Shadow

ਐੱਸ.ਆਈ.ਆਰ. ਤਹਿਤ 11 ਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ: ਡਿਪਟੀ ਕਮਿਸ਼ਨਰ

ਰੂਪਨਗਰ, 10 ਜੁਲਾਈ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਮੁਹਿੰਮ ਤਹਿਤ ਯੋਗ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਗਣਨਾ ਫਾਰਮਾਂ ਦੀ ਭਰਵਾਈ, ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਤੇਜ਼ ਕਰਨ ਲਈ 11 ਅਤੇ 12 ਜੁਲਾਈ, 2026 (ਸ਼ਨੀਵਾਰ ਅਤੇ ਐਤਵਾਰ) ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਹਰ ਰੋਜ਼ ਸਵੇਰੇ 8:00 ਵਜੇ ਤੋਂ ਦੁਪਹਿਰ 5:00 ਵਜੇ ਤੱਕ ਚੱਲਣਗੇ। ਇਸ ਦੌਰਾਨ ਬੂਥ ਪੱਧਰੀ ਅਧਿਕਾਰੀ (ਬੀ.ਐਲ.ਓ.) ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਗਣਨਾ ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਅਤੇ ਡਿਜੀਟਾਈਜ਼ੇਸ਼ਨ ਸਬੰਧੀ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨਗੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਬੀ.ਐਲ.ਓਜ਼ ਵੱਲੋਂ ਡਿਜੀਟਾਈਜ਼ੇਸ਼ਨ ਦਾ ਕੰਮ ਪੂਰਾ ਕਰ ਲਿਆ ਗਿਆ ਹੈ, ਉਹ ਲੋੜੀਂਦੇ ਦਸਤਾਵੇਜ਼ਾਂ ਦੀ ਪ੍ਰਾਪਤੀ ਅਤੇ ਜੇਕਰ ਕੋਈ ਤਰੁੱਟੀਆਂ ਜਾਂ ਕਮੀਆਂ ਹਨ ਤਾਂ ਉਨ੍ਹਾਂ ਨੂੰ ਦੂਰ ਕਰਨ ‘ਤੇ ਵਿਸ਼ੇਸ਼ ਧਿਆਨ ਦੇਣਗੇ। ਜਦਕਿ ਜਿਨ੍ਹਾਂ ਬੂਥਾਂ ‘ਤੇ ਫਾਰਮਾਂ ਦੀ ਪ੍ਰਾਪਤੀ ਜਾਂ ਡਿਜੀਟਾਈਜ਼ੇਸ਼ਨ ਦਾ ਕੰਮ ਅਜੇ ਬਾਕੀ ਹੈ, ਉੱਥੇ ਇਸ ਕਾਰਜ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਮਹੱਤਵਪੂਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਮਾਜਿਕ ਸੁਰੱਖਿਆ, ਸਕੂਲ ਸਿੱਖਿਆ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਪੇਂਡੂ ਖੇਤਰਾਂ ਵਿੱਚ ਆਂਗਣਵਾੜੀ ਵਰਕਰਾਂ ਅਤੇ ਸਕੂਲਾਂ ਦੇ ਸਟਾਫ਼, ਜਦਕਿ ਸ਼ਹਿਰੀ ਖੇਤਰਾਂ ਵਿੱਚ ਸਥਾਨਕ ਸਰਕਾਰਾਂ ਦੇ ਕਰਮਚਾਰੀਆਂ ਨੂੰ ਵੀ ਬੀ.ਐਲ.ਓਜ਼ ਦੀ ਸਹਾਇਤਾ ਲਈ ਤਾਇਨਾਤ ਕੀਤਾ ਗਿਆ ਹੈ।
ਸ੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਵਿਸ਼ੇਸ਼ ਕੈਂਪਾਂ ਬਾਰੇ ਵੋਟਰਾਂ ਨੂੰ ਵੱਖ-ਵੱਖ ਮਾਧਿਅਮਾਂ ਰਾਹੀਂ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਯੋਗ ਵੋਟਰ ਇਨ੍ਹਾਂ ਕੈਂਪਾਂ ਦਾ ਲਾਭ ਲੈ ਸਕਣ। ਇਸ ਤੋਂ ਇਲਾਵਾ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਵੀ ਕੈਂਪਾਂ ਬਾਰੇ ਸੂਚਿਤ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਦੇ ਬੂਥ ਪੱਧਰੀ ਏਜੰਟ (ਬੀ.ਐਲ.ਏ.) ਵੋਟਰਾਂ ਨੂੰ ਕੈਂਪਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰ ਸਕਣ।
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 11 ਅਤੇ 12 ਜੁਲਾਈ ਨੂੰ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿੱਚ ਪਹੁੰਚ ਕੇ ਗਿਣਨਾ ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਅਤੇ ਆਪਣਾ ਵੇਰਵਾ ਸਮੇਂ ਸਿਰ ਡਿਜੀਟਾਈਜ਼ ਕਰਵਾ ਕੇ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Leave a Reply

Your email address will not be published. Required fields are marked *