ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਵਸ ਮੌਕੇ ਦਿੱਤੀ ਸ਼ਰਧਾਜਲੀ

ਫ਼ਿਰੋਜ਼ਪੁਰ, 23 ਮਾਰਚ 2024.

          ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਅੱਜ ਉਨ੍ਹਾਂ ਦੇ ਸ਼ਹੀਦੀ ਦਿਨ ਮੌਕੇ ਕਮਿਸ਼ਨਰ ਫਿਰੋਜ਼ਪੁਰ ਮੰਡਲ ਸ੍ਰੀ ਅਰੁਣ ਸੇਖੜੀ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਡੀ.ਆਈ. ਜੀ. ਸ੍ਰੀ ਰਣਜੀਤ ਸਿੰਘ ਢਿੱਲੋਂ ਅਤੇ ਐਸ.ਐਸ.ਪੀ. ਸੋਮਿਆ ਮਿਸ਼ਰਾ ਵੱਲੋਂ ਹੁਸੈਨੀਵਾਲਾ ਵਿਖੇ ਪਹੁੰਚ ਕੇ ਸ਼ਰਧਾਜਲੀ ਭੇਟ ਕੀਤੀ ਗਈ।

          ਕਮਿਸ਼ਨਰ ਫਿਰੋਜ਼ਪੁਰ ਮੰਡਲ ਸ੍ਰੀ ਅਰੁਣ ਸੇਖੜੀ ਨੇ ਕੌਮੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋਂ ਕਿਹਾ ਕਿ ਹਰੇਕ ਦੇਸ਼ ਵਾਸੀ ਲਈ ਇਹ ਧਰਤੀ ਪਵਿੱਤਰ ਹੈ ਕਿਉਂਕਿ ਬਰਤਾਨਵੀ ਹਕੂਮਤ ਨੇ ਇਨ੍ਹਾਂ ਸੂਰਵੀਰ ਯੋਧਿਆਂ ਨੂੰ ਸ਼ਹੀਦ ਕਰਨ ਤੋਂ ਬਾਅਦ ਇੱਥੇ ਸਸਕਾਰ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਜਗ੍ਹਾ ਨੌਜਵਾਨ ਪੀੜ੍ਹੀਆਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਦੀ ਰਹੇਗੀ।

          ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਸੁਤੰਤਰਤਾ ਸੰਗਰਾਮ ਵਿੱਚ ਮਾਤ ਭੂਮੀ ਲਈ ਆਪਣੇ ਜੀਵਨ ਦਾ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਅੱਜ ਸ਼ਰਧਾਂਜਲੀ ਭੇਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਸਾਡੇ ਸਾਰਿਆਂ ਦੀ ਜਿੰਮੇਵਾਰੀ ਹੈ ਅਤੇ ਇਸ ਜਿੰਮੇਵਾਰੀ ਨੂੰ ਅਸੀਂ ਆਪਣੇ ਵੋਟ ਦੇ ਹੱਕ ਰਾਹੀਂ ਨਿਭਾ ਸਕਦੇ ਹਾਂ। ਉਨ੍ਹਾਂ ਕਿਹਾ ਕਿਹਾ ਆਉਣ ਵਾਲੀਆਂ ਲੋਭ ਸਭਾ ਚੋਣਾਂ ਦੌਰਾਨ ਸਮੂਹ ਵੋਟਰ ਆਪਣੀ ਵੋਟ ਜ਼ਰੂਰ ਪਾਉਣ ਜਾਣ।  ਉਨ੍ਹਾਂ ਕਿਹਾ ਕਿ ਸਮੁੱਚਾ ਦੇਸ਼ ਆਪਣੇ ਇਸ ਸੱਚੇ ਸਪੂਤ ਦਾ ਹਮੇਸ਼ਾ ਕਰਜ਼ਦਾਰ ਰਹੇਗਾ, ਜਿਸ ਨੇ 23 ਸਾਲ ਦੀ ਛੋਟੀ ਉਮਰ ਵਿੱਚ ਬਰਤਾਨਵੀ ਸਾਮਰਾਜਵਾਦ ਦੇ ਚੁੰਗਲ ਵਿੱਚੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣਾ ਬਲੀਦਾਨ ਦਿੱਤਾ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਨਿੱਧੀ ਕੁਮੁਧ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਸ਼ਰਮਾ, ਮੇਜਰ ਜਨਰਲ ਸ੍ਰੀ ਯੋਗੀ ਸ਼ਯੋਰਾਨ, ਐਸਡੀਐਮ ਫਿਰੋਜ਼ਪੁਰ ਡਾ. ਚਾਰੂਮਿਤਾ ਸੇਖ਼ਰ, ਸਹਾਇਕ ਕਮਿਸ਼ਨਰ ਸ੍ਰੀ ਸੂਰਜ ਕੁਮਾਰ, ਐਸਪੀ (ਐਚ) ਜੁਗਰਾਜ ਸਿੰਘ,  ਕਰਨਲ ਸ੍ਰੀ ਆਰ.ਪੀ. ਸਿੰਘ, ਡੀ.ਡੀ.ਪੀ.ਓ. ਸ. ਜਸਵੰਤ ਸਿੰਘ ਬੜੈਚ,  ਡਾ. ਸਤਿੰਦਰ ਸਿੰਘ, ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Leave a Reply

Your email address will not be published. Required fields are marked *