਾਰ ਦੇਣ ਲਈ ਪੰਜਾਬ ਸਰਕਾਰ ਨੇ ਧਾਰਮਿਕ ਗ੍ਰੰਥਾਂ ਦਾ ਪਾਵਨ ਸਰੂਪ ਲੈ ਕੇ ਜਾਣ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੇ ਵਾਹਨਾਂ ਨੂੰ ਮੋਟਰ ਵਾਹਨ ਟੈਕਸ  ਤੋਂ ਛੋਟ ਦਿੱਤੀ ਹੈ।”
ਉਨ੍ਹਾਂ ਅੱਗੇ ਕਿਹਾ, “ਧਾਰਮਿਕ ਰਸਮਾਂ ਅਤੇ ਸਮਾਗਮਾਂ ਲਈ ਪੂਰੇ ਪੰਜਾਬ ਵਿੱਚ ਲਗਭਗ 25,000 ਅਜਿਹੇ ਵਾਹਨ ਵਰਤੇ ਜਾਂਦੇ ਹਨ। ਪਹਿਲਾਂ, ਹਰੇਕ ਵਾਹਨ ਪੰਜਾਬ ਮੋਟਰ ਵਾਹਨ ਟੈਕਸੇਸ਼ਨ ਐਕਟ, 1924 ਦੇ ਤਹਿਤ ਮੋਟਰ ਵਾਹਨ ਟੈਕਸ ਵਜੋਂ ਸਾਲਾਨਾ ਲਗਭਗ 10,000 ਰੁਪਏ ਅਦਾ ਕਰਦਾ ਸੀ। ਪੰਜਾਬ ਸਰਕਾਰ ਨੇ ਹੁਣ ਇਨ੍ਹਾਂ ਵਾਹਨਾਂ ਨੂੰ ਟੈਕਸ ਤੋਂ ਛੋਟ ਦੇ ਦਿੱਤੀ ਹੈ, ਜਿਸ ਨਾਲ ਲਗਭਗ 20 ਕਰੋੜ ਤੋਂ 25 ਕਰੋੜ ਰੁਪਏ ਦੀ ਰਾਹਤ ਮਿਲੇਗੀ।”
ਲੋਕਾਂ ਨੂੰ ਪੰਜਾਬ ਦੇ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਜਾਤ, ਰੰਗ, ਨਸਲ ਅਤੇ ਧਰਮ ਤੋਂ ਉੱਪਰ ਉੱਠ ਕੇ ਅਜਿਹੇ ਪਵਿੱਤਰ ਦਿਹਾੜਿਆਂ ਨੂੰ ਸਮੂਹਿਕ ਤੌਰ ‘ਤੇ ਮਨਾਉਣ। ਸਾਨੂੰ ਵੰਡ ਪਾਊ ਅਤੇ ਫਿਰਕੂ ਏਜੰਡਿਆਂ ਨੂੰ ਨਕਾਰਨਾ ਚਾਹੀਦਾ ਹੈ ਅਤੇ ਰੰਗਲਾ ਪੰਜਾਬ ਬਣਾਉਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਆਓ, ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਪੁੱਟਣ, ਕਮਜ਼ੋਰ ਵਰਗਾਂ ਦੀ ਮਦਦ ਕਰਨ ਅਤੇ ਖੁਸ਼ਹਾਲ ਅਤੇ ਨਸ਼ਾ ਮੁਕਤ ਪੰਜਾਬ ਲਈ ਸਮੂਹਿਕ ਤੌਰ ‘ਤੇ ਯੋਗਦਾਨ ਪਾਉਣ ਦਾ ਪ੍ਰਣ ਲਈਏ।”
ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਤੇ ‘ਆਪ’ ਪੰਜਾਬ ਦੇ ਇੰਚਾਰਜ (ਪ੍ਰਭਾਰੀ) ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਮੋਹਿੰਦਰ ਭਗਤ, ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ ਅਤੇ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।

Leave a Reply

Your email address will not be published. Required fields are marked *