Monday, March 16
Shadow

ਮੰਡੀਆਂ ’ਚ ਖ਼ਰੀਦੀ ਗਈ ਕਣਕ ਦੀ ਲਿਫਟਿੰਗ ’ਚ ਲਿਆਂਦੀ ਜਾਵੇ ਤੇਜ਼ੀ : ਵਿਨਿਤ ਕੁਮਾਰ

ਫਰੀਦਕੋਟ, 24 ਅਪ੍ਰੈਲ 2024

          ਡਿਪਟੀ ਕਮਿਸ਼ਨਰ ਸ਼੍ਰੀ ਵਿਨਿਤ ਕੁਮਾਰ ਨੇ ਦਾਣਾ ਮੰਡੀ ਫਰੀਦਕੋਟ ਦਾ ਦੌਰਾ ਕਰਦਿਆਂ ਖ਼ਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿਚ ਖ਼ਰੀਦੀ ਗਈ ਕਣਕ ਦੀ ਲਿਫਟਿੰਗ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਇਸ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਮੰਡੀਆਂ ਵਿਚ ਕਣਕ ਵੇਚਣ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨ ਦਾ ਸਾਹਮਣਾ ਨਾ ਕਰਨਾ ਪਵੇ।

          ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 22,1799 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਜਿਸ ਵਿੱਚੋਂ 19,0193 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 46,079 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵੱਲੋਂ 56,165, ਪਨਸਪ ਵੱਲੋਂ 42,085, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 28,503 ਅਤੇ ਵਪਾਰੀਆਂ ਵੱਲੋਂ 17,558 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

          ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਮੰਡੀਆਂ ਵਿਚ ਕਣਕ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਰਾਤ ਨੂੰ ਕੰਬਾਇਨਾਂ ਨਾਲ ਕਣਕ ਦੀ ਕਟਾਈ ਨਾ ਕੀਤੀ ਜਾਵੇ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ।

          ਮੰਡੀ ਦੇ ਦੌਰੇ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ ਫਰੀਦਕੋਟ ਡਾ. ਵਰੁਣ ਕੁਮਾਰ ਅਤੇ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਵੰਦਨਾ ਕੰਬੋਜ ਵੀ ਮੌਜੂਦ ਸਨ।

Leave a Reply

Your email address will not be published. Required fields are marked *