ਕਿਸਾਨਾਂ ਨੂੰ ਖਾਦਾਂ, ਬੀਜ ਅਤੇ ਕੀਟ ਨਾਸ਼ਕਾਂ ਦੀ ਵਿਕਰੀ ਸਮੇਂ ਕੈਸ਼ ਬਿੱਲ ਦਿੱਤਾ ਜਾਵੇ : ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ: 25 ਮਾਰਚ 2024 :
ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਫਰੀਦਕੋਟ ਦੇ ਕਸਬਾ ਸਾਦਿਕ ਵਿੱਚ ਖੇਤੀਬਾੜੀ ਸਮੱਗਰੀ ਵਿਕਰੇਤਾਵਾਂ ਦੀਆਂ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈੱਕਿੰਗ ਕੀਤੀ ਗਈ ਅਤੇ ਜਿਨ੍ਹਾਂ ਡੀਲਰਾਂ ਦੇ ਕਾਰੋਬਾਰ ਨਾਲ ਸੰਬੰਧਤ ਰਿਕਾਰਡ ਵਿੱਚ ਕਮੀਆਂ ਪਈਆਂ ਗਈਆਂ ਉਨ੍ਹਾਂ ਨੂੰ ਮੌਕੇ ਤੇ ਨੋਟਿਸ ਜਾਰੀ ਕੀਤੇ ਗਏ l
ਜ਼ਿਲ੍ਹਾ ਪੱਧਰੀ ਟੀਮ ਦੀ ਅਗਵਾਈ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਕੀਤੀ ਅਤੇ ਟੀਮ ਵਿੱਚ ਹੋਰਨਾਂ ਤੋਂ ਇਲਾਵਾ ਡਾ. ਪਰਮਿੰਦਰ ਸਿੰਘ, ਡਾ. ਲਖਬੀਰ ਸਿੰਘ ਅਤੇ ਡਾ. ਗੁਰਮਿੰਦਰ ਸਿੰਘ ਬਰਾੜ ਖੇਤੀਬਾੜੀ ਵਿਕਾਸ ਅਫ਼ਸਰ ਸ਼ਾਮਿਲ ਸਨ l
ਸਾਦਿਕ ਵਿੱਚ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦਾ ਮੁੱਢਲਾ ਫਰਜ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਵਰਤੀ ਜਾਂਦੀ, ਮਿਆਰੀ ਪੱਧਰ ਦੀ ਖੇਤੀ ਸਮੱਗਰੀ ਮੁਹੱਈਆਂ ਕਰਵਾਉਣੀ ਹੈ ਤਾਂ ਜੋ ਖੇਤੀ ਲਾਗਤ ਖਰਚੇ ਘਟਾ ਕੇ ਅਤੇ ਫਸਲਾਂ ਦੀ ਪੈਦਾਵਾਰ ਵਧਾ ਕੇ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ l ਉਹਨਾਂ ਕਿਹਾ ਕਿ ਖੇਤੀ ਸਮੱਗਰੀ ਵਿਕ੍ਰੇਤਾ ,ਖੇਤੀਬਾੜੀ ਵਿਭਾਗ ਅਤੇ ਕਿਸਾਨਾਂ ਵਿੱਚ ਅਹਿਮ ਕੜੀ ਦਾ ਕੰਮ ਕਰਦੇ ਹਨ ਅਤੇ ਕਿਸਾਨਾਂ ਨੂੰ ਮਿਆਰੀ ਪੱਧਰ ਦੀ ਖੇਤੀਬਾੜੀ ਸਮੱਗਰੀ ਮਹਈਆ ਕਰਵਾਉਣ ਨੂੰ ਯਕੀਨੀ ਬਣਾਉਣਾ ਚਾਹੀਦਾ l
 ਉਨ੍ਹਾਂ ਕਿਹਾ ਕਿ ਖੇਤੀਬਾੜੀ ਸਮੱਗਰੀ ਵਿਕਰੇਤਾਵਾਂ ਨੂੰ ਖੇਤੀ ਤਕਨੀਕਾਂ ਦੀ ਜਾਣਕਾਰੀ ਪੱਖੋਂ ਵੀ ਮਜ਼ਬੂਤ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਤੀ ਤਕਨੀਕ ਪੱਖੋਂ ਮਜ਼ਬੂਤ ਹੋਣ ਲਈ ਹਰੇਕ ਡੀਲਰ ਦੇ ਕਾਉਂਟਰ ਉਪਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਪ੍ਰਕਾਸ਼ਤ ਕੀਤੀ ਜਾਂਦੀ ਹਾੜੀ-ਸਾਉਣੀ ਦੀਆ ਫਸਲਾਂ ਦੀਆਂ ਕਾਸ਼ਤਕਾਰੀ ਸਿਫਾਰਸ਼ਾਂ ਦੀ ਕਿਤਾਬ ਅਤੇ ਚੰਗੀ ਖੇਤੀ ਮੈਗਜ਼ੀਨ ਹੋਣਾ ਚਾਹੀਦਾ ਹੈ।
ਉਨ੍ਹਾਂ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ ਉਹਨਾਂ ਇਹ ਵੀ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ , ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਹੀ ਕਿਸਾਨਾਂ ਨੂੰ ਸੇਲ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ ।
ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ।

Leave a Reply

Your email address will not be published. Required fields are marked *