Tuesday, November 17
Shadow

21 ਤੋਂ 30 ਨਵੰਬਰ ਤੱਕ ਕਰਵਾਏ ਜਾਣ ਵਾਲੇ ਪੰਜਾਬ ਸਖੀ ਸ਼ਕਤੀ ਮੇਲਾ ਅਤੇ ਰਿਵਰ ਫੈਸਟੀਵਲ ਦੀਆਂ ਤਿਆਰੀਆਂ ਦਾ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ

ਰੂਪਨਗਰ, 17 ਨਵੰਬਰ: ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ 21 ਤੋਂ 30 ਨਵੰਬਰ ਤੱਕ ਮੇਲਾ ਗਰਾਊਂਡ, ਨਹਿਰੂ ਸਟੇਡੀਅਮ ਦੇ ਸਾਹਮਣੇ ਕਰਵਾਏ ਜਾ ਰਹੇ ‘ਪੰਜਾਬ ਸਖੀ ਸ਼ਕਤੀ ਮੇਲਾ ਅਤੇ ਰਿਵਰ ਫੈਸਟੀਵਲ’ ਦੇ ਸੁਚੱਜੇ ਅਤੇ ਸਫ਼ਲ ਆਯੋਜਨ ਨੂੰ ਯਕੀਨੀ ਬਣਾਉਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਚੰਦਰਜਯੋਤੀ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਮੇਲੇ ਲਈ ਚੱਲ ਰਹੀਆਂ ਤਿਆਰੀਆਂ ਅਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੇਲੇ ਦੇ ਹਰ ਪੱਖ ਨਾਲ ਜੁੜੇ ਪ੍ਰਬੰਧ ਸਮਾਂਬੱਧ ਢੰਗ ਨਾਲ ਮੁਕੰਮਲ ਕੀਤੇ ਜਾਣ ਅਤੇ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਤਾਂ ਜੋ ਮੇਲੇ ਵਿੱਚ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।
ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ, ਆਵਾਜਾਈ, ਪਾਰਕਿੰਗ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਸਿਹਤ ਸਹੂਲਤਾਂ, ਅੱਗ ਬੁਝਾਊ ਸੇਵਾਵਾਂ, ਆਰਜ਼ੀ ਪਖਾਨਿਆਂ, ਰੌਸ਼ਨੀ ਅਤੇ ਹੋਰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਸਟਾਲਾਂ ਦੀ ਵਿਵਸਥਾ, ਸੱਭਿਆਚਾਰਕ ਪ੍ਰੋਗਰਾਮਾਂ ਲਈ ਸਟੇਜ ਅਤੇ ਸਾਊਂਡ ਸਿਸਟਮ, ਦਰਸ਼ਕਾਂ ਦੇ ਬੈਠਣ, ਫੂਡ ਸਟਾਲਾਂ ਅਤੇ ਬੱਚਿਆਂ ਦੇ ਮਨੋਰੰਜਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਮੇਲੇ ਵਿੱਚ ਸ਼ਾਮਲ ਹੋਣ ਵਾਲੇ ਕਲਾਕਾਰਾਂ, ਵਪਾਰੀਆਂ, ਦਸਤਕਾਰਾਂ ਅਤੇ ਮਹਿਲਾ ਸਵੈ-ਸਹਾਇਤਾ ਸਮੂਹਾਂ ਨੂੰ ਵੀ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਈ ਜਾਵੇ।
ਉਨ੍ਹਾਂ ਕਿਹਾ ਕਿ ‘ਪੰਜਾਬ ਸਖੀ ਸ਼ਕਤੀ ਮੇਲਾ ਅਤੇ ਰਿਵਰ ਫੈਸਟੀਵਲ’ ਰੂਪਨਗਰ ਲਈ ਇੱਕ ਵਿਸ਼ੇਸ਼ ਉਪਰਾਲਾ ਹੈ, ਜੋ ਮਹਿਲਾ ਸਸ਼ਕਤੀਕਰਨ, ਪੇਂਡੂ ਉੱਦਮਤਾ, ਸਥਾਨਕ ਉਤਪਾਦਾਂ ਦੇ ਮੰਡੀਕਰਨ ਅਤੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਜ਼ਿਲ੍ਹੇ ਵਿੱਚ ਸੈਰ-ਸਪਾਟੇ ਦੀਆਂ ਸੰਭਾਵਨਾਵਾਂ ਨੂੰ ਵੀ ਨਵੀਂ ਦਿਸ਼ਾ ਦੇਵੇਗਾ।
ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੌਂਪੀਆਂ ਗਈਆਂ ਡਿਊਟੀਆਂ ਪੂਰੀ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਨਿਭਾਈਆਂ ਜਾਣ ਅਤੇ ਬਾਕੀ ਰਹਿੰਦੇ ਕੰਮਾਂ ਨੂੰ ਤਰਜੀਹ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇ, ਤਾਂ ਜੋ ਇਹ ਦਸ ਰੋਜ਼ਾ ਮੇਲਾ ਲੋਕਾਂ ਲਈ ਯਾਦਗਾਰੀ ਅਤੇ ਆਕਰਸ਼ਕ ਤਜਰਬਾ ਸਾਬਤ ਹੋ ਸਕੇ।
ਇਸ ਮੀਟਿੰਗ ਵਿੱਚ ਸੈਕਟਰੀ ਜ਼ਿਲ੍ਹਾ ਪ੍ਰੀਸ਼ਦ ਬਲਜਿੰਦਰ ਸਿੰਘ ਗਰੇਵਾਲ, ਬੀਡੀਪੀਓ ਰੂਪਨਗਰ ਸੰਦੀਪ ਸਿੰਘ, ਬੀਡੀਪੀਓ ਨੂਰਪੁਰ ਬੇਦੀ ਅਮਿਤ ਸ਼ਰਮਾ ਤੇ ਵੱਖ ਵੱਖ ਵਿਭਾਗਾਂ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *