Shadow

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਾਕੜਾ ਵਿਖੇ 45 ਲੱਖ ਦੀ ਲਾਗਤ ਨਾਲ ਬਣੇ ਆਧੁਨਿਕ ਪੰਚਾਇਤ ਘਰ ਦਾ ਉਦਘਾਟਨ

ਭਵਾਨੀਗੜ੍ਹ, 05 ਜੁਲਾਈ

ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੀ ਲੜੀ ਤਹਿਤ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਾਕੜਾ ਵਿਖੇ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਉਸਾਰੇ ਗਏ ਆਧੁਨਿਕ ਪੰਚਾਇਤ ਘਰ ਨੂੰ ਰਸਮੀ ਤੌਰ ‘ਤੇ ਉਦਘਾਟਨ ਕਰਕੇ ਲੋਕ ਅਰਪਿਤ ਕੀਤਾ ਗਿਆ। ਇਸ ਮੌਕੇ ਪਿੰਡ ਪਹੁੰਚਣ ‘ਤੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਵਿਧਾਇਕਾ ਭਰਾਜ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸ਼ਹਿਰਾਂ ਵਰਗੀਆਂ ਸਹੂਲਤਾਂ ਪਿੰਡਾਂ ਵਿੱਚ ਮੁਹੱਈਆ ਕਰਵਾਉਣ ਲਈ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਪਿੰਡ ਕਾਕੜਾ ਵਿਖੇ ਬਣਾਇਆ ਗਿਆ ਇਹ ਪੰਚਾਇਤ ਘਰ ਪਿੰਡ ਦੀ ਇੱਕ ਵੱਡੀ ਲੋੜ ਸੀ, ਜਿਸ ‘ਤੇ ਕਰੀਬ 45 ਲੱਖ ਰੁਪਏ ਖਰਚ ਕੀਤੇ ਗਏ ਹਨ।

ਉਹਨਾਂ ਕਿਹਾ, “ਇਸ ਨਵੇਂ ਪੰਚਾਇਤ ਘਰ ਦੇ ਬਣਨ ਨਾਲ ਹੁਣ ਪਿੰਡ ਵਾਸੀਆਂ ਨੂੰ ਆਪਣੇ ਸਾਂਝੇ ਇਕੱਠ, ਪੰਚਾਇਤ ਦੀਆਂ ਮੀਟਿੰਗਾਂ ਅਤੇ ਹੋਰ ਪ੍ਰੋਗਰਾਮ ਉਲੀਕਣ ਲਈ ਇੱਕ ਬਿਹਤਰ ਅਤੇ ਸੁਵਿਧਾਜਨਕ ਸਥਾਨ ਮਿਲ ਗਿਆ ਹੈ। ਸਾਡਾ ਮਕਸਦ ਹਰ ਪਿੰਡ ਤੱਕ ਵਿਕਾਸ ਦੀਆਂ ਗ੍ਰਾਂਟਾਂ ਬਿਨਾਂ ਕਿਸੇ ਪੱਖਪਾਤ ਦੇ ਪਹੁੰਚਾਉਣਾ ਹੈ।”

ਵਿਧਾਇਕਾ ਨੇ ਅੱਗੇ ਕਿਹਾ ਕਿ ਹਲਕੇ ਦੇ ਕਿਸੇ ਵੀ ਪਿੰਡ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਪੰਚਾਇਤ ਨੂੰ ਅਪੀਲ ਕੀਤੀ ਕਿ ਉਹ ਪਿੰਡ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਪਾਰਦਰਸ਼ੀ ਤਰੀਕੇ ਨਾਲ ਅਤੇ ਸਮੇਂ ਸਿਰ ਨੇਪਰੇ ਚਾੜ੍ਹਨ।

ਇਸ ਮੌਕੇ ਹਾਜ਼ਰ ਪਿੰਡ ਦੇ ਪਤਵੰਤਿਆਂ ਅਤੇ ਪੰਚਾਇਤ ਮੈਂਬਰਾਂ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਇਸ ਆਧੁਨਿਕ ਇਮਾਰਤ ਦੀ ਸਖ਼ਤ ਲੋੜ ਸੀ, ਜੋ ਅੱਜ ਪੂਰੀ ਹੋ ਗਈ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪਿੰਡ ਦੀ ਤਰੱਕੀ ਲਈ ਉਹ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ।

ਇਸ ਉਦਘਾਟਨੀ ਸਮਾਰੋਹ ਦੌਰਾਨ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸਨਿਕ ਅਧਿਕਾਰੀ, ਗ੍ਰਾਮ ਪੰਚਾਇਤ ਕਾਕੜਾ ਦੇ ਮੈਂਬਰ, ਸਥਾਨਕ ‘ਆਪ’ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *