Shadow

ਲੋਕ ਮਿਲਣੀ’ ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਹੈ ਸਿੱਧਾ ਸੰਵਾਦ: ਦਲਵੀਰ ਸਿੰਘ ਢਿੱਲੋਂ

ਧੂਰੀ, 11 ਜੁਲਾਈ: ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਧੂਰੀ ਹਲਕੇ ਦੇ ਪਿੰਡ ਕੱਕੜਵਾਲ ਅਤੇ ਸੁਲਤਾਨਪੁਰ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮਾਂ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ ‘ਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਸ੍ਰੀ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ-ਪੱਖੀ ਸ਼ਾਸਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ‘ਲੋਕ ਮਿਲਣੀ’ ਪ੍ਰੋਗਰਾਮ ਲਗਾਤਾਰ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਦਾ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸੁਣ ਕੇ ਉਨ੍ਹਾਂ ਦਾ ਤੁਰੰਤ ਅਤੇ ਪਾਰਦਰਸ਼ੀ ਹੱਲ ਯਕੀਨੀ ਬਣਾਉਣਾ ਹੈ।

ਚੇਅਰਮੈਨ ਨੇ ਕਿਹਾ ਕਿ ਸਰਕਾਰ ਹਰ ਵਰਗ ਦੀ ਭਲਾਈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਦੇ ਵਿਕਾਸ ਅਤੇ ਭਲਾਈ ਸਬੰਧੀ ਸੁਝਾਅ ਵੀ ਸਰਕਾਰ ਤੱਕ ਪਹੁੰਚਾਉਣ ਤਾਂ ਜੋ ਲੋਕ ਭਾਗੀਦਾਰੀ ਨਾਲ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੱਤੀ ਜਾ ਸਕੇ।

ਇਸ ਮੌਕੇ ਪਿੰਡ ਵਾਸੀਆਂ ਨੇ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਚੇਅਰਮੈਨ ਦੇ ਧਿਆਨ ਵਿੱਚ ਲਿਆਂਦੀਆਂ ਅਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਦਰ ‘ਤੇ ਸੁਣਨ ਲਈ ਸ਼ੁਰੂ ਕੀਤੇ ਗਏ ‘ਲੋਕ ਮਿਲਣੀ’ ਪ੍ਰੋਗਰਾਮ ਦੀ ਸ਼ਲਾਘਾ ਕੀਤੀ।

ਇਸ ਮੌਕੇ ਪੰਚਾਇਤ ਨੁਮਾਇੰਦੇ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *