Wednesday, August 19
Shadow

ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 7 ਮਈ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ ਕੀਤੀਆਂ ਹਨ। ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ’ਤੇ ਪੂਰਨ ਪਾਬੰਦੀ ਲਗਾਈ ਹੈ।

ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਮੇਲੇ, ਧਾਰਮਿਕ ਜਲੂਸ, ਵਿਆਹ-ਸ਼ਾਦੀ, ਜਲੂਸ ਜਾਂ ਕਿਸੇ ਹੋਰ ਇਕੱਠ ਜਾਂ ਕਿਸੇ ਵਿਦਿਅਕ ਅਦਾਰੇ, ਕੈਂਪਸ ਦੀ ਹਦੂਦ ਅੰਦਰ ਜਾਂ ਅਹਾਤੇ ਅੰਦਰ ਕੋਈ ਵੀ ਵਿਅਕਤੀ ਹਥਿਆਰ ਨਹੀਂ ਲੈ ਕੇ ਜਾਵੇਗਾ। ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਸਥਾਨ ‘ਤੇ ਕੋਈ ਵੀ ਜਨਤਾ ਦਾ ਮੈਂਬਰ ਕਿਸੇ ਵੀ ਤਿੱਖੇ ਧਾਰ ਵਾਲੇ ਹਥਿਆਰਾਂ/ਬੰਦੂਕ ਹਥਿਆਰਾਂ ਸਮੇਤ ਹਥਿਆਰਾਂ ਦੀ ਨਿਸ਼ਾਨਦੇਹੀ ਜਾਂ ਪ੍ਰਦਰਸ਼ਨ ਨਹੀਂ ਕਰੇਗਾ। ਇਸੇ ਤਰ੍ਹਾਂ ਲਾਈਵ ਸ਼ੋਅ ਵਿੱਚ ਵੀ ਕਿਸੇ ਵੀ ਗੀਤ ਵਿੱਚ ਸ਼ਰਾਬ, ਵਾਈਨ, ਨਸ਼ਿਆਂ ਅਤੇ ਹਿੰਸਾ ਦੀ ਵਡਿਆਈ ਕਰਦੇ ਗੀਤ ਚਲਾਉਣ ਤੇ ਵੀ ਪਾਬੰਦੀ ਲਗਾਈ ਗਈ ਹੈ।

ਹੁਕਮ ਅਨੁਸਾਰ ਜਨਤਾ ਦਾ ਕੋਈ ਵੀ ਮੈਂਬਰ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਕਰਨ ਵਾਲੀ ਕੋਈ ਤਸਵੀਰ ਜਾਂ ਵੀਡੀਓ ਅਪਲੋਡ ਨਹੀਂ ਕਰੇਗਾ ਅਤੇ ਨਾ ਹੀ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਵਰਤੋਂ ਦੀ ਵਡਿਆਈ ਕਰਨ ਵਾਲਾ ਕੋਈ ਟੈਕਸਟ ਪੋਸਟ ਪਾਵੇਗਾ ਤੇ ਨਾ ਹੀ ਸ਼ੇਅਰ ਕਰੇਗਾ। ਕੋਈ ਵੀ ਵਿਅਕਤੀ ਕਿਸੇ ਵੀ ਸਮਾਗਮ/ਕਾਰਜ/ਪ੍ਰੋਗਰਾਮ ਆਦਿ ਵਿੱਚ ਕੋਈ ਅਜਿਹਾ ਗੀਤ ਨਹੀਂ ਗਾਏਗਾ ਅਤੇ ਨਾ ਹੀ ਅਜਿਹਾ ਕੋਈ ਨਾਟਕ ਖੇਡੇਗਾ ਜਿਸ ਨਾਲ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਹੁੰਦੀ ਹੋਵੇ। ਆਰਮਡ ਫੋਰਸਿਜ਼ ਦੇ ਮੈਂਬਰਾਂ, ਪੁਲਿਸ, ਹੋਮ ਗਰੇਡਾਂ ਜਾਂ ਅਜਿਹੇ ਹੋਰ ਸਰਕਾਰੀ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਕੋਲ ਰਾਜ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਥਿਆਰ ਹਨ। ਜੋ ਸੁਰੱਖਿਆ ਗਾਰਡਾਂ ਦੇ ਕਰਮਚਾਰੀ ਵਿਦਿਅਕ ਤੇ ਵਪਾਰਕ ਅਦਾਰੇ ਹੋਟਲ ਵਿਆਹ ਸਥਾਨ ਆਦਿ ਤੇ ਆਪਣੀ ਡਿਊਟੀ ਨਿਭਾ ਰਹੇ ਹਨ ‘ਤੇ ਵੀ ਲਾਗੂ ਨਹੀਂ ਹੋਵੇਗਾ।

