Shadow

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ, ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼

ਅੰਮ੍ਰਿਤਸਰ, 28 ਜੂਨ 2026 (         ) – ਵਿਸ਼ਵ ਸਿਹਤ ਸੰਸਥਾ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਦੀ ਅੱਜ ਜ਼ਿਲ੍ਹੇ ਵਿੱਚ ਰਸਮੀ ਸ਼ੁਰੂਆਤ ਸਿਵਲ ਸਰਜਨ ਡਾ. ਰਸ਼ਮੀ ਵਿੱਜ ਵੱਲੋਂ ਚੌਂਕ ਫਵਾਰਾ ਵਿਖੇ ਸਥਾਪਿਤ ਪੋਲੀਓ ਬੂਥ ‘ਤੇ ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤੀ ਗਈ। ਇਸ ਮੌਕੇ ਪਲਸ ਪੋਲੀਓ ਮੁਹਿੰਮ ਦੀ ਸਫ਼ਲਤਾ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਆਟੋ ਰਿਕਸ਼ਾ ਜਾਗਰੂਕਤਾ ਰੈਲੀ ਨੂੰ ਵੀ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਲਈ ਰਵਾਨਾ ਕੀਤਾ ਗਿਆ।

ਇਸ ਮੌਕੇ ਸਿਵਲ ਸਰਜਨ ਡਾ. ਰਸ਼ਮੀ ਵਿੱਜ ਨੇ ਕਿਹਾ ਕਿ ਭਾਰਤ ਭਾਵੇਂ ਪੋਲੀਓ ਮੁਕਤ ਦੇਸ਼ਾਂ ਦੀ ਸੂਚੀ ਵਿੱਚ ਸ਼ਾਮਲ ਹੋ ਚੁੱਕਾ ਹੈ, ਪਰ ਇਸ ਉਪਲਬਧੀ ਨੂੰ ਬਰਕਰਾਰ ਰੱਖਣ ਲਈ ਪਲਸ ਪੋਲੀਓ ਮੁਹਿੰਮ ਨੂੰ ਲਗਾਤਾਰ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੋਲੀਓ ਵਰਗੀ ਲਾ-ਇਲਾਜ ਬਿਮਾਰੀ ਤੋਂ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਸਿਹਤ ਵਿਭਾਗ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ ਹੈ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੀ 27,63,949 ਦੀ ਅਬਾਦੀ ਵਿੱਚੋਂ 5,44,777 ਘਰਾਂ ਵਿੱਚ ਰਹਿੰਦੇ 0 ਤੋਂ 5 ਸਾਲ ਉਮਰ ਦੇ 2,87,498 ਬੱਚਿਆਂ ਨੂੰ 1,193 ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਦੀਆਂ ਦੋ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਤੋਂ ਇਲਾਵਾ 255 ਸੁਪਰਵਾਈਜ਼ਰਾਂ ਵੱਲੋਂ ਮੁਹਿੰਮ ਦੀ ਨਿਗਰਾਨੀ ਅਤੇ ਨਿਰੀਖਣ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਬੱਚਾ ਪੋਲੀਓ ਦੀ ਖੁਰਾਕ ਤੋਂ ਵਾਂਝਾ ਨਾ ਰਹਿ ਜਾਵੇ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨੀਲਮ ਭਗਤ, ਡੀ.ਡੀ.ਐਚ.ਓ. ਡਾ. ਜਗਨਜੋਤ ਕੌਰ, ਜ਼ਿਲ੍ਹਾ ਐਮ.ਈ.ਆਈ.ਓ. ਅਮਰਦੀਪ ਸਿੰਘ, ਡਾ. ਨੇਹਾ ਅਗਰਵਾਲ ਸਮੇਤ ਸਿਹਤ ਵਿਭਾਗ ਦਾ ਸਮੂਹ ਸਟਾਫ਼ ਹਾਜ਼ਰ ਸੀ।

Leave a Reply

Your email address will not be published. Required fields are marked *