Shadow

ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸ. ਜਸਵੀਰ ਸਿੰਘ ਗੜ੍ਹੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ, ਜਲਦ ਨਿਪਟਾਰੇ ਦਾ ਦਿੱਤਾ ਭਰੋਸਾ

ਰੂਪਨਗਰ, 29 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਅੱਜ ਪਿੰਡ ਅਬਿਆਣਾ ਵਿਖੇ ਮਾਸਟਰ ਰਾਮਪਾਲ ਅਬਿਆਣਾ ਦੇ ਗ੍ਰਹਿ ਵਿਖੇ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉੱਥੇ ਹਾਜ਼ਰ ਹੋਏ ਵਿਅਕਤੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਧਿਆਨਪੂਰਵਕ ਸੁਣਿਆ।
ਇਸ ਮੌਕੇ ਸ. ਗੜ੍ਹੀ ਨੇ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਸ਼ਿਕਾਇਤਾਂ ਅਤੇ ਉਨ੍ਹਾਂ ਦੇ ਹੱਕਾਂ ਦੀ ਸੁਰੱਖਿਆ ਲਈ ਆਪਣੀਆਂ ਕਾਨੂੰਨੀ ਜ਼ਿੰਮੇਵਾਰੀਆਂ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਕੋਲ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਕਾਨੂੰਨੀ ਪ੍ਰਕਿਰਿਆ ਅਨੁਸਾਰ ਨਿਰਪੱਖ ਢੰਗ ਨਾਲ ਵਿਚਾਰ ਕੀਤਾ ਜਾਂਦਾ ਹੈ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੇ ਸਮੇਂ ਸਿਰ ਨਿਪਟਾਰੇ ਲਈ ਯੋਗ ਕਾਰਵਾਈ ਕੀਤੀ ਜਾਂਦੀ ਹੈ।
ਚੇਅਰਮੈਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਰੱਖੇ ਗਏ ਮਸਲਿਆਂ ਨੂੰ ਨਿਯਮਾਂ ਅਤੇ ਕਾਨੂੰਨੀ ਵਿਵਸਥਾ ਅਨੁਸਾਰ ਵਿਚਾਰਿਆ ਜਾਵੇਗਾ ਅਤੇ ਜਿੱਥੇ ਕਮਿਸ਼ਨ ਦੇ ਅਧਿਕਾਰ ਖੇਤਰ ਅਧੀਨ ਕਾਰਵਾਈ ਬਣਦੀ ਹੋਵੇਗੀ, ਉੱਥੇ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਇਸ ਮੌਕੇ ਸਬ ਡਿਵੀਜ਼ਨਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਸ੍ਰੀ ਸੁਖਪਾਲ ਸਿੰਘ, ਡੀਐਸਪੀ ਸ੍ਰੀ ਐਨ.ਪੀ.ਐਸ. ਲਹਿਲ, ਨਾਇਬ ਤਹਿਸੀਲਦਾਰ ਸ੍ਰੀਮਤੀ ਜਸਵਿੰਦਰ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕ ਹਾਜ਼ਰ ਸਨ।
ਇਸ ਉਪਰੰਤ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਕਬੀਰ ਜਯੰਤੀ ਦੇ ਮੌਕੇ ਪਿੰਡ ਝਾਂਡੀਆਂ ਕਲਾਂ ਵਿਖੇ ਕਰਵਾਏ ਗਏ ਸਮਾਗਮ ਅਤੇ ਭੂਰੀਵਾਲੇ ਗੁਰਗੱਦੀ ਪਰੰਪਰਾ ਨਾਲ ਸੰਬੰਧਿਤ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ।
ਉਨ੍ਹਾਂ ਸਮਾਗਮ ਦੌਰਾਨ ਹਾਜ਼ਰ ਸੰਗਤ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਸਮਾਜਿਕ ਸਦਭਾਵਨਾ, ਆਪਸੀ ਭਾਈਚਾਰੇ, ਸਮਾਨਤਾ ਅਤੇ ਮਨੁੱਖੀ ਮੁੱਲਾਂ ਨੂੰ ਅਪਣਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸੰਤ ਕਬੀਰ ਜੀ ਦੀ ਬਾਣੀ ਅੱਜ ਵੀ ਸਮਾਜ ਨੂੰ ਏਕਤਾ, ਸੱਚਾਈ ਅਤੇ ਮਨੁੱਖਤਾ ਦੇ ਰਾਹ ‘ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ।
ਇਸ ਸਮਾਗਮ ਦੌਰਾਨ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਪਤਵੰਤੇ ਵਿਅਕਤੀ ਵੀ ਹਾਜ਼ਰ ਰਹੇ।

Leave a Reply

Your email address will not be published. Required fields are marked *