Shadow

ਮੁਕੇਰੀਆਂ ਤੇ ਤਲਵਾੜਾ ‘ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ: ਦੀਪਕ ਬਾਲੀ

ਤਲਵਾੜਾ, 15 ਜੁਲਾਈ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਮੁਕੇਰੀਆਂ ਅਤੇ ਤਲਵਾੜਾ ਵਿੱਚ ਭਗਵਾਨ ਸ਼ਿਵ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 18 ਜੁਲਾਈ ਨੂੰ ਮੁਕੇਰੀਆਂ ਦੇ ਐਸ.ਪੀ.ਐਨ. ਕਾਲਜ ਮੈਦਾਨ ਅਤੇ 19 ਜੁਲਾਈ ਨੂੰ ਤਲਵਾੜਾ ਦੇ ਨਰਸਰੀ ਗਰਾਊਂਡ ਵਿੱਚ ਸ਼ਾਮ 6:30 ਵਜੇ ਹੋਣ ਵਾਲੇ ਇਸ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਦੇਸ਼ ਦੇ ਪ੍ਰਸਿੱਧ ਗਾਇਕ ਕੈਲਾਸ਼ ਖੇਰ ਆਪਣੀਆਂ ਭਗਤੀਮਈ ਪੇਸ਼ਕਾਰੀਆਂ ਰਾਹੀਂ ਸ਼ਰਧਾਲੂਆਂ ਨੂੰ ਸ਼ਿਵ ਭਗਤੀ ਦੇ ਰੰਗ ਵਿੱਚ ਰੰਗਣਗੇ।
ਵਿਧਾਇਕ ਕਰਮਵੀਰ ਸਿੰਘ ਘੁੰਮਣ ਅਤੇ ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਵਿਜੈ ਸ਼ਰਮਾ ਨਾਲ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੀਪਕ ਬਾਲੀ ਨੇ ਦੱਸਿਆ ਕਿ ਇਸ ਖੇਤਰ ਵਿੱਚ ਪਹਿਲੀ ਵਾਰ ਇੰਨੇ ਵੱਡੇ ਪੱਧਰ ‘ਤੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਹਜ਼ਾਰਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਰਧਾਲੂਆਂ ਦੀਆਂ ਸਹੂਲਤਾਂ ਅਤੇ ਸਮਾਗਮ ਦੀਆਂ ਸਾਰੀਆਂ ਵਿਵਸਥਾਵਾਂ ਵਿੱਚ ਪੂਰਾ ਸਹਿਯੋਗ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਸਮਾਗਮ ਵਿੱਚ ਸ਼ਰਧਾਲੂ ਵਜੋਂ ਸ਼ਾਮਲ ਹੋ ਕੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ।
ਉਨ੍ਹਾਂ ਕਿਹਾ ਕਿ ਇਹ ਸਮਾਗਮ ਕੇਵਲ ਧਾਰਮਿਕ ਪ੍ਰੋਗਰਾਮ ਹੀ ਨਹੀਂ, ਸਗੋਂ ਆਸਥਾ, ਸੱਭਿਆਚਾਰ ਅਤੇ ਸਮਾਜਿਕ ਸਾਂਝ ਦਾ ਇੱਕ ਵਿਸ਼ਾਲ ਉਤਸਵ ਹੈ, ਜੋ ਖੇਤਰ ਵਿੱਚ ਭਾਈਚਾਰੇ ਅਤੇ ਏਕਤਾ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ।
ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਕਿਹਾ, ‘ਇਹ ਸਮਾਗਮ ਕਿਸੇ ਇੱਕ ਸੰਸਥਾ ਦਾ ਨਹੀਂ, ਸਗੋਂ ਪੂਰੇ ਖੇਤਰ ਦੀ ਆਸਥਾ ਅਤੇ ਲੋਕ ਸਹਿਯੋਗ ਦਾ ਪ੍ਰਤੀਕ ਹੈ’। ਪੰਜਾਬ ਸਰਕਾਰ ਵੱਲੋਂ ਸਾਰੇ ਲੋੜੀਂਦੇ ਪ੍ਰਬੰਧਾਂ ਵਿੱਚ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ, ਜਦਕਿ ਸਥਾਨਕ ਮੰਦਰ ਕਮੇਟੀਆਂ, ਧਾਰਮਿਕ ਸੰਸਥਾਵਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਮਿਲ ਕੇ ਇਸ ਨੂੰ ਸਫਲ ਬਣਾਉਣ ਲਈ ਯਤਨਸ਼ੀਲ ਹਨ। ਉਨ੍ਹਾਂ ਮੁਕੇਰੀਆਂ, ਤਲਵਾੜਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਸਮੂਹ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਵਿਸ਼ਾਲ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋ ਕੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕਰਨ ਅਤੇ ਸਮਾਜਿਕ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਹੋਰ ਮਜ਼ਬੂਤ ਕਰਨ।
ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਵਿਜੈ ਸ਼ਰਮਾ ਨੇ ਕਿਹਾ ਕਿ ਇਹ ਸਮਾਗਮ ਪੰਜਾਬ ਦੀਆਂ ਸਮ੍ਰਿੱਧ ਧਾਰਮਿਕ ਅਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਅੱਗੇ ਵਧਾਉਣ ਦੇ ਨਾਲ-ਨਾਲ ਸਮਾਜ ਵਿੱਚ ਪਿਆਰ, ਸਦਭਾਵਨਾ ਅਤੇ ਆਪਸੀ ਸਹਿਯੋਗ ਦੀ ਭਾਵਨਾ ਨੂੰ ਵੀ ਮਜ਼ਬੂਤ ਕਰੇਗਾ। ਉਨ੍ਹਾਂ ਖੇਤਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਇਤਿਹਾਸਕ ਧਾਰਮਿਕ ਸਮਾਗਮ ਦਾ ਹਿੱਸਾ ਬਣਨ ਅਤੇ ਭਗਵਾਨ ਸ਼ਿਵ ਦੀ ਭਗਤੀ ਵਿੱਚ ਸ਼ਾਮਲ ਹੋ ਕੇ ਪੁੰਨ ਦਾ ਲਾਭ ਪ੍ਰਾਪਤ ਕਰਨ।
ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ (ਜ) ਨਿਧੀ ਕੁਮੁਦ ਬੰਬਾਹ, ਐਸ.ਡੀ.ਐਮ. ਮੁਕੇਰੀਆਂ ਜਯੋਤਸਨਾ, ਐਸ.ਡੀ.ਐਮ. ਦਸੂਹਾ ਕਨਵਲਜੀਤ ਸਿੰਘ, ਐਸ.ਪੀ. ਨਵਨੀਤ ਕੌਰ, ਸਹਾਇਕ ਕਮਿਸ਼ਨਰ (ਜ) ਸੁਮਿਤ ਮੁਧ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਗੁਰਕੰਵਲ ਸਿੰਘ, ਅਧਿਕ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *