
ਮਾਲੇਰਕੋਟਲਾ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ, ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ 26 ਸਤੰਬਰ ਤੋਂ 1 ਅਕਤੂਬਰ 2026 ਤੱਕ ਕਰਵਾਈਆਂ ਜਾ ਰਹੀਆਂ ਹਨ।
ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਸਿੰਘ ਨੇ ਦੱਸਿਆ ਕਿ ਖੇਡਾਂ ਦੇ ਦੂਜੇ ਦਿਨ ਵੀ ਖਿਡਾਰੀਆਂ ਵਿੱਚ ਭਰਵਾਂ ਉਤਸ਼ਾਹ ਦੇਖਣ ਨੂੰ ਮਿਲਿਆ। ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਖੇਡ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ, ਖੇਡ ਹੁਨਰ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਉਨ੍ਹਾਂ ਦੱਸਿਆ ਕਿ ਐਥਲੈਟਿਕਸ ਦੇ 100 ਮੀਟਰ ਦੌੜ (ਲੜਕੀਆਂ) ਮੁਕਾਬਲੇ ਵਿੱਚ ਅਬਰਾਨ ਖਾਂ ਨੇ ਪਹਿਲਾ ਅਤੇ ਸਮਰ ਮੁਸਤਾਕ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 200 ਮੀਟਰ ਦੌੜ (ਲੜਕੀਆਂ) ਵਿੱਚ ਅਖਤਰ ਸ਼ਾਹ ਨੇ ਪਹਿਲਾ ਅਤੇ ਸਮਰ ਮੁਸਤਾਕ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਫੁੱਟਬਾਲ ਦੇ ਅੰਡਰ-17 ਵਰਗ ਦੇ ਮੁਕਾਬਲੇ ਵਿੱਚ ਅਲੈਕਸਰ ਅਕੈਡਮੀ ਨੇ ਬਨਭੌਰਾ ਸਕੂਲ ਦੀ ਟੀਮ ਨੂੰ 3-0 ਨਾਲ ਹਰਾ ਕੇ ਜਿੱਤ ਦਰਜ ਕੀਤੀ।
ਬਾਕਸਿੰਗ ਦੇ 47-50 ਕਿਲੋਗ੍ਰਾਮ ਭਾਰ ਵਰਗ ਦੇ ਮੁਕਾਬਲਿਆਂ ਵਿੱਚ ਅਰਮਨ, ਰਾਜਬੀਰ, ਜਸਕਰਨ ਅਤੇ ਮੁਸਤਫਾ ਨੇ ਆਪਣੇ-ਆਪਣੇ ਮੁਕਾਬਲਿਆਂ ਵਿੱਚ ਜਿੱਤ ਹਾਸਲ ਕੀਤੀ। ਇਸੇ ਤਰ੍ਹਾਂ ਜੂਡੋ ਦੇ ਅੰਡਰ-21 ਵਰਗ ਵਿੱਚ ਜੋਤੀ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਹਾਸਲ ਕੀਤਾ।
ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਸਿੰਘ ਨੇ ਕਿਹਾ ਕਿ ਖੇਡਾਂ ਨਾਲ ਜੁੜਿਆ ਨੌਜਵਾਨ ਆਪਣੀ ਊਰਜਾ ਨੂੰ ਸਾਰਥਕ ਦਿਸ਼ਾ ਵੱਲ ਲੈ ਜਾਂਦਾ ਹੈ। ਖੇਡਾਂ ਜਿੱਥੇ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਲਾਹੇਵੰਦ ਹਨ, ਉੱਥੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਉਨ੍ਹਾਂ ਦੱਸਿਆ ਕਿ ਖੇਡ ਵਿਭਾਗ ਵੱਲੋਂ ਬਲਾਕ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਨੂੰ ਸੁਚੱਜੇ ਅਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਹਰ ਉਮਰ ਵਰਗ ਦੇ ਖਿਡਾਰੀਆਂ ਨੂੰ ਆਪਣੀ ਖੇਡ ਸਮਰੱਥਾ ਵਿਖਾਉਣ ਲਈ ਢੁੱਕਵਾਂ ਮੰਚ ਮਿਲ ਸਕੇ।