ਸ਼ਰਧਾਲੂਆਂ ਲਈ 13 ਜਨਵਰੀ ਨੂੰ ਸਾਲਾਸਰ ਧਾਮ ਤੇ ਖਾਟੂ ਸ਼ਿਆਮ ਧਾਮ ਲਈ, ਧਰਮਕੋਟ ਤੋਂ ਰਵਾਨਾ ਹੋਵੇਗੀ ਵਿਸ਼ੇਸ਼ ਬੱਸ

ਮੋਗਾ, 10 ਜਨਵਰੀ-
ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਰਾਹੀਂ ਵੱਡੀ ਗਿਣਤੀ ਵਿੱਚ ਲੋਕ ਵਿਸ਼ੇਸ਼ ਟਰੇਨਾਂ ਅਤੇ ਬੱਸਾਂ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਬਿਲਕੁਲ ਮੁਫਤ ਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿਸ਼ੇਸ਼ ਬੱਸਾਂ ਅਤੇ ਟਰੇਨਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ-ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਜ਼ਿਲ੍ਹਾ ਮੋਗਾ ਵਿੱਚੋਂ ਵੀ ਵਿਸ਼ੇਸ਼ ਬੱਸਾਂ ਹਲਕਾ ਵਾਈਜ਼ ਰਵਾਨਾ ਕੀਤੀਆਂ ਜਾ ਚੁੱਕੀਆਂ ਹਨ ਅਤੇ ਹੋਰ ਬੱਸਾਂ ਵੀ ਰਵਾਨਾ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਸ਼ੇਸ਼ ਬੱਸਾਂ ਜਰੀਏ ਵੱਡੀ ਗਿਣਤੀ ਵਿੱਚ ਸ਼ਰਧਾਲੂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ 13 ਜਨਵਰੀ, 2024 ਨੂੰ ਧਰਮਕੋਟ ਤੋਂ ਸਾਲਾਸਰ ਧਾਮ ਤੇ ਖਾਟੂ ਸ਼ਿਆਮ ਧਾਮ ਲਈ ਵਿਸ਼ੇਸ਼ ਬੱਸ ਰਵਾਨਾ ਹੋਵੇਗੀ, ਜਿਸਦਾ ਲਾਹਾ ਲੈਣ ਲਈ ਸ਼ਰਧਾਲੂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਨਾਲ ਸਬੰਧਤ ਸ਼ਰਧਾਲੂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਆਪਣੇ ਹਲਕੇ ਦੇ ਵਿਧਾਇਕ ਜਾਂ ਐੱਸ ਡੀ ਐੱਮ ਦਫ਼ਤਰ ਵਿਖੇ ਜਮ੍ਹਾ ਕਰਵਾ ਸਕਦੇ ਹਨ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜਮੀ ਹੈ।
ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਮੋਗਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਹਾ ਲੈਣ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਤੌਰ ਤੇ ਯਕੀਨੀ ਬਣਾਉਣ।    

Leave a Reply

Your email address will not be published. Required fields are marked *