Shadow

ਸਿਹਤ ਵਿਭਾਗ ਵੱਲੋਂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਪੂਰਾ – ਜ਼ਿਲ੍ਹਾ ਟੀਕਾਕਰਨ ਅਫ਼ਸਰ

​ਬਰਨਾਲਾ, 30 ਜੂਨ
ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਹਰੀਪਾਲ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਵਿਖੇ ਪਲਸ ਪੋਲੀਓ ਮੁਹਿੰਮ ਸਫਲਤਾਪੂਰਵਕ ਮੁਕੰਮਲ ਹੋਈ। ਜ਼ਿਲ੍ਹੇ ਵਿੱਚ 0 ਤੋਂ 5 ਸਾਲ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ, ਇਸ ਗੱਲ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ ਵੱਲੋਂ ਮਹਿਲ ਕਲਾਂ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਮੁਹਿੰਮ ਦੀ ਬਾਰੀਕੀ ਨਾਲ ਸੁਪਰਵਿਜ਼ਨ ਕੀਤੀ ਗਈ। ਇਸ ਨਿਗਰਾਨੀ ਮੁਹਿੰਮ ਦੌਰਾਨ ਉਨ੍ਹਾਂ ਦੇ ਨਾਲ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਪ੍ਰਵੇਸ਼ ਕੁਮਾਰ, ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਬਲਰਾਜ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
​ਮੁਹਿੰਮ ਦੀਆਂ ਪ੍ਰਾਪਤੀਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਇਸ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ 3 ਦਿਨਾਂ ਵਿੱਚ 0 ਤੋਂ 5 ਸਾਲ ਤੱਕ ਦੇ 49,750 ਬੱਚਿਆਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਸਦਕਾ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਘਰਾਂ ਨੂੰ ਜਿੰਦਰੇ ਲੱਗੇ ਹੋਣ ਕਾਰਨ (ਐਕਸ ਘਰ) ਜਾਂ ਕਿਸੇ ਹੋਰ ਕਾਰਨ ਕੋਈ ਬੱਚੇ ਬੂੰਦਾਂ ਪੀਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਸਿਹਤ ਕਾਮਿਆਂ ਵੱਲੋਂ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ, ਸਮਾਜ ਸੇਵੀ ਸੰਸਥਾਵਾਂ ਅਤੇ ਬੱਚਿਆਂ ਦੇ ਮਾਪਿਆਂ ਵੱਲੋਂ ਮਿਲਦੇ ਪੂਰਨ ਸਹਿਯੋਗ ਸਦਕਾ ਹੀ ਸਿਹਤ ਵਿਭਾਗ ਵੱਲੋਂ ਪੋਲੀਓ ਸਮੇਤ ਬਹੁਤ ਸਾਰੀਆਂ ਮਾਰੂ ਬਿਮਾਰੀਆਂ ‘ਤੇ ਕਾਬੂ ਪਾਇਆ ਜਾ ਚੁੱਕਾ ਹੈ।

Leave a Reply

Your email address will not be published. Required fields are marked *