ਡੇਂਗੂ ਰੋਕਥਾਮ ਲਈ ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਸਿਵਲ ਸਰਜਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਪ੍ਰੈਲ, 2024:

ਮੱਛਰ ਦੀ ਪੈਦਾਇਸ਼ ਦੇ ਚਾਲੂ ਮੌਸਮ ਦੌਰਾਨ ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ । ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਕਿਹਾ ਕਿ ਡੇਂਗੂ ਜਿਹੇ ਮਾਰੂ ਬੁਖ਼ਾਰ ਤੋਂ ਬਚਾਅ ਲਈ ਸਾਰਿਆਂ ਨੂੰ ਜਾਗਰੂਕ ਹੋਣ ਅਤੇ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਕਰਕੇ ਡੇਂਗੂ ਬੁਖ਼ਾਰ ਹੋ ਜਾਂਦਾ ਹੈ, ਜੋ ਕਾਫ਼ੀ ਖ਼ਤਰਨਾਕ ਹੈ ਅਤੇ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਇਹ ਮੱਛਰ ਖੜੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ  ਟੀਮਾਂ ਲੋਕਾਂ ਨੂੰ ਇਸ ਬੀਮਾਰੀ ਤੋਂ ਬਚਾਉਣ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਰ੍ਹਾਂ ਡਟੀਆਂ ਹੋਈਆਂ ਹਨ। ਇਹ ਟੀਮਾਂ ਉਚ ਜੋਖਮ ਵਾਲੇ ਖੇਤਰਾਂ ਅਤੇ ਹੋਰ ਖੇਤਰਾਂ ਵਿਚ ਜਾ ਕੇ ਜਾਂਚ ਦਾ ਕੰਮ ਰਹੀਆਂ ਹਨ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ਦੇ ਸਾਰੇ ਸਿਹਤ ਬਲਾਕਾਂ ਅਧੀਨ ਪੈਂਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਜਾਂਚ ਤੇ ਜਾਗਰੂਕਤਾ ਮੁਹਿੰਮ ਜੰਗੀ ਪੱਧਰ ’ਤੇ ਚੱਲ ਰਹੀ ਹੈ।
ਸਿਹਤ ਅਧਿਕਾਰੀਆਂ ਨੇ ਇਹ ਵੀ ਆਖਿਆ ਕਿ  ਜੇ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਉਨ੍ਹਾਂ ਆਖਿਆ ਕਿ  ਆਮ ਤੌਰ ’ਤੇ ਹਰ ਕਿਸਮ ਦੇ ਬੁਖ਼ਾਰ ਦੌਰਾਨ ਸਰੀਰ ਵਿਚਲੇ ਪਲੇਟਲੈੱਟਸ ਘੱਟ ਜਾਂਦੇ ਹਨ। ਬੱਕਰੀ ਦਾ ਦੁੱਧ, ਕੀਵੀ ਫਲ ਜਾਂ ਨਾਰੀਅਲ ਦਾ ਪਾਣੀ ਵਿਸ਼ੇਸ਼ ਤੌਰ ’ਤੇ ਪਲੇਟਲੈੱਟਸ ਵਧਾਉਣ ਵਿਚ ਸਹਾਈ ਨਹੀਂ ਹੁੰਦੇ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਰੋਜ਼ਾਨਾ ਘੱਟੋ-ਘੱਟ ਦੋ ਲੀਟਰ ਪਾਣੀ ਦਾ ਸੇਵਨ ਕੀਤਾ ਜਾਵੇ ਜੋ ਆਮ ਤੰਦਰੁਸਤ ਵਿਅਕਤੀ ਲਈ ਵੀ ਫ਼ਾਇੰਦੇਮੰਦ ਹੁੰਦਾ ਹੈ। ਤਰਲ ਪਦਾਰਥ ਜਿਥੇ ਸਰੀਰ ਵਿਚ ਪਾਣੀ ਦੀ ਕਮੀ ਨਹੀਂ ਹੋਣ ਦਿੰਦੇ, ਉਥੇ ਸਰੀਰ ਨੂੰ ਜ਼ਰੂਰੀ ਪੋਸ਼ਕ ਵੀ ਦਿੰਦੇ ਹਨ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਡੇਂਗੂ ਬੁਖ਼ਾਰ ਦੇ ਲੱਛਣ
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ। ਇਨ੍ਹਾਂ ਵਿਚ ਪਾਣੀ ਖੜਾ ਨਾ ਹੋਣ ਦਿਤਾ ਜਾਵੇ।

Leave a Reply

Your email address will not be published. Required fields are marked *