
ਹੁਸ਼ਿਆਰਪੁਰ, 29 ਸਤੰਬਰ : ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਨੂੰ ਜਮੀਨੀ ਪੱਧਰ ’ਤੇ ਹੁਲਾਰਾ ਦੇਣ ਲਈ ਸ਼ਾਨਦਾਰ ਉਪਰਾਲੇ ਕਰਦਿਆਂ ਰਾਜ ਅੰਦਰ ਮੁੜ ਖੇਡ ਸੱਭਿਆਚਾਰ ਨੂੰ ਮਜ਼ਬੂਤ ਕੀਤਾ ਹੈ।
ਨੇੜਲੇ ਪਿੰਡ ਕੋਟਲਾ ਨੋਧ ਸਿੰਘ ਵਿਖੇ ਕਰਵਾਏ ਗਏ ਪਹਿਲੇ ਵਾਲੀਬਾਲ ਟੂਰਨਾਮੈਂਟ ਵਿਚ ਪਹੁੰਚਣ ’ਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿਚ ਸ਼ਲਾਘਾਯੋਗ ਕੰਮ ਕੀਤਾ ਹੈ ਜਿਸ ਦੇ ਸਿੱਟੇ ਵਜੋਂ ਨੌਜਵਾਨ ਪੀੜ੍ਹੀ ਨੇ ਵੱਡੇ ਪੱਧਰ ’ਤੇ ਖੇਡਾਂ ਨੂੰ ਅਪਨਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਨੂੰ ਹਰ ਵਰਗ ਵਲੋਂ ਉਤਸ਼ਾਹਜਨਕ ਹੁੰਗਾਰਾ ਦਿੱਤਾ ਗਿਆ ਹੈ ਅਤੇ ਇਨ੍ਹਾਂ ਖੇਡਾਂ ਵਿਚ 14 ਸਾਲ ਤੋਂ ਲੈ ਕੇ 70 ਸਾਲ ਉਮਰ ਤੱਕ ਦੇ ਖਿਡਾਰੀ ਆਪਣੀਆਂ ਪਸੰਦਿਦਾ ਖੇਡਾਂ ਵਿਚ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿਚ ਚਾਰ ਪੈਰਾ ਖੇਡਾਂ ਵੀ ਹਨ ਜਿਨ੍ਹਾਂ ਵਿਚ ਐਥਲੈਟਿਕਸ, ਪਾਵਰ ਲਿਫਟਿੰਗ, ਬੈਡਮਿੰਟਨ ਅਤੇ ਵੀਲ੍ਹਚੇਅਰ ਬਾਸਕਿਟਬਾਲ ਵੀ ਸ਼ਾਮਲ ਹਨ।
ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਪਿੰਡਾਂ ਅਤੇ ਸ਼ਹਿਰਾਂ ਦੇ ਕੋਨੇ-ਕੋਨੇ ਵਿਚ ਖਿਡਾਰੀਆਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਅਤੇ ਉਭਾਰਨ ਦਾ ਸਭ ਤੋਂ ਉਤਮ ਪਲੇਟਫਾਰਮ ਹੈ ਜਿਸ ਰਾਹੀਂ ਨੌਜਵਾਨ ਪੀੜੀ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ ਲਈ ਤਿਆਰ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਪਿੰਡ-ਪਿੰਡ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਯਤਨੀਸ਼ੀਲ ਹੈ ਅਤੇ ਪਹਿਲੀਵਾਰ ਖੇਡਾਂ ਲਈ 1744 ਕਰੋੜ ਰੁਪਏ ਦਾ ਬਜ਼ਟ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਅੰਦਰ 3148 ਪੇਂਡੂ ਖੇਡ ਮੈਦਾਨ ਬਣਾਏ ਜਾ ਰਹੇ ਹਨ ਜਿਨ੍ਹਾਂ ਵਿਚੋਂ 750 ਤੋਂ ਵੱਧ ਦਾ ਉਦਘਾਟਨ ਹੋ ਚੁੱਕਾ ਹੈ ਜਦਕਿ 6000 ਜਿੰਮ ਪ੍ਰਗਤੀ ਅਧੀਨ ਸਨ ਜਿਨ੍ਹਾਂ ਵਿਚੋਂ 500 ਸਥਾਪਿਤ ਹੋ ਚੁੱਕੇ ਹਨ। ਉਨ੍ਹਾਂ ਨੇ ਪਿੰਡ ਵਾਸੀਆਂ ਅਤੇ ਨੌਜਵਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਅਜਿਹੇ ਟੂਰਨਾਮੈਂਟ ਅਤਿ ਜ਼ਰੂਰੀ ਹਨ ਜਿਸ ਨਾਲ ਖੇਡਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਵੱਡੀ ਭੂਮਿਕਾ ਨਿਭਾਈ ਜਾ ਸਕਦੀ ਹੈ। ਕੈਬਨਿਟ ਮੰਤਰੀ ਨੇ ਖਿਡਾਰੀਆਂ ਅਤੇ ਪ੍ਰਬੰਧਕਾਂ ਨਾਲ ਮੁਲਾਕਾਤ ਕਰਦਿਆਂ ਇਸ ਸਮਾਜਿਕ ਕਾਰਜ ਲਈ ਉਨ੍ਹਾਂ ਨੂੰ ਵਧਾਈ ਦਿੱਤੀ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਲਾਹੁਤਾ ਕੀਤੀ।