ਜਾਰੀ ਹੋਰ ਹੁਕਮ ਮੁਤਾਬਿਕ ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ‘ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ।

ਜਾਰੀ ਹੁਕਮ ਅਨੁਸਾਰ ਸਿਵਲ ਸਰਜਨ ਬਠਿੰਡਾ ਦੇ ਪੱਤਰ ਉੱਤੇ ਕੀਤੀ ਗਈ ਕਾਰਵਾਈ ਸਬੰਧੀ ਜਾਰੀ ਕੀਤਾ ਗਿਆ ਹੈ। ਸਿਵਲ ਸਰਜਨ ਨੇ ਆਪਣੀ ਰਿਪੋਰਟ ‘ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵੱਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਕੈਪਸੂਲ ਦੀ ਵਿਕਰੀ ‘ਤੇ ਧਾਰਾ 144 ਸੀ.ਆਰ.ਪੀ.ਸੀ ਤਹਿਤ ਮੁਕੰਮਲ ਤੌਰ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ।

ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗਾਬਾਲਿਨ 75 ਐਮਜੀ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਪ੍ਰੀਗਾਬਾਲਿਨ (75 ਮਿਲੀਗ੍ਰਾਮ ਤੱਕ) ਦੀ ਖਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾ, ਉਹ ਇਨ੍ਹਾਂ ਵੇਰਵਿਆਂ  ਕੈਮਿਸਟ/ਰਿਟੇਲਰ ਦਾ ਵਪਾਰਕ ਨਾਮ, ਵੰਡਣ ਦੀ ਮਿਤੀ, ਵੰਡੀਆਂ ਗਈਆਂ ਗੋਲੀਆਂ ਦੀ ਸੰਖਿਆ ਵਾਲੀ ਅਸਲ ਪਰਚੀ ‘ਤੇ ਮੋਹਰ ਵੀ ਲਗਾਉਣਾ ਯਕੀਨੀ ਬਣਾਉਣਗੇ।

ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਵਾਲੇ ਸਲਿੱਪ ਦੀ ਸਹੀ ਪੜਚੋਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ ਕੈਪਸੂਲ/ਟੈਬਲੇਟ ਦੀ ਅਸਲ ਸਲਿੱਪ ਦੇ ਵਿਰੁੱਧ ਪਹਿਲਾਂ ਕਿਸੇ ਹੋਰ ਡਰੱਗ ਵਿਕਰੇਤਾ ਦੁਆਰਾ ਉਪਰੋਕਤ ਕੈਪਸੂਲ ਨਹੀਂ ਦਿੱਤਾ ਗਿਆ ਹੈ। ਉਹ ਇਹ ਵੀ ਯਕੀਨੀ ਬਣਾਉਣਗੇ ਕਿ ਦਿੱਤੀਆਂ ਜਾ ਰਹੀਆਂ ਗੋਲੀਆਂ/ਕੈਪਸੂਲ ਦੀ ਗਿਣਤੀ ਸਲਿੱਪ ਤੇ ਲਿਖੇ ਮਿਆਦ ਤੋਂ ਵੱਧ ਨਹੀਂ ਹੋਣੀਆਂ ਚਾਹੀਦੀਆ।

ਹੁਕਮ ਦੀ ਕਿਸੇ ਵੀ ਉਲੰਘਣਾ ‘ਤੇ ਭਾਰਤੀ ਦੰਡਾਵਲੀ, 1860 ਦੀ ਧਾਰਾ 188 ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

     ਇਹ ਹੁਕਮ 5-7-2024 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *