Shadow

ਪੀਏਯੂ-ਕੇਵੀਕੇ ਰੋਪੜ ਵੱਲੋਂ ਪਿੰਡ ਭੈਰੋ ਮਾਜਰਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਮੁਹਿੰਮ ਦਾ ਆਗਾਜ਼

ਰੂਪਨਗਰ, 3 ਅਗਸਤ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ) ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੀਏਯੂ ਲੁਧਿਆਣਾ ਅਤੇ ਆਈਸੀਏਆਰ-ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਅੱਜ ਪਿੰਡ ਭੈਰੋ ਮਾਜਰਾ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਵੀ ਆਯੋਜਨ ਕੀਤਾ ਗਿਆ।
ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਸਤਬੀਰ ਸਿੰਘ ਨੇ ਦੱਸਿਆ ਕਿ ਇਸ ਜਾਗਰੂਕਤਾ ਕੈਂਪ ਵਿੱਚ ਪਿੰਡ ਭੈਰੋ ਮਾਜਰਾ ਅਤੇ ਆਸ-ਪਾਸ ਦੇ ਪਿੰਡਾਂ ਦੇ ਲਗਭਗ 50 ਕਿਸਾਨਾਂ ਨੇ ਭਾਗ ਲਿਆ।
ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚੋਂ ਬਾਹਰ ਕੱਢਣ ਜਾਂ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਹੀ ਮਿਲਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਅਤੇ ਵਾਤਾਵਰਣ ਦੀ ਸੰਭਾਲ ਵੀ ਹੁੰਦੀ ਹੈ। ਕੇਵੀਕੇ ਦੀ ਟੀਮ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ, ਜਿਵੇਂ ਕਿ ਸਮਾਰਟ ਸੀਡਰ, ਸਰਫੇਸ ਸੀਡਰ ਅਤੇ ਹੈਪੀ ਸੀਡਰ ਆਦਿ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ।
ਇਸ ਕੈਂਪ ਦੌਰਾਨ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਤਕਨੀਕੀ ਜਾਣਕਾਰੀ ਦੇਣ ਦੇ ਨਾਲ-ਨਾਲ ਕੇਵੀਕੇ ਦੇ ਮਾਹਿਰਾਂ ਨੇ ਫਸਲ ਵਿਭਿੰਨਤਾ, ਪਸ਼ੂ ਪਾਲਣ, ਬਾਗਬਾਨੀ ਅਤੇ ਖੇਤੀ ਜੰਗਲਾਤ ਨਾਲ ਸਬੰਧਤ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ।
ਇਸ ਮੌਕੇ ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਸਾਹਿਤ ਵੀ ਵੰਡਿਆ ਗਿਆ ਅਤੇ ਕੇਵੀਕੇ ਦੇ ਮਾਹਿਰਾਂ ਵੱਲੋਂ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਕੇ ਉਨ੍ਹਾਂ ਨੂੰ ਮੌਕੇ ‘ਤੇ ਹੀ ਤਕਨੀਕੀ ਸਲਾਹ ਵੀ ਦਿੱਤੀ ਗਈ।

Leave a Reply

Your email address will not be published. Required fields are marked *