
ਮਾਲੇਰਕੋਟਲਾ, 29 ਸਤੰਬਰ : ਜ਼ਿਲ੍ਹਾ ਮਾਲੇਰਕੋਟਲਾ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ 26 ਸਤੰਬਰ ਤੋਂ 1 ਅਕਤੂਬਰ ਤੱਕ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਖੇਡ ਮੈਦਾਨਾਂ ਵਿੱਚ ਹੋਏ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਪੂਰੇ ਮਨੋਯੋਗ ਨਾਲ ਹਿੱਸਾ ਲੈਂਦਿਆਂ ਜਿੱਤ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ।
ਐਥਲੈਟਿਕਸ ਵਿੱਚ 100 ਮੀਟਰ ਦੌੜ ਦੇ ਲੜਕਿਆਂ ਦੇ ਮੁਕਾਬਲੇ ਵਿੱਚ ਅਬਰਾਨ ਖਾਂ ਨੇ ਬਾਜ਼ੀ ਮਾਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਸਮਰ ਮੁਸਤਾਕ ਦੂਜੇ ਸਥਾਨ ’ਤੇ ਰਿਹਾ। 200 ਮੀਟਰ ਦੌੜ ਵਿੱਚ ਅਖਤਰ ਸ਼ਾਹ ਨੇ ਪਹਿਲਾ ਅਤੇ ਸਮਰ ਮੁਸਤਾਕ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਫੁੱਟਬਾਲ ਦੇ ਅੰਡਰ-17 ਮੁਕਾਬਲੇ ਵਿੱਚ ਅਲਕੋਸਰ ਅਕੈਡਮੀ ਅਤੇ ਬਨਭੌਰਾ ਸਕੂਲ ਦੀਆਂ ਟੀਮਾਂ ਵਿੱਚ ਖੇਡ ਮੁਕਾਬਲਾ ਹੋਇਆ, ਜਿਸ ਵਿੱਚ ਅਲਕੋਸਰ ਅਕੈਡਮੀ ਨੇ 3-0 ਨਾਲ ਜਿੱਤ ਦਰਜ ਕੀਤੀ। ਇਸੇ ਤਰ੍ਹਾਂ ਬਾਕਸਿੰਗ ਦੇ 41-50 ਉਮਰ ਵਰਗ ਵਿੱਚ ਹੋਏ ਦੋ ਮੁਕਾਬਲਿਆਂ ਵਿੱਚ ਅਰਮਨ ਅਤੇ ਰਾਜਬੀਰ ਨੇ ਆਪੋ-ਆਪਣੇ ਮੁਕਾਬਲੇ ਜਿੱਤੇ।
ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਮੌਕੇ ਦੇਣ ਦੇ ਨਾਲ ਉਨ੍ਹਾਂ ਨੂੰ ਸਿਹਤਮੰਦ ਅਤੇ ਸਰਗਰਮ ਜੀਵਨ ਬਤੀਤ ਕਰਨ ਵੱਲ ਪ੍ਰੇਰਿਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਸਹੂਲਤ ਅਤੇ ਖੇਡ ਮੁਕਾਬਲਿਆਂ ਦੇ ਸੁਚਾਰੂ ਸੰਚਾਲਨ ਲਈ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ।
ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਮਾਲੇਰਕੋਟਲਾ ਦੇ ਖੇਡ ਮੈਦਾਨਾਂ ’ਚ ਉਤਸ਼ਾਹ ਦੀ ਲਹਿਰ
* ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਦਿਖਾਇਆ ਆਪਣਾ ਖੇਡ ਜਜ਼ਬਾ
* ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਜੀਵਨ-ਸ਼ੈਲੀ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਦੇ ਰਹੀਆਂ ਨੇ ਸੁਨੇਹਾ: ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ
ਮਾਲੇਰਕੋਟਲਾ, 28 ਸਤੰਬਰ:
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ, ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ 26 ਸਤੰਬਰ ਤੋਂ 1 ਅਕਤੂਬਰ ਤੱਕ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਤੀਜੇ ਦਿਨ ਵੀ ਖਿਡਾਰੀਆਂ ਵਿੱਚ ਭਰਵਾਂ ਉਤਸ਼ਾਹ ਦੇਖਣ ਨੂੰ ਮਿਲਿਆ। ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਭਾਗ ਲੈਂਦਿਆਂ ਆਪਣੀ ਪ੍ਰਤਿਭਾ, ਖੇਡ ਸਮਰੱਥਾ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਇਸ ਦੌਰਾਨ ਐਥਲੈਟਿਕਸ ਦੇ 200 ਮੀਟਰ ਦੌੜ (ਲੜਕੀਆਂ) ਮੁਕਾਬਲੇ ਵਿੱਚ ਨਗਮਾ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਆਫਰੀਨ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਫੁੱਟਬਾਲ ਮੁਕਾਬਲੇ ਦੌਰਾਨ ਬਨਭੌਰਾ ਸਕੂਲ ਅਤੇ ਦੁਲ੍ਹਮਾ ਅਮੀਰ ਨਗਰ ਦੀਆਂ ਟੀਮਾਂ ਵਿਚਕਾਰ ਹੋਏ ਮੈਚ ਵਿੱਚ ਬਨਭੌਰਾ ਸਕੂਲ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੁਲ੍ਹਮਾ ਅਮੀਰ ਨਗਰ ਦੀ ਟੀਮ ਨੂੰ 3-0 ਨਾਲ ਹਰਾਇਆ। ਇਸੇ ਤਰ੍ਹਾਂ ਟੈਨਿਸ ਬਾਲ ਕ੍ਰਿਕਟ (ਲੜਕੀਆਂ) ਦੇ ਟੂਰਨਾਮੈਂਟ ਵਿੱਚ ਅਹਿਮਦਗੜ੍ਹ ਬਲਾਕ ਦੀ ਟੀਮ ਨੇ ਮਾਲੇਰਕੋਟਲਾ ਬਲਾਕ ਦੀ ਟੀਮ ਨੂੰ ਮਾਤ ਦਿੰਦਿਆਂ ਸੋਨੇ ਦਾ ਤਗਮਾ ਹਾਸਲ ਕੀਤਾ, ਜਦਕਿ ਮਾਲੇਰਕੋਟਲਾ ਬਲਾਕ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਤੰਦਰੁਸਤ ਜੀਵਨ-ਸ਼ੈਲੀ ਅਪਣਾਉਣ ਦੀ ਭਾਵਨਾ ਪੈਦਾ ਕਰਨ ਦਾ ਵੀ ਮਹੱਤਵਪੂਰਨ ਮੰਚ ਬਣ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜਿਆ ਨੌਜਵਾਨ ਆਪਣੀ ਊਰਜਾ ਨੂੰ ਸਾਰਥਕ ਦਿਸ਼ਾ ਵੱਲ ਲੈ ਜਾਂਦਾ ਹੈ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਰਾਹੀਂ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਖੇਡ ਸਮਰੱਥਾ ਦਾ ਪ੍ਰਦਰਸ਼ਨ ਕਰਨ ਲਈ ਢੁਕਵਾਂ ਮੰਚ ਮਿਲ ਰਿਹਾ ਹੈ।